ਮੁਲਾਜ਼ਮਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਦੀਵਾਲੀ ਤੋਂ ਇੱਕ ਦਿਨ ਪਹਿਲਾਂ 19 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਰੋਸ ਮਾਰਚ ਕਰਕੇ ਕਾਲੀ ਦੀਵਾਲੀ ਮਨਾਈ ਜਾਵੇਗੀ। ਬੇਰੁਜ਼ਗਾਰ ਸਾਂਝੇ ਮੋਰਚੇ ਦੇ...
ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਦੀਵਾਲੀ ਤੋਂ ਇੱਕ ਦਿਨ ਪਹਿਲਾਂ 19 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਰੋਸ ਮਾਰਚ ਕਰਕੇ ਕਾਲੀ ਦੀਵਾਲੀ ਮਨਾਈ ਜਾਵੇਗੀ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਭਰਤੀ ਕੈਲੰਡਰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਜਦਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਰੈਗੂਲਰ ਪੋਸਟ ਨਹੀਂ ਕੱਢੀ। ਇਸ ਕਾਰਨ ਹਜ਼ਾਰਾਂ ਬੇਰੁਜ਼ਗਾਰ ਲਗਾਤਾਰ ਓਵਰ ਏਜ਼ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਨਵੀਆਂ ਪੋਸਟਾਂ ਦੇਣੀਆਂ ਤਾਂ ਦੂਰ ਸਗੋਂ ਪਿਛਲੀਆਂ ਭਰਤੀਆਂ ਵਿੱਚੋਂ 343 ਲੈਕਚਰਾਰ 646 ਪੀ ਟੀ ਆਈ ਅਧਿਆਪਕ, 2000 ਪੀ ਟੀ ਆਈ ਅਧਿਆਪਕ ਅਤੇ 1158 ਸਹਾਇਕ ਪ੍ਰੋਫੈਸਰ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਲੈਕਚਰਾਰ, ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਜਾਰੀ ਕੀਤੀਆਂ ਜਾਣ ਅਤੇ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ 270 ਪੋਸਟਾਂ ਵਿੱਚ ਉਮਰ ਹੱਦ ਛੋਟ ਦਿੱਤੀ ਜਾਵੇ। ਇਸ ਲਈ ਬੇਰੁਜ਼ਗਾਰ ਦੀਵਾਲੀ ਦੇ ਮੌਕੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫਤਰ ਤੋਂ ਇਕੱਠੇ ਹੋ ਕੇ ਬਾਜ਼ਾਰ ਵਿੱਚ ਰੋਸ ਮਾਰਚ ਕਰਨਗੇ। ਜ਼ਿਕਰਯੋਗ ਹੈ ਕਿ ਦਸਹਿਰੇ ਮੌਕੇ ਵੀ ਬੇਰੁਜ਼ਗਾਰਾਂ ਨੇ ਰਾਵਣ ਦੀ ਬਜਾਏ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਸਨ।
ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਵਿਖਾਵਾ
ਭੁੱਚੋ ਮੰਡੀ (ਪੱੱਤਰ ਪ੍ਰੇਰਕ): ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਜੀਐਚਟੀਪੀ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਆਰਥਿਕ ਤੰਗੀ ਕਾਰਨ ਦੀਵਾਲੀ ਦਾ ਤਿਉਹਾਰ ਕਾਲੀ ਦਿਵਾਲੀ ਵਜੋਂ ਮਨਾਉਣ ਦਾ ਫੈਸਲਾ ਲਿਆ ਅਤੇ ਥਰਮਲ ਪਲਾਂਟ ਲਹਿਰਾ ਮੁਹੱਬਤ ਅਤੇ ਰੋਪੜ ਦੀ ਤਾਲਮੇਲ ਕਮੇਟੀ ਬਣਾਉਣ ਦਾ ਮਤਾ ਵੀ ਪਾਸ ਕੀਤਾ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਬੇਹੱਦ ਘੱਟ ਹੋਣ ਕਾਰਨ ਉਹ ਗੁਰਬਤ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਸਖ਼ਤ ਮਿਹਨਤ ਕਰਕੇ ਪੂਰੇ ਰਾਜ ਵਿੱਚ ਰੋਸ਼ਨੀ ਵਿਖੇਰਦੇ ਹਨ, ਪਰ ਉਹ ਆਰਥਿਕ ਤੰਗੀ ਕਾਰਨ ਆਪ ਰੋਸ਼ਨੀਆਂ ਦਾ ਤਿਉਹਾਰ ਨਹੀਂ ਮਨਾ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਦਿਵਾਲੀ ਮੌਕੇ ਕਾਲੇ ਬਿੱਲੇ ਲਗਾ ਕੇ ਤਿੱਖਾ ਰੋਸ ਕੀਤਾ ਜਾਵੇਗਾ।