ਪਾਵਰਕੌਮ ਦੇ ਨਿੱਜੀਕਰਨ ਖ਼ਿਲਾਫ਼ ਨਿੱਤਰੇ ਬਿਜਲੀ ਕਾਮੇ
ਸ਼ਗਨ ਕਟਾਰੀਆ
ਬਠਿੰਡਾ, 19 ਜੂਨ
ਆਗਾਮੀ 3 ਜੁਲਾਈ ਨੂੰ ਪਾਰਵਕੌਮ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਟੈਕਨੀਕਲ ਸਰਵਿਸ ਯੂਨੀਅਨ ਅਤੇ ਪਾਵਰਕੌਮ-ਟਰਾਂਸਕੋ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਵੱਲੋਂ ਅੱਜ ਇੱਥੇ ਰੋਜ਼ ਗਾਰਡਨ ਵਿੱਚ ਮੀਟਿੰਗ ਕੀਤੀ ਗਈ।
ਆਗੂ ਚੰਦਰ ਸ਼ਰਮਾ, ਸਤਵਿੰਦਰ ਸਿੰਘ, ਜਗਰੂਪ ਸਿੰਘ, ਜਗਸੀਰ ਭੰਗੂ, ਗੁਰਵਿੰਦਰ ਪੰਨੂ, ਇਕਬਾਲ ਪੂਹਲਾ, ਮਲਕੀਤ ਸਿੰਘ ਨੇ ਦੱਸਿਆ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਕਰਨ ਦੀ ਤਜਵੀਜ਼ ਦਾ ਵਿਰੋਧ ਕੀਤਾ। ਉਨ੍ਹਾ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਲੜੂ ਅਤੇ ਖਰੜ ਡਿਵੀਜ਼ਨਾਂ ਦੇ ਨਿੱਜੀਕਰਨ ਦੀ ਵਿਉਂਤ ਪੰਜਾਬ ਵਿਕਾਸ ਕਾਰਪੋਰੇਸ਼ਨ ਕੋਲ ਪੇਸ਼ ਕਰਨ ਦਾ ਸਰਕਾਰੀ ਧੰਦਾ ਨਿੱਜੀਕਰਨ ਦੇ ਅਮਲ ਨੂੰ ਤੇਜ਼ ਕਰਨ ਦੀ ਇੱਕ ਉਦਾਹਰਨ ਸਾਡੇ ਸਾਹਮਣੇ ਹੈ। ਆਗੂਆਂ ਨੇ ਕਿਹਾ ਕਿ ਨਿੱਜੀਕਰਨ ਦੀ ਲੋੜ ਵਜੋਂ ਲਏ ਜਾ ਰਹੇ ਇਹ ਫੈਸਲੇ ਬੜੇ ਸਾਜ਼ਿਸ਼ੀ ਅਤੇ ਧੋਖੇ ਭਰੇ ਢੰਗ ਤਰੀਕੇ ਨਾਲ ਲਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੀਟਿੰਗ ’ਚ 26 ਜੂਨ ਨੂੰ ਥਰਮਲ ਕਲੋਨੀ ਬਠਿੰਡਾ ਦੇ ਗੇਟ ’ਤੇ ਸਰਕਲ ਪੱਧਰੀ ਸਾਂਝਾ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ 3 ਜੁਲਾਈ ਨੂੰ ਪਟਿਆਲਾ ਧਰਨੇ ਅਤੇ 9 ਜੁਲਾਈ ਨੂੰ ਕੇਂਦਰੀ ਟਰੇਡ ਜਥੇਬੰਦੀਆਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਨੂੰ ਸਫ਼ਲ ਕਰਨ ਲਈ ਤਿਆਰੀਆਂ ਕੀਤੀ ਗਈ। ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ। ਸਮੂਹ ਅਦਾਰਿਆਂ ਦੇ ਆਊਟਸੋਰਸਿਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ। ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ। ਠੇਕਾ ਮੁਲਾਜ਼ਮਾਂ ਨੂੰ ਸੇਵਾ ਮੁਕਤ ’ਤੇ 10 ਲੱਖ ਰੁਪਏ ਗੁਜ਼ਾਰਾ ਭੱਤਾ ਦਿੱਤਾ ਜਾਵੇ।