ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕ ਹਫ਼ਤੇ ’ਚ ਤੀਜੀ ਵਾਰ ਅੱਜ ਫ਼ਰੀਦਕੋਟ ਆਏ ਅਤੇ ਉਨ੍ਹਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਤਿੰਨ ਵੱਖ ਵੱਖ ਰੈਲੀਆਂ ਨੂੰ ਸੰਬੋਧਨ ਕੀਤਾ। ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ ਜੋ ਸੁਖਬੀਰ ਬਾਦਲ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਜ਼ਿਲ੍ਹੇ ਅੰਦਰ ਗੁਆਚੀ ਸਾਖ਼ ਬਹਾਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਤਿੰਨੇ ਉਮੀਦਵਾਰ ਚੋਣ ਹਾਰ ਗਏ ਸਨ ਅਤੇ ਉਹ ਤੀਜੇ ਨੰਬਰ ’ਤੇ ਰਹੇ ਸਨ। ਲੋਕ ਸਭਾ ਚੋਣਾਂ ਵਿੱਚ ਵੀ ਅਕਾਲੀ ਦਲ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਦਾਣਾ ਮੰਡੀ ਵਿਚ ਬੰਟੀ ਰੋਮਾਣਾ ਦੇ ਹੱਕ ਵਿਚ ਇਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਮੱਖਣ ਨੰਗਲ ਨੇ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕਰ ਲਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਅਕਾਲੀ ਦਲ ਦੇ ਤਿੰਨ ਉਮੀਦਵਾਰਾਂ ਦੀ ਸਥਿਤੀ ਕਾਫੀ ਮਜ਼ਬੂਤ ਹੈ ਅਤੇ ਉਹ ਜ਼ਿਲ੍ਹੇ ਦੀਆਂ ਤਿੰਨਾਂ ਸੀਟਾਂ ਉਪਰ ਜਿੱਤ ਦਰਜ ਕਰਨਗੇ। ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਦਾ ਇੱਥੋਂ ਦੇ ਲੋਕਾਂ ਨਾਲ ਕਰੀਬੀ ਰਿਸ਼ਤਾ ਹੈ ਇਸੇ ਕਰਕੇ ਉਹ ਲਗਾਤਾਰ ਇਸ ਇਲਾਕੇ ਵਿੱਚ ਰੈਲੀਆਂ ਕਰ ਰਹੇ ਹਨ।