ਪੱਤਰ ਪ੍ਰੇਰਕ
ਮਾਨਸਾ/ਭੀਖੀ, 30 ਜੂਨ
ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਨਾਲ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਲਾਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ’ਤੇ ਅੱਜ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈਕੇ ਵਿੱਚ ਸਨਮਾਨ ਸਮਾਗਮ ਕੀਤਾ ਗਿਆ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਜਿਹੇ ਕੈਂਪਾਂ ਦੀ ਵੱਡੀ ਲੋੜ ਹੈ, ਤਾਂ ਜੋ ਬੱਚਿਆਂ ਨੂੰ ਆਪਣੇ ਇਤਿਹਾਸ ਤੇ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ।
ਕੈਂਪਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਤਿੰਨ ਗਰੁੱਪਾਂ ਵਿਚ ਵੰਡਿਆ ਗਿਆ ਸੀ। ਅੱਵਲ ਆਏ 9 ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ। ਕੈਂਪਾਂ ’ਚ ਹਿੱਸਾ ਲੈਣ ਵਾਲੇ 3,500 ਦੇ ਕਰੀਬ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਅਤੇ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ।