ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਸੇਵਾਵਾਂ ਠੱਪ ਕਰ ਕੇ ਰੋਸ ਪ੍ਰਗਟਾਇਆ
ਪ੍ਰਾਈਵੇਟ ਕੰਪਨੀਆਂ ਦੀ ਧੱਕੇਸ਼ਾਹੀ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ
ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪੱਧਰ ’ਤੇ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਮੋਗਾ ਜ਼ਿਲ੍ਹੇ ਦੇ ਸਮੂਹ 13 ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਬੰਦ ਕਰ ਕੇ ਮੋਗਾ ਦੇ ਮੇਨ ਚੌਕ ਬੱਸ ਸਟੈਂਡ ਦੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪ੍ਰਾਈਵੇਟ ਕੰਪਨੀਆਂ ਦੀਆਂ ਨੀਤੀਆਂ ਅਤੇ ਮੁਲਾਜ਼ਮ ਵਿਰੋਧੀ ਕਾਰਵਾਈਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਰੋਸ ਪ੍ਰਗਟਾਇਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਘੱਟ ਤਨਖ਼ਾਹ, ਅਸੁਰੱਖਿਅਤ ਨੌਕਰੀਆਂ ਅਤੇ ਪ੍ਰਾਈਵੇਟ ਕੰਪਨੀਆਂ ਦੀ ਧੱਕੇਸ਼ਾਹੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਨਾ ਤਾਂ ਕੋਈ ਪੱਕੀ ਨੌਕਰੀ ਦੀ ਗਾਰੰਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਬਣਦੇ ਹੱਕ ਅਤੇ ਸਹੂਲਤਾਂ ਮਿਲ ਰਹੀਆਂ ਹਨ।
ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਕੰਪਨੀ ਵੱਲੋਂ ਮੁਲਾਜ਼ਮਾਂ ਦੀ ਏਕਤਾ ਨੂੰ ਤੋੜਨ ਲਈ ਸੋਚੀ-ਸਮਝੀ ਸਾਜ਼ਿਸ਼ ਤਹਿਤ ਹਰ ਜ਼ਿਲ੍ਹੇ ਵਿੱਚ 15-15 ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਇਆ ਕੀਤਾ ਜਾ ਰਿਹਾ ਹੈ ਤਾਂ ਜੋ ਬਾਕੀ ਕਰਮਚਾਰੀਆਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੰਪਨੀ ਦੀ ਇਹ ਕਾਰਵਾਈ ਨਾ ਸਿਰਫ਼ ਗੈਰ-ਲੋਕਤੰਤਰੀ ਹੈ ਸਗੋਂ ਮੁਲਾਜ਼ਮਾਂ ਦੇ ਹੱਕਾਂ ਦੀ ਖੁੱਲ੍ਹੀ ਉਲੰਘਣਾ ਹੈ।
ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਜਾਰੀ
ਮਾਨਸਾ (ਪੱਤਰ ਪ੍ਰੇਰਕ): ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੀ ਕੰਮ ਛੋੜ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਬਹੁਤ ਹੀ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਪ੍ਰੰਤੂ ਉਨ੍ਹਾਂ ਦੇ ਮੰਗਾਂ-ਮਸਲਿਆਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ ਹੈ। ਇਸ ਕੰਮ ਛੋੜ ਹੜਤਾਲ ਕਾਰਨ ਪਿੰਡਾਂ ’ਚੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਕੰਮ-ਕਾਜ ਲਈ ਆਉਂਦੇ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਅਤੇ ਆਗੂ ਮਨਵੀਰ ਕੌਰ ਨੇ ਦੱਸਿਆ ਕਿ ਪੰਜਾਬ ਭਰ ਦੇ ਸੇਵਾ ਕੇਂਦਰ ਮੁਲਾਜ਼ਮ ਲੰਬੇ ਸਮੇਂ ਤੋਂ ਘੱਟ ਤਨਖਾਹਾਂ, ਠੇਕੇਦਾਰੀ ਸਿਸਟਮ, ਮਾਨਸਿਕ ਦਬਾਅ ਅਤੇ ਨੌਕਰੀ ਦੀ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਯੁੱਗ ਵਿੱਚ ਬਹੁਤ ਘੱਟ ਤਨਖਾਹਾਂ ਦੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨਾ ਬਹੁਤ ਔਖਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਵਾਉਣ, ਪੋਸਟਾਂ ਨੂੰ ਰੈਗੂਲਰ ਕਰਵਾਉਣ ਅਤੇ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਵਾਉਣ ਤੱਕ ਇਹ ਅੰਦੋਲਨ ਜਾਰੀ ਰੱਖਿਆ ਜਾਵੇਗਾ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੇ ਮੰਗਾਂ-ਮਸਲਿਆਂ ਨੂੰ ਛੇਤੀ ਹੱਲ ਕੀਤਾ ਜਾਵੇ।

