ਪੱਤਰ ਪ੍ਰੇਰਕ
ਬੁਢਲਾਡਾ, 31 ਮਾਰਚ
ਦੇਸ਼ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਦੀ ਅਗਵਾਈ ਵਿੱਚ ਲੱਖਾਂ ਕਿਸਾਨਾਂ ਨੇ ਜਿੱਥੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਘੇਰੀ ਹੋਈ ਹੈ ਉਥੇ ਚਾਰ ਮਹੀਨਿਆਂ ਤੋਂ ਵੀ ਵੱਧ ਕਿਸਾਨਾਂ ਨੇ ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਲਗਾਤਾਰ ਜਾਰੀ ਰੱਖਿਆ ਹੋਇਆ ਹੈ। ਅੱਜ ਇੱਥੇ ਪੰਪ ਉਤੇ ਦਿੱਲੀ ਦੇ ਸੰਘਰਸ਼ ਤੋਂ ਵਾਪਸ ਪਰਤੇ ਆਲ ਇੰਡੀਆ ਕੁਲ ਹਿੰਦ ਕਿਸਾਨ ਸਭਾ ਦੇ ਕਿਸਾਨ ਆਗੂ ਐਡਵੋਕੇਟ ਸਵਰਨ ਸਿੰਘ ਦਲਿਓਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਅਜਿਹੇ ਹਾਲਾਤਾਂ ਤੋਂ ਲੱਗ ਰਿਹਾ ਹੈ ਕਿ ਕੇਂਦਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਸਮੇਤ ਸਾਰੀਆਂ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਵੇਗਾ। ਇਸੇ ਤਰ੍ਹਾਂ ਭਾਜਪਾ ਸੂਬਾਈ ਆਗੂ ਰਾਕੇਸ਼ ਜੈਨ ਦੀ ਕੋਠੀ ਤੇ ਬੀਜੇਪੀ ਬਲਾਕ ਆਗੂ ਪੰਡਤ ਸੁਖਦਰਸ਼ਨ ਸ਼ਰਮਾ ਦਾ ਘਰ ਵੀ ਕਿਸਾਨ ਜੱਥੇਬੰਦੀ ਏਕਤਾ ਉਗਰਾਹਾਂ ਦੇ ਕਾਰਕੁਨਾਂ ਵੱਲੋਂ ਘੇਰਿਆ ਹੋਇਆ ਹੈ ਜਿੱਥੇ ਮੋਦੀ ਤੇ ਕੇਂਦਰ ਸਰਕਾਰ ਵਿਰੁੱਧ ਤਿੱਖੀ ਨਾਹਰੇਬਾਜ਼ੀ ਦਾ ਹੜ ਵਗਿਆ ਹੋਇਆ ਹੈ।
ਮਹਿਲ ਕਲਾਂ (ਪੱਤਰ ਪ੍ਰੇਰਕ) ਕੇਂਦਰ ਸਰਕਾਰ ਦੇ ਲਿਆਂਦੇ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਹਿਲ ਕਲਾਂ ਟੋਲ ਪਲਾਜ਼ਾ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਅੱਜ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਅੱਜ ਪੱਕੇ ਮੋਰਚੇ ਦੇ 183ਵੇਂ ਦਿਨ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਦੇਵ ਸਿੰਘ ਮਾਂਗੇਵਾਲ, ਗੁਰਮੇਲ ਸਿੰਘ ਠੁੱਲੀਵਾਲ, ਅਮਰਜੀਤ ਸਿੰਘ ਕੁੱਕੂ, ਅਜਮੇਰ ਸਿੰਘ ਮਹਿਲ ਕਲਾਂ, ਮਲਕੀਤ ਸਿੰਘ ਈਨਾ, ਬਿਜਲੀ ਮੁਲਾਜਮ ਕੁਲਵੀਰ ਸਿੰਘ ਠੀਕਰੀਵਾਲਾ, ਨਰੈਣ ਦੱਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਾਤਮੇ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਅੱਜ ਪਾਵਰਕੌਮ ਸਬ ਡਿਵੀਜ਼ਨ ਮਹਿਲ ਕਲਾਂ ਤੋਂ ਸੇਵਾਮੁਕਤ ਹੋਏ ਬਿਜਲੀ ਮੁਲਾਜ਼ਮ ਜਸਵੰਤ ਸਿੰਘ ਮਠਾੜੂ ਨੇ ਸੇਵਾਮੁਕਤ ਹੋਣ ਉਪਰੰਤ ਬਿਜਲੀ ਗਰਿੱਡ ਤੋਂ ਪਰਿਵਾਰ ਸਮੇਤ ਸਿੱਧੇ ਪੱਕੇ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਿੱਚ ਕਿਸਾਨ ਹਿੱਤਾਂ ਲਈ ਕੰਮ ਕਰਨ ਦਾ ਐਲਾਨ ਕੀਤਾ।
ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਸੌਂਪੀ
ਤਲਵੰਡੀ ਸਾਬੋ (ਪੱਤਰ ਪ੍ਰੇਰਕ) ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀ ਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਲਕੇ ਦੇ ਪਿੰਡ ਪੱਕਾ ਕਲਾਂ ਦੇ ਸ਼ਹੀਦ ਹੋਏ ਕਿਸਾਨ ਅਜੈਬ ਸਿੰਘ ਦੇ ਪਰਿਵਾਰ ਨਾਲ ਜਿੱਥੇ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਦੁੱਖ ਸਾਂਝਾ ਕੀਤਾ, ਉੱਥੇ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਭੇਜੀ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਤੇ ਆਪਣੇ ਨਿੱਜੀ ਖਾਤੇ ਵਿੱਚੋਂ ਇੱਕ ਲੱਖ ਰੁਪਏ ਦੀ ਮਦਦ ਪੀੜਤ ਪਰਿਵਾਰ ਨੂੰ ਸੌਂਪੀ। ਇਸ ਮੌਕੇ ਉਨ੍ਹਾਂ ਨਾਲ ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਜਗਾ, ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ, ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਸਿੱਧੂ ਆਦਿ ਹਾਜ਼ਰ ਸਨ।