ਖੇਤਰੀ ਪ੍ਰਤੀਨਿਧ
ਬਰਨਾਲਾ, 13 ਮਈ
ਡੀ.ਟੀ.ਐੱਫ. ਵੱਲੋਂ ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ਨਵੀਆਂ ਦੇ ਇਸ਼ਤਿਹਾਰ ਜਾਰੀ ਕਰਨ, ਕੱਚੇ ਅਧਿਆਪਕਾਂ, ਨਾਨ ਟੀਚਿੰਗ ਤੇ ਕੰਪਿਊਟਰ ਫੈਕਲਟੀ ਨੂੰ ਪੂਰੇ ਤਨਖਾਹ ਸਕੇਲਾਂ ’ਤੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਨਵੀਂ ਪੈਨਸ਼ਨ ਸਕੀਮ ਅਧੀਨ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਡੀ.ਟੀ.ਐੱਫ. ਦੇ ਸੂਬਾਈ ਆਗੂ ਗੁਰਮੀਤ ਸੁਖਪੁਰ ਤੇ ਰਾਜੀਵ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਪਹਿਲਾਂ ਤੋਂ ਹੀ ਪ੍ਰਕਿਰਿਆ ਅਧੀਨ 35 ਹਜ਼ਾਰ ਤੋਂ ਵਧੇਰੇ ਅਸਾਮੀਆਂ ਪ੍ਰੀ-ਪ੍ਰਾਇਮਰੀ ਦੀ 8393, ਈ.ਟੀ.ਟੀ. ਦੀ 2364, 6635 + 22 ਅਤੇ 5994 ਭਰਤੀ, ਮਾਸਟਰ ਕਾਡਰ ਦੀ 4161, ਪੀ.ਟੀ.ਆਈ. ਦੀ 643, ਆਰਟ ਐਂਡ ਕਰਾਫਟ, ਲੈਕਚਰਾਰ ਦੀ 343 ਭਰਤੀ, ਕਲਰਕਾਂ ਦੀ ਭਰਤੀ ਅਤੇ 25 ਫ਼ੀਸਦ ਸਿੱਧੀ ਭਰਤੀ ਕੋਟੇ ਅਨੁਸਾਰ ਸਕੂਲ ਮੁਖੀਆਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰਕੇ ਫੌਰੀ ਨਿਯੁਕਤੀ ਪੱਤਰ ਜਾਰੀ ਕਰਨ ਦੀ ਲੋੜ ਹੈ।
ਬਠਿੰਡਾ (ਪੱਤਰ ਪ੍ਰੇਰਕ): ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਨਰਲ ਸਕੱਤਰ ਰਾਜੇਸ਼ ਮੌਂਗਾ, ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ, ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ ਨੇ ਮੰਗ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ।