ਖੰਨਾ ਮੰਡੀ ਦੌਰੇ ਦੌਰਾਨ ਮੰਤਰੀ ਖੁੱਡੀਆਂ ਨੇ ਸੁਣੀਆਂ ਆੜ੍ਹਤੀਆਂ ਦੀਆਂ ਮੰਗਾਂ
ਪੰਜਾਬ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਬਣਾਈ ਗਈ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਕੀਤੀ ਅਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਉਨ੍ਹਾਂ ਨਾਲ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਆੜ੍ਹਤੀਆਂ ਐਸੋਸੀਏਸ਼ਨ ਦੀਆਂ ਕੁੱਝ ਮੰਗਾਂ ਪੰਜਾਬ ਸਰਕਾਰ ਨਾਲ ਸਬੰਧਤ ਹਨ, ਉਨ੍ਹਾਂ ਨੂੰ ਜਲਦ ਹੱਲ ਕਰ ਲਿਆ ਜਾਵੇਗਾ ਅਤੇ ਜੋ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਉਨ੍ਹਾਂ ਦੀ ਵੀ ਪੈਰਵਾਈ ਕਰਕੇ ਕੇਂਦਰ ਸਰਕਾਰ ਤੋਂ ਹੱਲ ਕਰਵਾਵਾਂਗੇ।
ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਮਜ਼ਦੂਰੀ ਵਧਾਉਣ ਸਬੰਧੀ ਗੱਲ ਚੱਲੀ ਸੀ ਜਿਸ ਵਿੱਚ ਪੰਜਾਬ ਸਰਕਾਰ ਨੇ ਆਪਣੀ ਹੈਸੀਅਤ ਮੁਤਾਬਿਕ 10 ਫੀਸਦ ਵਾਧਾ ਕੀਤਾ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੇਤੀਬਾੜੀ ਮੰਤਰੀ ਖੁੱਡੀਆਂ ਅੱਗੇ ਮੰਗ ਰੱਖਦਿਆਂ ਕਿਹਾ ਕਿ ਖੰਨਾ ਦੇ ਨਾਲ ਲੱਗਦੀ ਦਹੇੜੂ ਮੰਡੀ ਦਾ ਵਿਸਥਾਰ ਕਰਕੇ ਉਸ ਨੂੰ ਪੱਕਾ ਕੀਤਾ ਜਾਵੇ।
ਇਸ ਤੋਂ ਇਲਾਵਾ ਖੰਨਾ ਦੀ ਰਹੌਣ ਮੰਡੀ ਦੇ ਨਾਲ ਲੱਗਦੀਆਂ ਲਿੰਕ ਸੜਕਾਂ ਨੂੰ ਮੰਡੀ ਬੋਰਡ ਵੱਲੋਂ ਜਲਦ ਬਣਾਇਆ ਜਾਵੇ। ਜਿਸ ਤੇ ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਜਲਦੀ ਹੀ ਇਹਨਾਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।
ਖੰਨਾ ਆੜ੍ਹਤੀਆਂ ਵੱਲੋਂ ਰੱਖੀ ਮੰਗ ਅਨੁਸਾਰ ਆੜਤ ਦੀਆਂ ਦੁਕਾਨਾਂ ਉਨ੍ਹਾਂ ਦੇ ਨਾਂ ਨਹੀਂ ਹਨ ਪਰ ਫਿਰ ਵੀ ਆੜਤ ਦੀਆਂ ਦੁਕਾਨਾਂ ਦਾ ਉਨ੍ਹਾਂ ਤੋਂ ਪ੍ਰਾਪਰਟੀ ਟੈਕਸ ਲਿਆ ਜਾਂਦਾ ਹੈ। ਜਿਸ ਤੇ ਉਨ੍ਹਾਂ ਕਿਹਾ ਕਿ ਇਹ ਪ੍ਰਾਪਰਟੀ ਮੰਡੀ ਬੋਰਡ ਦੀ ਹੈ ਇਸ ਤੇ ਨਗਰ ਕੌਂਸਲ ਵੱਲੋਂ ਟੈਕਸ ਨਹੀਂ ਲਿਆ ਜਾ ਸਕਦਾ ਕਿਉਂਕਿ ਕਿ ਸਾਡੀ ਖੇਤੀਬਾੜੀ ਜ਼ਮੀਨ ਐਕਵਾਇਰ ਕਰਕੇ ਮੰਡੀ ਬਣਾਈ ਜਾਂਦੀ ਹੈ ਉਸ ਤੋਂ ਕੋਈ ਹੋਰ ਅਥਾਰਟੀ ਟੈਕਸ ਨਹੀਂ ਲੈ ਸਕਦੀ।
ਇਸ ਮਸਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਆੜ੍ਹਤੀਆਂ ਦੀਆਂ ਦੁਕਾਨਾਂ ਕਾਫੀ ਲੰਬੇ ਸਮੇਂ ਤੋਂ ਅਲਾਟ ਹੋ ਗਈਆਂ ਸਨ ਪਰ ਬਣ ਨਹੀਂ ਸਕੀਆਂ ਹਨ। ਉਨ੍ਹਾਂ ਦੁਕਾਨਾਂ ਦਾ ਵੀ ਓ.ਟੀ.ਐਸ ਰਾਹੀਂ ਨਿਬੇੜਾ ਕਰਕੇ ਆੜ੍ਹਤੀਆਂ ਨੂੰ ਸੌਂਪੀਆਂ ਜਾਣਗੀਆਂ ਤਾਂ ਜੋ ਸੁਚੱਜੇ ਢੰਗ ਨਾਲ ਮੰਡੀਆਂ ਦਾ ਕੰਮ ਚਲਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੋ ਵੀ ਮੰਗਾਂ ਆੜ੍ਹਤੀਆਂ ਵੱਲੋਂ ਆਉਂਦੀਆਂ ਹਨ ਉਨ੍ਹਾਂ ਤੇ ਵਿਚਾਰ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਖੁੱਡੀਆਂ ਨੇ ਆੜਤੀਆਂ ਦੀ 2.5 ਫੀਸਦ ਆੜਤ ਦੀ ਮੰਗ ਸਬੰਧੀ ਬੋਲਦਿਆਂ ਕਿਹਾ ਕਿ ਇਹ ਆੜਤ ਖਰੀਦ ਏਜੰਸੀ ਨੇ ਦੇਣੀ ਹੁੰਦੀ ਹੈ। ਪਿਛਲੇ ਦਿਨੀਂ ਇਸ ਮੰਗ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਰਾਕ ਮੰਤਰੀ ਭਾਰਤ ਸਰਕਾਰ ਦੇ ਨਾਲ ਗੱਲਬਾਤ ਕੀਤੀ ਸੀ ਅਤੇ ਉਹ ਇਸ ਗੱਲਬਾਤ ’ਤੇ ਸਹਿਮਤ ਵੀ ਹੋਏ ਸਨ। ਜੇਕਰ ਆੜ੍ਹਤੀਆਂ ਨੂੰ ਫਿਰ ਵੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਹੈ।
ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਅਤੇ ਮਜਦੂਰ ਯੂਨੀਅਨ ਵੱਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਐਸਡੀਐਮ ਡਾ. ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮੰਡੀ ਅਫ਼ਸਰ ਗੁਰਮੀਤਪਾਲ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ, ਆੜ੍ਹਤੀਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਯਾਦਵਿੰਦਰ ਸਿੰਘ ਲਿਬੜਾ, ਗੁਰਚਰਨ ਸਿੰਘ ਢੀਂਡਸਾ, ਹੁਕਮ ਚੰਦ, ਦਰਸ਼ਨ ਲਾਲ, ਗੁਲਜ਼ਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਆੜਤੀਏ ਹਾਜ਼ਰ ਸਨ।