ਹਰ ਵਰਗ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ: ਕਾਂਗੜ
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 28 ਜੂਨ
ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ‘ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ਉੱਤੇ ਫੇਲ੍ਹ ਸਾਬਤ ਹੋਈ ਹੈ ਤੇ ਅੱਜ ਸਮਾਜ ਦਾ ਹਰ ਵਰਗ ਇਸ ਦੀ ਕਾਰਗੁਜ਼ਾਰੀ ਤੋਂ ਬੇਹੱਦ ਦੁੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ, ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ’ਚ ਜਾ ਰਹੇ ਹਨ, ਹਰ ਪਾਸੇ ਲੁੱਟਾਂ-ਖੋਹਾਂ, ਕਤਲੇਆਮ ਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਇਸ ਸਮੇਂ ਜਗਮੋਹਨ ਸਿੰਘ ਭਗਤਾ ਤੇ ਸਤਵਿੰਦਰ ਸਿੰਘ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ। ਸ੍ਰੀ ਕਾਂਗੜ ਨੇ ਇਨ੍ਹਾਂ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਪਾਰਟੀ ’ਚ ਬਣਦਾ ਸਤਿਕਾਰ ਦੇਣ ਦਾ ਦਾ ਭਰੋਸਾ ਦਿੱਤਾ। ਇਸ ਮੌਕੇ ਨਗਰ ਪੰਚਾਇਤ ਭਗਤਾ ਦੇ ਪ੍ਰਧਾਨ ਬੂਟਾ ਸਿੱਧੂ, ਪਰਮਜੀਤ ਬਿੰਦਰ, ਪ੍ਰਿੰਸੀਪਲ ਜਸਮੀਤ ਬਰਾੜ, ਲਖਵੀਰ ਲੱਖਾ, ਇੰਦਰਜੀਤ ਨਾਗਪਾਲ, ਸਾਬਕਾ ਸਰਪੰਚ ਰਾਜਿੰਦਰ ਰਾਜੂ ਤੇ ਸੇਵਾਮੁਕਤ ਡੀਐੱਸਪੀ ਸੁਖਦੇਵ ਸਿੰਘ ਆਦਿ ਹਾਜ਼ਰ ਸਨ।