ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਭਲਕੇ
ਨਗਰ ਕੌਂਸਲ ਮਾਨਸਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਦੀ ਚੋਣ 22 ਜੁਲਾਈ ਨੂੰ ਸਵੇਰੇ 12 ਵਜੇ ਇਥੇ ਬੱਚਤ ਭਵਨ ਵਿੱਚ ਰੱਖੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਚੋਣ ਲਈ ਕਨਵੀਨਰ ਨਿਯੁਕਤ ਕੀਤੇ ਗਏ ਐੱਸਡੀਐੱਮ ਮਾਨਸਾ ਕਾਲਾ ਰਾਮ ਕਾਂਸਲ ਵੱਲੋਂ ਪੱਤਰ ਜਾਰੀ ਕਰਕੇ ਇਹ ਚੋਣ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਮਾਨਸਾ ਦੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦੇ ਦਾ ਸਮਾਂ ਮਿਆਦ ਖ਼ਤਮ ਹੋ ਚੁੱਕੀ ਹੈ ਅਤੇ ਕਾਫ਼ੀ ਸਮੇਂ ਤੋਂ ਪ੍ਰਧਾਨ ਦਾ ਅਹੁਦਾ ਵੀ ਖਾਲੀ ਪਿਆ ਹੈ। ਮੌਜੂਦਾ ਸਮੇਂ ਦੇ ਨਗਰ ਕੌਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਨੀਲ ਕੁਮਾਰ ਨੀਨੂੰ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ। ਇਸ ਚੋਣ ਦੇ ਨਾਲ ਨਗਰ ਕੌਸਲ ਦੀ ਪ੍ਰਧਾਨਗੀ ਦੀ ਚੋਣ ਵੀ ਕਰਵਾਈ ਜਾ ਰਹੀ ਹੈ।
ਇਸ ਪ੍ਰਧਾਨਗੀ ਦੀ ਚੋਣ ਨੂੰ ਲੈਕੇ ਹਰ ਵਾਰ ਕੌਸਲਰਾਂ ਵਿੱਚ ਕਸ਼ਮਕਸ ਰਹੀ ਹੈ। ਇਸ ਵਾਰ ਪ੍ਰਸ਼ਾਸਨ ਵੱਲੋਂ ਇਹ ਚੋਣ ਕਰਵਾਉਣ ਲਈ ਕੋਈ ਬਹੁਤ ਸਮਾਂ ਨਹੀਂ ਦਿੱਤਾ ਗਿਆ ਹੈ। ਉਧਰ ਕੌਂਸਲਰ ਪ੍ਰੇਮ ਸਾਗਰ ਭੋਲਾ ਨੇ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਹੈ ਕਿ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸ਼ਹਿਰ ਦੇ ਵਿਕਾਸ ਕੰਮਾਂ ਅਤੇ ਤਰੱਕੀ ਲਈ ਉਨ੍ਹਾਂ ਨੂੰ ਇਹ ਚੋਣ ਛੇਤੀ ਕਰਵਾਉਣੀ ਚਾਹੀਦੀ ਹੈ ਅਤੇ ਇਸ ਵਿੱਚ ਸ਼ਹਿਰ ਦੇ ਹਿੱਤ ਮੋਹਰੀ ਹੋਣੇ ਚਾਹੀਦੇ ਹਨ।