ਖੇਤਰੀ ਪ੍ਰਤੀਨਿਧ
ਬਰਨਾਲਾ, 14 ਜੁਲਾਈ
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵੱਲੋਂ ਐੱਸਐੱਸਏ, ਰਮਸਾ, ਆਦਰਸ਼ ਤੇ ਮਾਡਲ ਸਕੂਲਾਂ ਦੇ ਰੈਗੂਲਰ ਹੋਏ 8886 ਅਧਿਆਪਕਾਂ ਵਿੱਚੋਂ ਸੰਘਰਸ਼ਾਂ ਦੌਰਾਨ ਮੋਹਰੀ ਭੂਮਿਕਾ ਨਿਭਾਉਣ ਵਾਲੇ ਅਧਿਆਪਕ ਆਗੂ ਹਰਿੰਦਰ ਪਟਿਆਲਾ ਅਤੇ ਨਵਲਦੀਪ ਸ਼ਰਮਾ ਦੇ ਪੱਖਪਾਤੀ ਢੰਗ ਨਾਲ ਰੋਕੇ ਰੈਗੂਲਰ ਆਰਡਰ ਜਾਰੀ ਕਰਵਾਉਣ ਦੀ ਮੰਗ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਰਾਹੀਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ, ਜਨਰਲ ਸਕੱਤਰ ਰਾਜੀਵ ਕੁਮਾਰ, ਵਿੱਤ ਸਕੱਤਰ ਬਲਜਿੰਦਰ ਪ੍ਰਭੂ ਅਤੇ ਸੂਬਾ ਕਮੇਟੀ ਮੈਂਬਰ ਗੁਰਮੇਲ ਭੁਟਾਲ ਦੱਸਿਆ ਕਿ ਮੀਟਿੰਗ ਵਿੱਚ ਹੋਏ ਫ਼ੈਸਲੇ ਦੇ ਬਾਵਜੂਦ ਵਾਜ਼ਬਿ ਮੰਗ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਰੈਗੂਲਰ ਦੀ ਆਪਸ਼ਨ ਲੈ ਚੁੱਕੇ ਦੋ ਅਧਿਆਪਕਾਂ ਦੀ ਪੈਂਡਿੰਗ ਰੈਗੂਲਰਾਈਜੇਸ਼ਨ ਅਤੇ ਸਾਰੇ ਤਨਖਾਹ ਬਕਾਏ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹਾਲੇ ਤੱਕ ਮੁਕੰਮਲ ਨਹੀਂ ਕੀਤਾ ਗਿਆ ਹੈ। ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਸੂਬਾ ਪੱਧਰੀ ਗੁਪਤ ਐਕਸ਼ਨ ਦਾ ਐਲਾਨ ਕੀਤਾ ਹੈ।