ਦੁਸ਼ਿਅੰਤ ਚੌਟਾਲਾ ਨੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ
ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਮੰਗਲਵਾਰ ਨੂੰ ਬਰਨਾਲਾ ਰੋਡ ’ਤੇ ਸਥਿਤ ਆਪਣੇ ਨਿਵਾਸ ਸਥਾਨ ’ਤੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਨਾਲ ਸਰਕਾਰ ਦੇ ਵਾਅਦਿਆਂ ਦੀ ਪੋਲ੍ਹ ਖੁਲ੍ਹ ਗਈ ਹੈ। ਮੀਂਹ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵਧਦਾ ਅਪਰਾਧ ਵੀ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਨੂੰ ਇਸ ’ਤੇ ਪੂਰੀ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਧਦੀਆਂ ਅਪਰਾਧਿਕ ਘਟਨਾਵਾਂ ਕਾਰਨ ਹਰਿਆਣਾ ਦਾ ਹਰ ਵਰਗ ਡਰ ਵਿੱਚ ਹੈ। ਇਸ ਮੌਕੇ ’ਤੇ ਜੇਜੇਪੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ, ਰਣਧੀਰ ਸਿੰਘ ਚੀਕਾ, ਅਮਰ ਸਿੰਘ ਜਿਆਣੀ, ਅਨਿਲ ਕਾਸਾਨੀਅਨ, ਰਾਜੇਂਦਰ ਕਾਸਵਾਂ, ਲੱਕੀ ਚੌਧਰੀ, ਕੁਲਦੀਪ ਜਾਂਗੂ, ਦੀਪਕ ਭਾਟੀਆ, ਰਣਧੀਰ ਢਿਲੋਂ ਅਤੇ ਹੋਰ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।