ਜਸਵੰਤ ਜੱਸ
ਫ਼ਰੀਦਕੋਟ, 16 ਅਕਤੂਬਰ
ਪੰਜਾਬ ਦੇ ਸਿਹਤ ਮੰਤਰੀ ਦੀ ਸਖ਼ਤੀ ਤੋਂ ਬਾਅਦ ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਸਿਹਤ ਸਹੂਲਤਾਂ ਲੋਕਾਂ ਨੂੰ ਨਹੀਂ ਮਿਲ ਰਹੀਆਂ ਜਿਸ ਕਰਕੇ ਮਰੀਜ਼ਾਂ ਦੇ ਵਾਰਸਾਂ ਨੂੰ ਹਸਪਤਾਲਾਂ ਵਿਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਦੋ ਹਫ਼ਤਾ ਪਹਿਲਾਂ ਇੱਥੇ ਆਏ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਸੀ ਕਿ ਹਸਪਤਾਲ ਅਤੇ ਮੈਡੀਕਲ ਕਾਲਜ ਦਾ ਹਰ ਪੱਖੋਂ ਤੁਰੰਤ ਸੁਧਾਰ ਕੀਤਾ ਜਾਵੇਗਾ ਅਤੇ ਪਰਚੀਆਂ ਬਣਾਉਣ ਲਈ ਲੋਕਾਂ ਨੂੰ ਲਾਈਨ ਵਿੱਚ ਖੜ੍ਹਾ ਨਹੀਂ ਕੀਤਾ ਜਾਵੇਗਾ। ਪ੍ਰੰਤੂ ਇਸ ਦੇ ਬਾਵਜੂਦ ਸੀਨੀਅਰ ਬ੍ਰਾਂਚ ਵਿੱਚ ਲੋੜੀਂਦਾ ਸਟਾਫ਼ ਭਰਤੀ ਨਹੀਂ ਕੀਤਾ ਗਿਆ ਅਤੇ ਨਾ ਹੀ ਨਵੀਆਂ ਖਿੜਕੀਆਂ ਬਣਾਈਆਂ ਗਈਆਂ ਹਨ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਅਜੇ ਵੱਡੇ ਹੰਭਲੇ ਮਾਰਨ ਦੀ ਲੋੜ ਹੈ। ਵਿਧਾਇਕ ਨੇ ਕਿਹਾ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਅਤੇ ਇਹ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਸਿਹਤ ਮੰਤਰੀ ਨੇ ਹਸਪਤਾਲ ਦਾ ਦੌਰਾ ਕਰਕੇ ਸਾਰੀਆਂ ਘਾਟਾਂ ਦੂਰ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਸਰਕਾਰ ਹਸਪਤਾਲ ਵਿੱਚ ਸਟਾਫ ਦੀ ਘਾਟ ਨੂੰ ਪੂਰਾ ਕਰ ਦੇਵੇਗੀ।
ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਵੀ ਵੱਡੀ ਘਾਟ ਹੈ ਅਤੇ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਹੈ ਮਾਹਰ ਡਾਕਟਰ ਅਤੇ ਸਟਾਫ ਨੂੰ ਜਲਦ ਭਰਤੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਉੱਚ ਅਧਿਕਾਰੀਆਂ ਦੀ ਜਵਾਬ ਤਲਬੀ ਤੈਅ ਕੀਤੀ ਜਾਵੇਗੀ। ਮੈਡੀਕਲ ਸੁਪਰਡੈਂਟ ਡਾ. ਸੁਲੇਖ ਮਿੱਤਲ ਨੇ ਕਿਹਾ ਕਿ ਹਸਪਤਾਲ ਦੇ ਪ੍ਰਬੰਧਾਂ ਨੂੰ ਸੁਧਾਰਨ ਲਈ ਉੱਚ ਪੱਧਰੀ ਕੋਸ਼ਿਸ਼ਾਂ ਹੋ ਰਹੀਆਂ ਹਨ ਅਤੇ ਅਗਲੇ ਕੁਝ ਹੀ ਸਮੇਂ ਵਿੱਚ ਮਰੀਜ਼ਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਜਾਵੇਗਾ।