ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪੁਲੀਸ ਦੀ ਕਥਿਤ ਲਾਪ੍ਰਵਾਹੀ ਕਾਰਨ ਸਿਰਸਾ ਜ਼ਿਲ੍ਹਾ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਛੋਟੇ ਕਸਬਿਆਂ ਦੇ ਮੈਡੀਕਲ ਸਟੋਰਾਂ ਵਿੱਚ ਨਸ਼ੇ ਖੁੱਲ੍ਹੇਆਮ ਵੇਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਨੌਜਵਾਨਾਂ ਦੀਆਂ ਮੌਤਾਂ ਨੂੰ ਅਣਗੌਲਿਆਂ ਕਰ ਰਹੀ ਹੈ।
ਕੁਮਾਰੀ ਸ਼ੈਲਜਾ ਨੇ ਕਿਹਾ ਕਿ ਨੌਜਵਾਨ ਜ਼ਿਆਦਾ ਮੈਡੀਕਲ ਨਸ਼ਿਆਂ ਦਾ ਸੇਵਨ ਕਰ ਰਹੇ ਹਨ। ਨਸ਼ਾਖੋਰੀ ਇੱਕ ਬਿਮਾਰੀ ਹੈ ਜੋ ਇੱਕ ਵਿਅਕਤੀ ਦੇ ਦਿਮਾਗ ਅਤੇ ਵਿਵਹਾਰ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਕਾਨੂੰਨੀ ਜਾਂ ਗੈਰ-ਕਾਨੂੰਨੀ ਨਸ਼ਿਆਂ ਦੀ ਖ਼ਪਤ ਨੂੰ ਕੰਟਰੋਲ ਕਰਨ ਦੇ ਯੋਗ ਨਾ ਹੋਣ ਦੀ ਸਥਿਤੀ ਪੈਦਾ ਕਰਦੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਮੈਡੀਕਲ ਨਸ਼ੇ ਆਸਾਨੀ ਨਾਲ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਿਰਸਾ ਇਸ ਲਈ ਬਦਨਾਮ ਹੋਣ ਲੱਗਾ ਹੈ, ਪੰਜਾਬ ਦੇ ਨੌਜਵਾਨ ਵੀ ਆਪਣੀ ਨਸ਼ਿਆਂ ਦੀ ਪੂਰਤੀ ਲਈ ਡੱਬਵਾਲੀ, ਕਾਲਾਂਵਾਲੀ, ਰੋੜੀ ਆਉਣ ਲੱਗ ਪਏ ਹਨ। ਜਦੋਂ ਤੋਂ ਇਹ ਨਸ਼ਾ ਵਧਿਆ ਹੈ, ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ। ਜ਼ਿਲ੍ਹੇ ਵਿੱਚ ਸਭ ਤੋਂ ਵੱਧ ਮੌਤਾਂ ਰੋੜੀ ਖੇਤਰ ਵਿੱਚ ਹੋਈਆਂ ਹਨ। ਹੁਣ ਹੋਰ ਖੇਤਰ ਵੀ ਇਸ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਇੱਕ ਵੀ ਦਿਨ ਵੀ ਅਜਿਹਾ ਨਹੀਂ ਲੰਘਦਾ ਜਦੋਂ ਕਿਸੇ ਨਾ ਕਿਸੇ ਪਿੰਡ ਕਿਸੇ ਨੌਜਵਾਨ ਦੀ ਮੌਤ ਨਸ਼ਿਆਂ ਕਾਰਨ ਨਾ ਹੋਈ ਹੋਵੇ। ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭਾਜਪਾ ਸਰਕਾਰ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਸੰਸਦ ਮੈਂਬਰ ਨੇ ਮੰਗ ਕੀਤੀ ਕਿ ਨਸ਼ੇ ਅਤੇ ਕੈਪਸੂਲ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣ ਅਤੇ ਅਜਿਹੇ ਸਟੋਰ ਸੰਚਾਲਕਾਂ ਨੂੰ ਬਲੈਕਲਿਸਟ ਕੀਤਾ ਜਾਵੇ।