ਜਸਵੰਤ ਜੱਸ
ਫ਼ਰੀਦਕੋਟ, 5 ਨਵੰਬਰ
ਜ਼ਿਲ੍ਹੇ ‘ਚ ਪੰਜ ਕਰੋੜ ਤੋਂ ਵੱਧ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸਰਕਾਰ ਦੇ ਜ਼ੁਬਾਨੀ ਹੁਕਮਾਂ ਤੋਂ ਬਾਅਦ ਰੋਕ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਤੋਂ ਲੋੜੀਂਦੇ ਫੰਡ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਤੋਂ ਫਿਰੋਜ਼ਪੁਰ ਤੱਕ ਸੜਕ ਪਿਛਲੇ ਪੰਜ ਸਾਲ ਤੋਂ ਟੁੱਟੀ ਹੋਈ ਹੈ। ਇਸ ਦੇ ਮੱਦੇਨਜ਼ਰ ਇਸੇ ਸਾਲ ਫਰਵਰੀ ਵਿੱਚ ਪੰਜਾਬ ਸਰਕਾਰ ਨੇ ਇਸ ਸੜਕ ਨੂੰ ਬਣਾਉਣ ਲਈ 21 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਸੀ, ਪ੍ਰੰਤੂ ਹੁਣ ਇਸ ਸੜਕ ਦੀ ਮੁਰੰਮਤ ਅਤੇ ਵਿਸਥਾਰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਹੈ। ਇਸੇ ਤਰ੍ਹਾਂ ਫ਼ਰੀਦਕੋਟ ਸ਼ਹਿਰ ਦੀਆਂ 19 ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਪਾਸੋ 6 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਸ ਪੈਸੇ ਨਾਲ ਨਹਿਰੂ ਗੇਟ, ਘੰਟਾ ਘਰ, ਤਾਜਪੋਸ਼ੀ ਤੇ ਵਿਰਾਸਤੀ ਦਰਵਾਜ਼ੇ ਆਦਿ ਦੀ ਮੁਰੰਮਤ ਕੀਤੀ ਜਾਣੀ ਸੀ। ਪੰਜਾਬ ਸਰਕਾਰ ਨੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦੇ ਜੇਲ੍ਹ ਸੈੱਲ ਨੂੰ ਯਾਦਗਾਰੀ ਸੈੱਲ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਸੀ। ਇਸ ਲਈ ਕਰੀਬ 9 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। 11 ਕਨਾਲਾਂ ‘ਚ ਬਣਨ ਵਾਲੀ ਇਸ ਯਾਦਗਾਰ ਲਈ ਵੀ ਪੰਜਾਬ ਸਰਕਾਰ ਨੇ ਜਾਰੀ ਹੋਣ ਵਾਲੇ ਫੰਡ ਰੋਕ ਦਿੱਤੇ ਹਨ।
ਗਿਆਨੀ ਜੈਲ ਸਿੰਘ ਦੇ ਸਾਬਕਾ ਸਿਆਸੀ ਸਕੱਤਰ ਸੁਰਿੰਦਰ ਕੁਮਾਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਗਿਆਨੀ ਜੈਲ ਸਿੰਘ ਦੀ ਯਾਦਗਾਰ ਨੂੰ ਢਾਹੁਣ ਦਾ ਫੈਸਲਾ ਕੀਤਾ ਸੀ, ਪ੍ਰੰਤੂ ਗਿਆਨੀ ਜੈਲ ਸਿੰਘ ਦੇ ਸਾਥੀਆਂ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਇਸ ਨੂੰ ਵਿਰਾਸਤੀ ਇਮਾਰਤ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਸੀ। ਪ੍ਰੰਤੂ ਇਸ ਨੂੰ ਅਜੇ ਤੱਕ ਲੋੜੀਂਦੇ ਫੰਡ ਨਹੀਂ ਮਿਲ ਸਕੇ। ਮੁੱਖ ਮੰਤਰੀ ਦੇ ਸਿਆਸੀ ਸਲਾਹਾਕਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਅਗਲੇ ਕੁਝ ਦਿਨਾਂ ‘ਚ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਵਿਸ਼ੇਸ਼ ਦੌਰੇ ‘ਤੇ ਆ ਰਹੇ ਹਨ ਅਤੇ ਉਹ ਫਰੀਦਕੋਟ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਨਜਿੱਠਣ ਦਾ ਉਪਰਾਲਾ ਕਰਨਗੇ।