ਜਸਵੰਤ ਜੱਸ
ਫਰੀਦਕੋਟ, 18 ਸਤੰਬਰ
ਫ਼ਰੀਦਕੋਟ ਜ਼ਿਲ੍ਹੇ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਦੀ ਆਸਾਮੀ ਪਿਛਲੇ 31 ਮਾਰਚ ਨੂੰ ਸਿੱਖਿਆ ਅਫ਼ਸਰ ਸੱਤ ਪਾਲ ਦੇ ਸੇਵਾ-ਮੁਕਤ ਹੋ ਜਾਣ ਤੋਂ ਬਾਅਦ ਖਾਲੀ ਪਈ ਹੈ। ਇਸੇ ਤਰ੍ਹਾਂ ਸ਼ਿਵ ਰਾਜ ਕਪੂਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਫਰੀਦਕੋਟ ਇਸ ਸਮੇਂ ਦੋਵਾਂ ਅਹੁਦਿਆਂ ਦੀ ਦੇਖਰੇਖ ਕਰ ਰਹੇ ਹਨ। ਇਸ ਤੋਂ ਇਲਾਵਾ ਦਫ਼ਤਰੀ ਅਮਲੇ ਦੀ ਸਥਿਤੀ ਵੀ ਕੋਈ ਬਹੁਤੀ ਚੰਗੀ ਨਹੀਂ ਹੈ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਦੇ ਦਫ਼ਤਰ ਵਿੱਚ ਸੁਪਰਡੈਂਟਾਂ ਦੀਆਂ ਦੋ ਆਸਾਮੀਆਂ ਮਨਜ਼ੂਰ ਹਨ। ਇਸੇ ਤਰ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈੰਟਰੀ ਸਿੱਖਿਆ), ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ, ਪੰਡਿਤ ਚੇਤਨ ਦੇਵ ਸਰਕਾਰੀ ਬੀ.ਐੱਡ. ਕਾਲਜ ਫ਼ਰੀਦਕੋਟ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫਰੀਦਕੋਟ ਅਤੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿੱਚ ਸੁਪਰਡੈਂਟ ਦੀ ਇੱਕ-ਇਕ ਅਸਾਮੀ ਪ੍ਰਵਾਨ ਹੈ। ਫ਼ਰੀਦਕੋਟ ਜ਼ਿਲ੍ਹੇ ਦੇ ਸਿੱਖਿਆ ਦਫ਼ਤਰਾਂ ਤੇ ਹੋਰ ਸਰਕਾਰੀ ਕਾਲਜਾਂ ਤੇ ਸੰਸਥਾਵਾਂ ਵਿੱਚ ਸੁਪਰਡੈਂਟਾਂ ਦੀਆਂ ਕੁੱਲ 6 ਅਸਾਮੀਆਂ ਮਨਜ਼ੂਰ ਹਨ।
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ ਅਤੇ ਜੱਥੇਬੰਦੀ ਦੇ ਸੂਬਾਈ ਸਲਾਹਕਾਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਸਾਰੇ ਦਫ਼ਤਰਾਂ, ਸਰਕਾਰੀ ਕਾਲਜਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਸੁਪਰਡੈਂਟਾਂ ਦੀਆਂ 100 ਫ਼ੀਸਦੀ ਅਸਾਮੀਆਂ ਪਿਛਲੇ ਕਈ ਸਾਲਾਂ ਤੋਂ ਖਾਲੀ ਪਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਸਾਮੀਆਂ ਖਾਲੀ ਹੋਣ ਕਾਰਨ ਦਫਤਰਾਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫਰੀਦਕੋਟ ਦੇ 43 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 11 ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਆਸਾਮੀਆਂ ਖਾਲੀ ਪਈਆਂ ਹਨ। ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮੌਜੂਦ ਪ੍ਰਿੰਸੀਪਲਾਂ ਨੂੰ ਦੋ ਜਾਂ ਦੋ ਤੋਂ ਵਧੇਰੇ ਸਕੂਲਾਂ ਦਾ ਚਾਰਜ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ। ਅਜਿਹਾ ਹੋਣ ਨਾਲ ਸਿੱਖਿਆ ਦਾ ਮਹੱਤਵਪੂਰਨ ਕਾਰਜ ਪ੍ਰਭਾਵਿਤ ਹੋ ਰਿਹਾ ਹੈ।
ਅਧਿਆਪਕ ਆਗੂਆਂ ਨੇ ਸਕੂਲੀ ਸਿੱਖਿਆ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਸਿੱਖਿਆ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਰੀਦਕੋਟ ਦੀ ਖਾਲੀ ਪਈ ਅਸਾਮੀ, ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਅਤੇ ਸਿੱਖਿਆ ਵਿਭਾਗ ਦੇ ਵੱਖ ਵੱਖ ਦਫ਼ਤਰਾਂ ਵਿੱਚ ਸੁਪਰਡੈਂਟਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ।
ਮਾਮਲਾ ਸਰਕਾਰ ਦੇ ਧਿਆਨ ’ਚ ਲਿਆਦਾ: ਵਿਧਾਇਕ
ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਕੂਲਾਂ ਵਿੱਚ ਅਧਿਕਾਰੀਆਂ ਤੇ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸਿੱਖਿਆ ਵਿਭਾਗ ਅਤੇ ਸਿੱਖਿਆ ਮੰਤਰੀ ਨੂੰ ਪਹਿਲਾਂ ਹੀ ਲਿਖਤੀ ਤੌਰ ’ਤੇ ਸੁਨੇਹਾ ਭੇਜਿਆ ਗਿਆ ਹੈ। ਅਗਲੇ ਕੁਝ ਦਿਨਾਂ ਵਿੱਚ ਇਹ ਅਸਾਮੀਆਂ ਪੁਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਦੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇਗਾ ਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।