ਪਰਮਜੀਤ ਸਿੰਘ
ਫਾਜ਼ਿਲਕਾ, 2 ਮਈ
ਇਥੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਫਾਜ਼ਿਲਕਾ ਵੱਲੋਂ ਸੂਬਾਈ ਆਗੂਆਂ ਨਾਲ ਮਿਲ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਫਾਜ਼ਿਲਕਾ ਦੇ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਅਤੇ ਮੈਂਬਰਾਂ ਨੇ ਦੋਸ਼ ਲਾਇਆ ਕਿ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਗਰ ਸੇਤੀਆ ਵੱਲੋਂ ਅਸ਼ੋਕ ਕੁਮਾਰ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ ਅਤੇ ਸੂਬਾ ਮੀਤ ਪ੍ਰਧਾਨ ਨੂੰ ਆਪਣੇ ਦਫ਼ਤਰ ’ਚ ਬੁਲਾ ਕੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ। ਜਿਸ ਦੇ ਵਿਰੋਧ ਵਿੱਚ ਕਰਮਚਾਰੀਆਂ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਫਾਜ਼ਿਲਕਾ ਦੇ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਭਾਸ਼ਾ ਉਕਤ ਅਧਿਕਾਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਨੂੰ ਬੋਲੀ ਗਈ ਹੈ ਉਹ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਿਸ ਦੀ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਅਤੇ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਅਧਿਕਾਰੀ ਵੱਲੋਂ ਉਕਤ ਕਰਮਚਾਰੀ ਤੋਂ ਮੁਆਫ਼ੀ ਨਹੀਂ ਮੰਗੀ ਜਾਂਦੀ ਤਾਂ ਇਹ ਧਰਨਾ ਪੰਜਾਬ ਦੇ ਸਾਰਿਆਂ ਜ਼ਿਲ੍ਹਿਆਂ ’ਚ ਲਗਾਇਆ ਜਾਵੇਗਾ ਅਤੇ ਪੰਜਾਬ ਪੱਧਰ ਦਾ ਧਰਨਾ ਵੀ ਫਾਜ਼ਿਲਕਾ ਜ਼ਿਲ੍ਹੇ ’ਚ ਉਕਤ ਅਧਿਕਾਰੀ ਦੇ ਖ਼ਿਲਾਫ਼ ਲਗਾਇਆ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਉਕਤ ਅਧਿਕਾਰੀ ਮੁਆਫ਼ੀ ਨਹੀਂ ਮੰਗਦਾ ਤਾਂ ਇਸ ਦੀ ਬਦਲੀ ਪੰਜਾਬ ਤੋਂ ਬਾਹਰ ਕੀਤੀ ਜਾਵੇ। ਉਧਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਧਰਨਾ ਦੇ ਰਹੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਅਤੇ ਸਮਝਾ ਕੇ ਧਰਨਾ ਸਮਾਪਤ ਕਰਵਾਇਆ ਗਿਆ। ਦੋਵਾਂ ਧਿਰਾਂ ਨੂੰ ਬਿਠਾ ਕੇ ਹੋਈ ਗੱਲਬਾਤ ਨੂੰ ਸੁਲਝਾ ਲਿਆ ਗਿਆ ਹੈ।