ਪੌਦੇ ਲਾਉਣ ਤੇ ਸੰਭਾਲਣ ਦਾ ਹੋਕਾ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿੱੱਚ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੰਸਥਾਪਕ ਆਗੂ ਗੁਰਪ੍ਰੀਤ ਸਿੰਘ ਚੰਦਬਾਜਾ ਦੀ ਅਗਵਾਈ ਹੇਠ ਕੋਟਕਪੂਰਾ ਗਰੁੱਪ ਆਫ ਫੈਮਿਲੀਜ਼ ਬਰੈਂਪਟਨ (ਕੈਨੇਡਾ) ਦੇ ਸਹਿਯੋਗ ਨਾਲ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕਿਹਾ ਕਿ ਖੁਸ਼ੀ-ਗਮੀ ਮੌਕੇ ਬੂਟੇ ਲਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਬੱਚਿਆਂ ਨੂੰ ਪਟਾਕਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖ ਆਪਣੇ ਸਵਾਰਥ ਲਈ ਦਰਿਆਵਾਂ ਵਿੱਚ ਪ੍ਰਦੂਸ਼ਿਤ ਪਾਣੀ ਤੇ ਹੋਰ ਕੈਮੀਕਲ ਯੁਕਤ ਪਦਾਰਥ ਸੁੱਟ ਰਿਹਾ ਹੈ, ਜੰਗਲਾਂ ਦੀ ਅੰਨ੍ਹੇਵਾਹ ਕਟਾਈ ਕਰ ਰਿਹਾ ਤੇ ਪਰਾਲੀ ਨੂੰ ਅੱਗ ਲਾ ਰਿਹਾ ਹੈ ਜੋ ਚਿੰਤਜਨਕ ਹੈ। ਮਾਸਟਰ ਹਰਜਿੰਦਰ ਸਿੰਘ ਨੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਕਾਰਜਾਂ ਤੋਂ ਜਾਣੂ ਕਰਵਾਇਆ। ਸਕੂਲ ਮੁਖੀ ਹਰਪ੍ਰੀਤ ਕੌਰ ਅਤੇ ਵਰਿੰਦਰਪਾਲ ਸਿੰਘ ਅਰਨੇਜਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ।
