ਪੱਤਰ ਪ੍ਰੇਰਕ
ਮਾਨਸਾ, 18 ਸਤੰਬਰ
ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਸ਼ੁਰੂ ਕੀਤੀ ਹੜਤਾਲ ਅੱਜ ਤੀਸਰੇ ਦਿਨ ਵੀ ਜਾਰੀ ਰਹੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਆਗੂ ਸੋਮ ਦੱਤ ਸ਼ਰਮਾ ਨੇ ਕਿਹਾ ਕਿ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾਣ, ਕਿਉਂਕਿ ਕਾਂਗਰਸ ਸਰਕਾਰ ਨੇ ਸੱਤਾ ’ਤੇ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ ਕਿ ਸਾਰੇ ਕੱਚੇ ਕਾਮੇ ਪੱਕੇ ਕੀਤੇ ਜਾਣਗੇ, ਡੀ.ਏ. ਦੀਆਂ ਕਿਸ਼ਤਾਂ ਦੇ ਕੇ ਉਨ੍ਹਾਂ ਦਾ ਬਕਾਇਆ ਦਿੱਤਾ ਜਾਵੇਗਾ ਆਦਿ। ਆਗੂ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਸਬੰਧੀ 30 ਸਤੰਬਰ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ, ਜੇਕਰ ਫਿਰ ਵੀ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ 19 ਅਕਤੂਬਰ ਨੂੰ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ‘ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੇ ਕਨਵੀਨਰ ਕਰਮਜੀਤ ਸ਼ਰਮਾ, ਵਰਿੰਦਰ ਢੋਸੀਵਾਲ, ਨੱਥਾ ਸਿੰਘ, ਮਨੋਹਰ ਲਾਲ ਸ਼ਰਮਾ, ਅੰਗਰੇਜ ਸਿੰਘ, ਓਮ ਪ੍ਰਕਾਸ਼, ਹਰਭਗਵਾਨ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਸ਼ੁਰੂ ਕੀਤੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ।
ਜੇਲ੍ਹ ਭਰੋ ਅੰਦੋਲਨ ਲਈ ਸੂਚੀਆਂ ਬਣਨੀਆਂ ਸ਼ੁਰੂ
ਬਰਨਾਲਾ (ਖੇਤਰੀ ਪ੍ਰਤੀਨਿਧ): ਸਾਂਝਾ ਫਰੰਟ ਵੱਲੋਂ ਆਰੰਭੀ ਲੜੀਵਾਰ ਭੁੱਖ ਹੜਤਾਲ ਤੀਜੇ ਦਿਨ ਜਾਰੀ ਰਹੀ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੇ ਸੰਘਰਸ਼ ਦਾ ਮੈਦਾਨ ਪੂਰੀ ਤਰ੍ਹਾਂ ਭੱਖ ਗਿਆ ਹੈ ਅਤੇ 19 ਅਕਤੂਬਰ ਤੋਂ ਸ਼ੁਰੂ ਹੋ ਰਹੇ ਜੇਲ੍ਹ ਭਰੋ ਅੰਦੋਲਨ ਲਈ ਲਿਸਟਾਂ ਬਨਣੀਆਂ ਸ਼ੁਰੂ ਹੋ ਗਈਆਂ ਹਨ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਤੋਂ ਇਲਾਵਾ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਰੋਕਣਾ ਮੁੱਖ ਮੰਗਾਂ ਹਨ, ਜਿਨ੍ਹਾਂ ਨੂੰ ਹੱਲ ਕਰਵਾਏ ਬਿਨਾਂ ਸੰਘਰਸ਼ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।