ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਮਿੱਟੀ ਦੀਆਂ ਟਰਾਲੀਆਂ ਭੇਜੀਆਂ
ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਹਡ਼੍ਹ ਆਏ: ਕੁਲਬੀਰ ਜ਼ੀਰਾ
ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਦਾਣਾ ਮੰਡੀ ਮਖੂ ਤੋਂ ਹੜ੍ਹ ਪ੍ਰਭਾਵਿਤ ਪਿੰਡ ਵਾੜਾ ਕਾਲੀ ਰਾਓਣ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ 100 ਦੇ ਕਰੀਬ ਮਿੱਟੀ ਦੀਆਂ ਟਰਾਲੀਆਂ ਰਵਾਨਾ ਕੀਤੀਆਂ ਗਈਆਂ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ, ਜੇਕਰ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾਂਦੇ ਤਾਂ ਪੰਜਾਬ ਦੇ ਲੋਕਾਂ ਨੂੰ ਅੱਜ ਇਹੋ ਜਿਹੇ ਦਿਨ ਨਾ ਵੇਖਣੇ ਪੈਂਦੇ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲੇ ਅਤੇ ਫ਼ੌਜ ਬੰਨ੍ਹਾਂ ‘ਤੇ ਨਾ ਪਹੁੰਚਦੇ ਤਾਂ ਹਾਲਾਤ ਇਸ ਤੋਂ ਵੀ ਨਾਜ਼ੁਕ ਬਣ ਜਾਣੇ ਸੀ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਮਿੱਟੀ ਦੀਆਂ ਟਰਾਲੀਆਂ ਤੇ ਤੋੜੇ ਭਰਨ ਦੀ ਸੇਵਾ ਕਰਨ। ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਖ਼ੁਦ ਟਰੈਕਟਰ ਚਲਾ ਕੇ ਮਿੱਟੀ ਵਾਲੀਆਂ ਟਰਾਲੀਆਂ ਨਾਲ ਵਾੜਾ ਕਾਲੀ ਰਾਓਣ ਦੇ ਪ੍ਰਭਾਵਿਤ ਬੰਨ੍ਹ ਨੂੰ ਮਜ਼ਬੂਤੀ ਦੇਣ ਲਈ ਰਵਾਨਾ ਹੋਏ।
ਹੜ੍ਹ ਪੀੜਤ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਿੱਟਾਂ ਦੇਣ ਦਾ ਫ਼ੈਸਲਾ
ਬਰਨਾਲਾ (ਪਰਸ਼ੋਤਮ ਬੱਲੀ): ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲ ਕੇ ਜ਼ੋਰਦਾਰ ਮੰਗ ਕੀਤੀ ਜਾਵੇਗੀ ਕਿ ਹੜ੍ਹ ਪੀੜਤ ਬੱਚਿਆਂ ਦੀ ਫੀਸ ਮੁਆਫ਼ ਕੀਤੀ ਜਾਵੇ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਅਤੇ ਸਟੇਸ਼ਨਰੀ ਮੁੱਹਈਆ ਕਰਵਾਈ ਜਾਵੇ। ਰਾਜਿੰਦਰ ਭਦੌੜ, ਰਾਜੇਸ਼ ਅਕਲੀਆ, ਰਾਜਪਾਲ ਬਠਿੰਡਾ, ਗੁਰਪ੍ਰੀਤ ਸ਼ਹਿਣਾ ਅਤੇ ਸੁਮੀਤ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਬੇਜ਼ਮੀਨਿਆਂ ਅਤੇ ਗਰੀਬ ਵਰਗਾਂ ਦੇ ਲੋਕਾਂ ਨੂੰ ਜਲਦ ਤੋਂ ਜਲਦ ਯੋਗ ਮੁਆਵਜ਼ਾ ਦੇਣ ਅਤੇ ਮੁੜ ਵਸੇਬਾ ਕਰਨ ਦੀ ਮੰਗ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਹੜ੍ਹ ਪੀੜਤ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ 10 ਲੱਖ ਰੁਪਏ ਦੀਆਂ ਸਟੇਸ਼ਨਰੀ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਹੜ੍ਹਾਂ ਕਾਰਨ ਪਿਛਲੇ ਮਹੀਨੇ ਮੁਲਤਵੀ ਕੀਤੀ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਅਕਤੂਬਰ ਦੇ ਪਹਿਲੇ ਹਫਤੇ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ।