ਬਿਜਲੀ ਕਾਮਿਆਂ ਵੱਲੋਂ ਪੱਕੇ ਹੋਣ ਲਈ ਧਰਨਾ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’ ਨੇ ਆਪਣੀਆਂ ਮੰਗਾਂ ਲਈ ਇੱਥੇ ਮੰਡਲ ਪੱਧਰੀ ਧਰਨਾ ਦਿੱਤਾ। ਡਵੀਜ਼ਨ ਪ੍ਰਧਾਨ ਕਰਮਜੀਤ ਸਿੰਘ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਬਰਾੜ, ਸਕੱਤਰ ਅਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸੇਵਾ ਵਜੋਂ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਪਾਸੇ ਕਦਮ ਬੜੇ ਸਾਜ਼ਿਸ਼ੀ ਅਤੇ ਧੋਖੇ ਭਰੇ ਢੰਗ ਤਰੀਕੇ ਨਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਵਿਭਾਗ ਵੱਲੋਂ ਨਵੀਂ ਅਤੇ ਪੱਕੀ ਭਰਤੀ ਕਰਨ ਦੀ ਥਾਂ, ਠੇਕੇ ਅਤੇ ਬਾਹਰੀ ਸਰੋਤਾਂ ਤੋਂ ਲੇਬਰ ਦਾ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦਾ ਮਕਸਦ ਖ਼ਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁੱਹਈਆ ਕਰਨਾ ਨਹੀਂ, ਸਗੋਂ ਨਿੱਜੀਕਰਨ ਵਿਰੁੱਧ ਸੰਘਰਸ਼ ਨੂੰ ਅਸਫ਼ਲ ਬਣਾਉਣ ਦੀ ਸਾਜ਼ਿਸ਼ ਹੈ। ਉਨ੍ਹਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਮੁਲਾਜ਼ਮਾਂ ਨੂੰ ਸਾਂਝੇ ਸੰਘਰਸ਼ ਦੇ ਪਲੈਟਫਾਰਮ ’ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਆਖਿਆ ਕਿ ਸੰਘਰਸ਼ ਨੂੰ ਵਿਸ਼ਾਲ, ਸਾਂਝਾ ਅਤੇ ਤਿੱਖਾ ਕਰਨ ਦੀ ਲੋੜ ਹੈ। ਆਗੂਆਂ ਨੇ ਕੇਂਦਰ ਸਰਕਾਰ ਵੱਲੋਂ 2025 ਦੇ ਬਿਜਲੀ ਸੋਧ ਬਿਲ ਖਰੜੇ ਨੂੰ ਰੱਦ ਕਰਨ , ਆਊਟ-ਸੋਰਸਡ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਨ, ਐਕਟ-1948 ਜਾਂ 15ਵੀਂ ਲੇਬਰ ਕਾਨਫਰੰਸ ਤਹਿਤ ਕਰਮਚਾਰੀਆਂ ਨੂੰ ਤਨਖਾਹ ਦੇਣ, ਮਹਿਕਮੇ ’ਚ ਖਤਮ ਕੀਤੀਆਂ ਪੋਸਟਾਂ ਨੂੰ ਸ਼ੁਰੂ ਕਰਨ, ਕਰੰਟ ਲੱਗਣ ਕਾਰਨ ਫ਼ੌਤ ਹੋਣ ਵਾਲੇ ਕਰਮਚਾਰੀਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ ਤੇ ਪੈਨਸ਼ਨ ਦੇਣ ਸਣੇ ਮੁਆਵਜ਼ਾ ਦਿੱਤੇ ਜਾਣ ਦੀ ਗਾਰੰਟੀ ਦੇਣ ਦੀ ਮੰਗ ਕੀਤੀ।
ਨਿਗਰਾਨ ਇੰਜਨੀਅਰ ਦਫ਼ਤਰ ਅੱਗੇ ਧਰਨਾ
ਬਰਨਾਲਾ (ਖੇਤਰੀ ਪ੍ਰਤੀਨਿਧ): ਬਿਜਲੀ ਕਾਮਿਆਂ ਨੇ ਅੱਜ ਪਾਵਰਕੌਮ ਨਿਗਰਾਨ ਇੰਜੀਨੀਅਰ ਬਰਨਾਲਾ ਦਫ਼ਤਰ ਅੱਗੇ ਪੰਜਾਬ ਸਰਕਾਰ ਵੱਲੋਂ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੇ ਵਿਰੁੱਧ ਤੇ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਧਰਨਾ ਦਿੱਤਾ। ਇਸ ਤੋਂ ਇਲਾਵਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਸੋਧ ਬਿਲ 2025 ਪਾਸ ਕਰਨ ਦੀ ਕੀਤੀ ਜਾ ਰਹੀ ਤਿਆਰੀ ਦਾ ਵਿਰੋਧ ਵੀ ਕੀਤਾ ਗਿਆ। ਅਮਰਜੀਤ ਸਿੰਘ ਸ਼ਹਿਣਾ, ਰਜਿੰਦਰਪਾਲ ਸਿੰਘ ਸੀ ਐਚ ਬੀ, ਸੁਖਦੇਵ ਸਿੰਘ ਸੀਐਚਬੀ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਮੁਲਾਜ਼ਮ ਮਾਰੂ ਸਾਬਤ ਹੋ ਰਹੀ ਹੈ, ਜਿਸ ਖ਼ਿਲਾਫ਼ ਲੁਧਿਆਣਾ ’ਚ ਧਰਨਾ ਦੇ ਕੇ ਰੋਸ ਮਾਰਚ ਕੀਤਾ ਜਾਵੇਗਾ।
 
 
             
            