ਜਸਵੰਤ ਜੱਸ
ਫ਼ਰੀਦਕੋਟ, 19 ਸਤੰਬਰ
12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਅਤੇ ਪੰਜਾਬੀ ਦੇ ਪਹਿਲੇ ਕਵੀ ਬਾਬਾ ਸ਼ੇਖ ਫ਼ਰੀਦ ਦੀ ਯਾਦ ਵਿੱਚ 19 ਤੋਂ 23 ਸਤੰਬਰ ਤੱਕ ਹੋਣ ਵਾਲੇ ਆਗਮਨ ਪੁਰਬ ਦੇ ਸਾਰੇ ਸਮਾਗਮ ਰੱਦ ਹੋਣ ਤੋਂ ਜ਼ਿਲ੍ਹਾ ਪ੍ਰਸ਼ਾਸਨ ਬਾਗੋਬਾਗ਼ ਦਿਸ ਰਿਹਾ ਹੈ। ਪੰਜਾਬ ਸਰਕਾਰ ਨੇ ਲੋਕਾਂ ਦੇ ਇਕੱਠ ਨੂੰ ਦੇਖਦਿਆਂ ਸਿਰਫ਼ ਸਮਾਗਮ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਗਮਨ ਪੁਰਬ ਦੌਰਾਨ ਸ਼ਹਿਰ ਦੀਆਂ ਸੜਕਾਂ, ਇਤਿਹਾਸਕ ਥਾਵਾਂ, ਚੌਕਾਂ ਅਤੇ ਜਨਤਕ ਥਾਵਾਂ ਨੂੰ ਸਾਫ਼ ਸੁਥਰਾ ਅਤੇ ਰੰਗ ਰੋਗਨ ਕੀਤਾ ਜਾਂਦਾ ਸੀ। ਇਸ ਤੋਂ ਇਲਾਵਾ ਸ਼ਹਿਰ ਦੀਆਂ ਜਨਤਕ ਥਾਵਾਂ ਤੋਂ ਕੂੜੇ ਢੇਰਾਂ ਦੀ ਸਫ਼ਾਈ ਕੀਤੀ ਜਾਂਦੀ ਸੀ। ਆਗਮਨ ਪੁਰਬ ਦੇ ਜਸ਼ਨਾਂ ਕਾਰਨ ਸਾਲ ਵਿੱਚ ਇੱਕ ਫ਼ਰੀਦਕੋਟ ਸ਼ਹਿਰ ਦੀ ਨੁਹਾਰ ਬਦਲ ਜਾਂਦੀ ਸੀ ਪਰ ਇਸ ਵਾਰ ਅਜਿਹਾ ਕੁਝ ਨਹੀਂ ਹੋਇਆ।
ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਆਗਮਨ ਪੁਰਬ ਦੇ ਸਮਾਗਮ ਰੱਦ ਕਰਨਾ ਸਰਕਾਰ ਦੀ ਮਜਬੂਰੀ ਸੀ ਪਰ ਸ਼ਹਿਰ ਦੀ ਸਾਫ਼ ਸਫ਼ਾਈ ਅਤੇ ਕੂੜੇ ਦੇ ਢੇਰਾਂ ਨੂੰ ਚੁੱਕਣ ਉੱਪਰ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਕਰੋਨਾ ਦਾ ਬਹਾਨਾ ਬਣਾ ਕੇ ਸਫ਼ਾਈ ਦੀ ਜ਼ਿੰਮੇਵਾਰੀ ਤੋਂ ਵੀ ਪਾਸਾ ਵੱਟ ਲਿਆ ਹੈ। ਰਵਿੰਦਰ ਬੁਗਰਾ ਨੇ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਦਾ ਮੰਦਾ ਹਾਲ ਹੈ। ਉਨ੍ਹਾਂ ਕਿਹਾ ਕਿ ਇੱਥੇ ਵਿਸ਼ਵ ਪੱਧਰੀ ਯੂਨੀਵਰਸਿਟੀ ਅਤੇ ਸੂਬਾ ਪੱਧਰੀ ਮੈਡੀਕਲ ਕਾਲਜ ਹੋਣ ਦੇ ਬਾਵਜੂਦ ਸੜਕਾਂ ਦੀ ਹਾਲਤ ਤਰਸਯੋਗ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਗਮਨ ਪੁਰਬ ਦੌਰਾਨ ਸ਼ਹਿਰ ਦੇ ਹਾਲਾਤ ਸੁਧਰਨ ਦੀ ਸੰਭਾਵਨਾ ਸੀ ਪਰ ਇਸ ਵਾਰ ਸਮਾਗਮ ਰੱਦ ਹੋਣ ਕਾਰਨ ਸ਼ਹਿਰ ਵਾਸੀਆਂ ਸਾਫ਼ ਸਫ਼ਾਈ ਦੀ ਉਮੀਦ ਹੋਰ ਵੀ ਲੰਬੀ ਹੋ ਗਈ ਹੈ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਸ਼ਹਿਰ ਦੀ ਸਾਫ਼ ਸਫ਼ਾਈ ਤੁਰੰਤ ਸ਼ੁਰੂ ਕਰਨ ਦੀ ਹਦਾਇਤ ਕੀਤੀ ਗਈ ਹੈ। ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਲਦ ਹੀ ਸਾਫ਼ ਸਫ਼ਾਈ ਅਤੇ ਸੜਕਾਂ ਦੀ ਮੁਰੰਮਤ ਮੁਕੰਮਲ ਹੋ ਜਾਵੇਗੀ।