ਪਰਾਲੀ ਸਾੜਨ ਦੇ ਕੇਸ 75 ਫ਼ੀਸਦੀ ਘਟੇ: ਸੰਧਵਾਂ
ਕਿਸਾਨਾਂ ਨੂੰ ਪਰਾਲੀ ਸਾਡ਼ਨ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦਾ ਦਾਅਵਾ
ਵਾਤਾਵਰਨ ਦੀ ਸੰਭਾਲ ਲਈ ਯਤਨਸ਼ੀਲ ‘ਗੁੱਡ ਮੌਰਨਿੰਗ ਕਲੱਬ’ ਵੱਲੋਂ ਲਗਾਤਾਰ ਛਾਂਦਾਰ ਅਤੇ ਫ਼ਲਦਾਰ ਬੂਟੇ ਲਾਏ ਜਾ ਰਹੇ ਹਨ। ਇਸ ਮੁਹਿੰਮ ਨੂੰ ਅੱਗੇ ਤੋਰਦਿਆਂ ਸਰਕਾਰੀ ਬਹੁ ਤਕਨੀਕੀ ਕਾਲਜ ਕੋਟਕਪੂਰਾ ਵਿੱਚ ਵਿਰਾਸਤੀ ਬੂਟੇ ਲਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਜ਼ਰੂਰਤ ਹੈ ਕਿ ਸਾਰੇ ਵਰਗ ਮਿਲ ਕੇ ਵਾਤਾਵਰਨ ਦੀ ਸੰਭਾਲ ਲਈ ਹੰਭਲਾ ਮਾਰਨ, ਇਸੇ ਵਿੱਚ ਹੀ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਹੈ।
ਸ੍ਰੀ ਸੰਧਵਾਂ ਨੇ ਕਿਹਾ ਕਿ ਰਾਜ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਪੂਰੀ ਤਰ੍ਹਾਂ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵੱਡੀ ਪੱਧਰ ’ਤੇ ਸਬਸਿਡੀ ਉਪਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਦੇ ਇਨ੍ਹਾਂ ਯਤਨਾ ਸਦਕਾ ਹੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 75 ਫੀਸਦੀ ਕਮੀ ਆਈ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਦਿੱਲੀ ਸਰਕਾਰ ਹਾਲੇ ਵੀ ਪ੍ਰਦੂਸ਼ਣ ਕੰਟਰੋਲ ਕਰਨ ਦੀ ਜਗ੍ਹਾ ’ਤੇ ਪ੍ਰਦੂਸ਼ਣ ਦਾ ਕਾਰਨ ਪੰਜਾਬ ਦੀ ਨੂੰ ਪਰਾਲੀ ਦੱਸ ਕੇ ਝੂਠੇ ਬਿਆਨ ਦੇ ਰਹੀ ਹੈ। ਇਸ ਸਮੇਂ ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ, ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਦੀਰੱਤਾ, ਚੇਅਰਮੈਨ ਪੱਪੂ ਲਹੌਰੀਆ ਅਤੇ ਕਾਲਜ ਪ੍ਰਿੰਸੀਪਲ ਸੁਰੇਸ਼ ਕੁਮਾਰ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਵੀ ਕਲੱਬ ਵੱਲੋਂ 100 ਬੂਟੇ ਲਾਏ ਗਏ ਸਨ ਜੋ ਹੁਣ 3 ਤੋਂ 4 ਫੁੱਟ ਉਚੇ ਹੋ ਚੁੱਕੇ ਹਨ। ਉਨ੍ਹਾਂ ਬੂਟਿਆਂ ਦੀ ਸੰਭਾਲ ਕਰਨ ’ਤੇ ਸਟਾਫ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਲੈਕਚਰਾਰ ਵਿਨੋਦ ਧਵਨ, ਡਾ. ਐੱਸ ਐੱਸ ਬਰਾੜ, ਸੁਨੀਲ ਗਰੋਵਰ, ਸੁਰਿੰਦਰ ਸਿੰਘ ਸਦਿਉੜਾ, ਐਨ ਆਰ ਆਈ ਵਿੰਗ ਦੇ ਇੰਚਾਰਜ ਪ੍ਰੇਮ ਮੈਣੀ, ਮਿੰਟਾ ਸ਼ਰਮਾ, ਪਰਮਜੀਤ ਸਿੰਘ ਪੰਮਾ ਅਤੇ ਸਰਨ ਕੁਮਾਰ ਅਹਿਮ ਭੂਮਿਕਾ ਨਿਭਾਈ।
ਪਰਾਲੀ ਸਾੜਨ ਵਾਲੇ 3 ਕਿਸਾਨਾਂ ਖ਼ਿਲਾਫ਼ ਕੇਸ ਦਰਜ
ਮਖੂ (ਨਿੱਜੀ ਪੱਤਰ ਪ੍ਰੇਰਕ): ਥਾਣਾ ਮਖੂ ਪੁਲੀਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ 3 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਕਲੱਸਟਰ ਅਫ਼ਸਰ ਅਤੇ ਹਲਕਾ ਪਟਵਾਰੀ ਦੀ ਸ਼ਿਕਾਇਤ ’ਤੇ ਪਿਆਰਾ ਸਿੰਘ, ਬਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਵਾਸੀ ਪਿੰਡ ਮੰਨੂਮਾਛੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

