ਪੱਤਰ ਪ੍ਰੇਰਕ
ਤਲਵੰਡੀ ਸਾਬੋ, 17 ਅਕਤੂਬਰ
ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਥਾਨਕ ਰਵਿਦਾਸ ਚੌਕ ਵਿੱਚ ਧਰਨਾ ਲਾ ਕੇ ਸੜਕੀ ਆਵਾਜਾਈ ਠੱਪ ਕੀਤੀ। ਧਰਨੇ ਨੂੰ ਸਬੋਧਨ ਕਰਦਿਆਂ ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ, ਬਲਦੇਵ ਸਿੰਘ ਸੰਦੋਹਾ ਆਦਿ ਆਗੂਆਂ ਨੇ ਕਿ 6 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਟੀਮ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਪਰਾਲੀ ਦਾ ਠੋਸ ਪ੍ਰਬੰਧ ਕਰਨਾ, ਚਿੱਟੇ ਮੱਛਰ, ਗੁਲਾਬੀ ਸੁੰਡੀ ਅਤੇ ਬੇਮੌਸਮੀ ਬਾਰਸ਼ ਨਾਲ ਤਬਾਹ ਹੋਏ ਨਰਮੇ ਦੀ ਫਸਲ ਦੀ ਗਿਰਦਾਵਰੀ ਕਰਵਾਉਣ ਆਦਿ ਮੰਗਾਂ ਨੂੰ ਮੁੱਖ ਮੰਤਰੀ ਨੇ ਲਾਗੂ ਕਰਨ ਦਾ ਭਰੋਸਾ ਦਿਵਾਇਆ ਸੀ। ਪਰ ਅੱਜ ਤੱਕ ਇਹ ਲਾਗੂ ਨਹੀਂ ਕੀਤੀਆਂ ਗਈਆਂ।
ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਵਿੱਚ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨਾਂ ਦਾ ਚੱਲ ਰਿਹਾ ਧਰਨਾ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਧਰਨਕਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ।