DTF Punjab Demands: ਅਧਿਆਪਕਾਂ ਨੇ ਮੀਤ ਹੇਅਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ
ਲਾਜ਼ਮੀ ਕੀਤੇ ਟੈੱਟ ਦੀ ਸ਼ਰਤ ਤੋਂ ਛੋਟ ਲਈ ਆਰ ਟੀ ਈ ਐਕਟ ਵਿੱਚ ਸੋਧ ਦੀ ਮੰਗ
ਅਧਿਆਪਕ ਸੰਸਥਾਵਾਂ ਦੇ ਸਾਂਝੇ ਸੱਦੇ ’ਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਰਾਹੀਂ ਅਧਿਆਪਕਾਂ ਲਈ ਲਾਜ਼ਮੀ ਕੀਤੇ ਟੈੱਟ ਦੀ ਸ਼ਰਤ ਤੋਂ ਛੋਟ ਦੇਣ ਲਈ ਸਿੱਖਿਆ ਦੇ ਅਧਿਕਾਰ (ਆਰ ਟੀ ਈ) ਕਾਨੂੰਨ ਵਿੱਚ ਸੋਧ ਕਰਨ ਦੀ ਮੰਗ ਨੂੰ ਲੈ ਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਬਰਨਾਲਾ ਕਲੱਬ ਵਿੱਚ ਮੰਗ ਪੱਤਰ ਦਿੱਤਾ ਗਿਆ ਹੈ। ਇਸ ਮੌਕੇ ਮੰਗ ਕੀਤੀ ਗਈ ਕਿ ਪਾਰਲੀਮੈਂਟ ਦੇ ਆਗਾਮੀ ਮੌਨਸੂਨ ਸੈਸ਼ਨ ਦੌਰਾਨ ਇਸ ਮੁੱਦੇ ਨੂੰ ਰੱਖਿਆ ਜਾਵੇ ਅਤੇ ਸਮਰਥਨ ਕੀਤਾ ਜਾਵੇ।
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਰੋਸਾ ਦਿੱਤਾ ਕਿ ਉਹ ਲੋਕ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਟੈੱਟ ਤੋਂ ਛੋਟ ਸਬੰਧੀ ਮੁੱਦਾ ਜ਼ਰੂਰ ਉਭਾਰਨਗੇ। ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ ਤੇ ਜ਼ਿਲ੍ਹਾ ਸਕੱਤਰ ਨਿਰਮਲ ਚੁਹਾਣਕੇ ਨੇ ਦੱਸਿਆ ਕਿ ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ ਵੱਲੋਂ 23 ਅਗਸਤ 2010 ਨੂੰ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਦੀ ਧਾਰਾ 4 ਅਤੇ 5 ਵਿਚ ਇਨ-ਸਰਵਿਸ ਅਧਿਆਪਕਾਂ ਨੂੰ ਲਾਜ਼ਮੀ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਤੋਂ ਛੋਟ ਦਿੱਤੀ ਗਈ ਸੀ ਅਤੇ ਸਾਫ਼ ਤੌਰ ’ਤੇ ਇਹ ਵਿਵਸਥਾ ਕੀਤੀ ਗਈ ਸੀ ਕਿ ਇਹ ਲਾਜ਼ਮੀ ਸ਼ਰਤ ਰਿਟਰੋਸਪੈਕਟਿਵ (ਪਿਛਲੀ ਤਾਰੀਖ ਤੋਂ) ਲਾਗੂ ਨਹੀਂ ਹੋਵੇਗੀ। ਸੁਪਰੀਮ ਕੋਰਟ ਵੱਲੋਂ 1 ਸਤੰਬਰ 2025 ਨੂੰ ਸੁਣਾਏ ਫ਼ੈਸਲੇ ਤੋਂ ਬਾਅਦ ਇਹ ਨੋਟੀਫਿਕੇਸ਼ਨ ਦਾ ਸੁਰੱਖਿਆ ਪ੍ਰਭਾਵ ਖਤਮ ਹੋ ਗਿਆ ਹੈ। ਇਸ ਕਰ ਕੇ ਆਰ ਟੀ ਈ ਐਕਟ-2009 ਲਾਗੂ ਹੋਣ ਤੋਂ ਪਹਿਲਾਂ ਨਿਯਮਤ ਤੌਰ ’ਤੇ ਨਿਯੁਕਤ ਕੀਤੇ ਗਏ ਅਧਿਆਪਕਾਂ ਉੱਤੇ ਵੀ ਟੀ ਈ ਟੀ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਰਮਨ ਸਿੰਗਲਾ, ਸੁਖਵਿੰਦਰ ਪੂਨਮ, ਮਾਲਵਿੰਦਰ ਬਰਨਾਲਾ, ਅੰਮ੍ਰਿਤਪਾਲ ਕੋਟਦੁੱਨਾ, ਕੁਲਦੀਪ ਕੌਰ, ਪਲਵਿੰਦਰ ਠੀਕਰੀਵਾਲ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਕੁਲਦੀਪ ਸੰਘੇੜਾ, ਭੁਪਿੰਦਰ ਸੇਖਾ, ਸੁਖਵਿੰਦਰ ਸੁੱਖ, ਸੁਨੀਲ ਕੱਟੂ, ਬਲਜਿੰਦਰ ਅਕਲੀਆ, ਰੌਬਿਨ ਕਾਂਸਲ, ਬਿਕਰਮਜੀਤ ਖੁੱਡੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਡੀ ਟੀ ਐੱਫ ਮਾਸਟਰ ਪ੍ਰੇਮ ਕੁਮਾਰ ਹਾਜ਼ਰ ਸਨ।
ਅਧਿਆਪਕਾਂ ਨੇ ਸਰਕਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ
ਭਦੌੜ (ਰਾਜਿੰਦਰ ਵਰਮਾ): ਛੁੱਟੀ ਵਾਲੇ ਦਿਨ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਰਹਿਣ ਦੇ ਕੀਤੇ ਗਏ ਨਾਦਰਸ਼ਾਹੀ ਫੈਸਲੇ ਵਿਰੁੱਧ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਭਦੌੜ ਵਿੱਚ ਰਾਜੀਵ ਕੁਮਾਰ ਜ਼ਿਲ੍ਹਾ ਪ੍ਰਧਾਨ ਡੀ ਟੀ ਐੱਫ ,ਬਲਾਕ ਸਕੱਤਰ ਡੀ ਟੀ ਐੱਫ ਦਵਿੰਦਰ ਸਿੰਘ ਤਲਵੰਡੀ , ਬੀ ਐੱਡ ਫਰੰਟ ਦੇ ਸੰਦੀਪ ਕੁਮਾਰ ਡਿੰਪਲ, ਪ੍ਰਿੰਸੀਪਲ ਮੈਡਮ ਵਸੁੰਧਰਾ, ਮਾ. ਵਿਸ਼ਾਲ ਉੱਪਲ ਨੇ ਇਸ ਨਾਦਰਸ਼ਾਹੀ ਫੈਸਲੇ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਪੱਤਰ ਜਾਰੀ ਕਰ ਕੇ ਸਮੂਹ ਅਧਿਆਪਕਾਂ ਨੂੰ 11 ਅਤੇ 12 ਜੁਲਾਈ ਨੂੰ ਛੁੱਟੀਆਂ ਵਾਲੇ ਦਿਨ ਬੇਵਜਾ ਸਕੂਲਾਂ ਵਿੱਚ ਹਾਜ਼ਰ ਰੱਖਣ ਦੇ ਵਿਰੋਧ ਵਿਚ ਅੱਜ ਇੱਥੇ ਪ੍ਰਦਰਸ਼ਨ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਐੱਸ ਆਈ ਆਰ ਸਬੰਧੀ ਅਧਿਆਪਕ ਪੂਰੀ ਤਨਦੇਹੀ ਨਾਲ ਕੰਮ ਕਰੇ ਹਨ ਪਰ ਪੰਜਾਬ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ।

