ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਸਿਹਤ ਮੰਤਰੀ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 20 ਅਪਰੈਲ
ਸਿਹਤ ਮੰਤਰੀ ਬਲਬੀਰ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਫਲਤਾ ਪੂਰਵਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਹ ਇਥੇ ਮੁਹਿੰਮ ਦਾ ਜਾਇਜ਼ਾ ਲੈਣ ਵਾਸਤੇ ਪੁੱਜੇ ਸਨ। ਇਸ ਮੌਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ, ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ, ਡਾ. ਅਖਿਲ ਚੌਧਰੀ ਸੀਨੀਅਰ ਪੁਲੀਸ ਕਪਤਾਨ, ਡਾ. ਜਗਦੀਪ ਸਿੰਘ ਚਾਵਲਾ ਸਿਵਲ ਸਰਜਨ ਤੇ ਹੋਰ ਮੌਜੂਦ ਸਨ।
ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਨਸ਼ਾ ਤਸਕਰਾਂ ਨੇ ਹੱਥ ਖੜ੍ਹੇ ਕਰ ਦਿੱਤੇ ਹਨ ਤੇ ਨਸ਼ੇ ਦੇ ਮਰੀਜ਼ ਨਸ਼ਾ ਛੱਡਣ ਲਈ ਡਾਕਟਰੀ ਸਹਾਇਤਾ ਲੈ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੇ ਨਸ਼ੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਉਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਗਏ ਹਨ ਜਿੱਥੇ ਨਾ ਕੇਵਲ ਨਸ਼ਾ ਛੁਡਵਾਇਆ ਜਾਂਦਾ ਹੈ ਬਲਕਿ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਦਾ ਭਵਿੱਖ ਸਬੰਧੀ ਵੀ ਮਾਰਗ ਦਰਸ਼ਨ ਕੀਤਾ ਜਾਂਦਾ ਹੈ।
ਫਰੀਦਕੋਟ (ਕਮਲਜੀਤ ਕੌਰ): ਇਥੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਡੀ.ਸੀ ਦਫਤਰ ਫਰੀਦਕੋਟ ਵਿਖੇ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਂਖੋਂ, ਪੂਨਮਦੀਪ ਕੌਰ ਡਿਪਟੀ ਕਮਿਸ਼ਨਰ, ਡਾ. ਪ੍ਰੱਗਿਆ ਜੈਨ ਐੱਸਐੱਸਪੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਉਥੇ ਹੀ ਜ਼ਿਲ੍ਹਾ ਫਰੀਦਕੋਟ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ 300 ਹੋਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਨਾਲ ਨਸ਼ਿਆ ਤੋਂ ਪੀੜਤ ਲੋਕਾਂ ਨੂੰ ਇਲਾਜ ਲਈ ਵੱਡੀ ਸਹੂਲਤ ਮਿਲੇਗੀ।
ਫਾਜ਼ਿਲਕਾ (ਪਰਮਜੀਤ ਸਿੰਘ): ਸਿਹਤ ਮੰਤਰੀ ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਸਿਹਤ ਮੰਦ ਸਮਾਜ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਆਧਾਰ ਬਣੇਗਾ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਨਸ਼ਾ ਮੁਕਤੀ ਕੇਂਦਰਾਂ ਵਿੱਚ ਉਪਲਬੱਧ 110 ਬਿਸਤਰਿਆਂ ਤੋਂ ਇਲਾਵਾ 230 ਹੋਰ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਥੇ ਪੁੱਜਣ ’ਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ।