ਫਰੀਦਕੋਟ ਦੇ ਮੈਡੀਕਲ ਕਾਲਜ ਨੂੰ ਅਧੁਨਿਕ ਐੱਮਆਰਆਈ ਮਸ਼ੀਨ ਮਿਲੀ
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 1 ਜੂਨ
ਪੰਜਾਬ ਸਰਕਾਰ ਨੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਆਧੁਨਿਕ ਸਹੂਲਤਾਂ ਵਾਲੀ ਐੱਮਆਰਆਈ ਮਸ਼ੀਨ ਮੁਹੱਈਆ ਕਰਵਾਈ ਹੈ ਜਿਸ ਦੀ ਕੀਮਤ ਕਰੀਬ 30 ਕਰੋੜ ਰੁਪਏ ਦੱਸੀ ਗਈ ਹੈ। ਇਹ ਪਹਿਲੀ ਅਤਿ ਆਧੁਨਿਕ ਐੱਮਆਰਆਈ ਮਸ਼ੀਨ ਹੈ ਅਤੇ ਇਸ ਤੋਂ ਪਹਿਲਾਂ ਪੰਜਾਬ ਦੇ ਕਿਸੇ ਵੀ ਹਸਪਤਾਲ ਜਾਂ ਮੈਡੀਕਲ ਕਾਲਜ ਵਿੱਚ ਇਹ ਮਸ਼ੀਨ ਮੌਜੂਦ ਨਹੀਂ ਹੈ। ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟੈਸਲਾ ਐੱਮਆਰ ਆਈ ਮੈਗਨੇਟ ਵੀਡੀਏ ਮਸ਼ੀਨ ਫਰੀਦਕੋਟ ਦੇ ਮੈਡੀਕਲ ਕਾਲਜ ਨੂੰ ਮੁਹੱਈਆ ਕਰਵਾਈ ਹੈ ਜਿਸ ਦੇ 64 ਚੈਨਲ ਹਨ। ਉਨ੍ਹਾਂ ਦੱਸਿਆ ਕਿ ਇਸ ਆਧੁਨਿਕ ਮਸ਼ੀਨ ਦੇ ਸਰਕਾਰੀ ਹਸਪਤਾਲ ਵਿੱਚ ਆਉਣ ਨਾਲ ਫਰੀਦਕੋਟ, ਮੋਗਾ, ਮੁਕਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਹਜ਼ਾਰਾਂ ਮਰੀਜ਼ਾਂ ਨੂੰ ਵੱਡੀ ਸਹੂਲਤ ਮਿਲੀ ਹੈ। ਵਾਈਸ ਚਾਂਸਲ ਡਾ. ਰਾਜੀਵ ਸੂਦ ਨੇ ਦੱਸਿਆ ਕਿ ਜਲਦੀ ਹੀ ਇਹ ਮਸ਼ੀਨ ਲੋਕਾਂ ਦੀਆਂ ਸਹੂਲਤਾਂ ਲਈ ਚਾਲੂ ਕਰ ਦਿੱਤੀ ਜਾਵੇਗੀ।