ਖੇਤਰੀ ਪ੍ਰਤੀਨਿਧ
ਬਰਨਾਲਾ, 14 ਜੂਨ
ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਵੱਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਸਖ਼ਤ ਵਿਰੋਧ ਕੀਤਾ ਗਿਆ। ਜਥੇਬੰਦੀ ਨੇ ਲੰਘੇ ਦਿਨੀਂ ਚੰਡੀਗੜ੍ਹ ਵੱਲ ਵਧ ਰਹੇ ਵਿਦਿਆਰਥੀਆਂ ਦੇ ਕਾਫ਼ਲੇ ’ਤੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ ਅਤੇ ਤਿੱਖੀ ਖਿੱਚਧੂਹ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਕੁਮਾਰ ਨੇ ਕਿਹਾ ਕਿ ਵਿਰੋਧ ਕਰ ਰਹੇ ਵਿਦਿਆਰਥੀਆਂ ਉੱਪਰ ਪੰਜਾਬ ਪੁਲੀਸ ਵੱਲੋਂ ਕੀਤੀ ਧੱਕੇਸ਼ਾਹੀ, ਪੰਜਾਬ ਦੀ ‘ਆਪ’ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਇਕਸੁਰ ਹੋਣ ਦਾ ਪ੍ਰਗਟਾਵਾ ਹੈ। ਡੀ.ਟੀ.ਐੱਫ. ਆਗੂਆਂ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਦੀ ਸਾਂਝੀ ਵਿਰਾਸਤ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਦੇ ਨਿੱਜੀਕਰਨ, ਕੇਂਦਰੀਕਰਨ ਦੇ ਏਜੰਡੇ ਤੋਂ ਬਚਾਉਣ ਲਈ ਹਰ ਸੰਘਰਸ਼ੀ ਹਿੱਸੇ ਨੂੰ ਮੈਦਾਨ ਵਿੱਚ ਨਿੱਤਰਨਾ ਚਾਹੀਦਾ ਹੈ। ਇਸ ਮੌਕੇ ਗੁਰਮੇਲ ਭੁਟਾਲ, ਸੁਖਦੀਪ ਤਪਾ ਤੇ ਨਿਰਮਲ ਚੁਹਾਣਕੇ, ਬਲਾਕ ਪ੍ਰਧਾਨ ਸੱਤਪਾਲ ਬਾਂਸਲ, ਅੰਮ੍ਰਿਤਪਾਲ ਕੋਟਦੁੰਨਾ ਤੇ ਮਾਲਵਿੰਦਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।