ਹੜ੍ਹ ਪੀੜਤਾਂ ਦੇ ਹੱਕ ’ਚ ਨਿੱਤਰੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ
ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਦੇ ਹੜ੍ਹਾਂ ਮਾਰੇ ਕਿਸਾਨਾਂ, ਮਜ਼ਦੂਰਾਂ ਸਮੇਤ ਸਮੂਹ ਲੋਕਾਂ ਲਈ ਪੂਰੇ ਢੁਕਵੇਂ ਮੁਆਵਜ਼ੇ ਅਤੇ ਮੁੜ ਵਸੇਬੇ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਰਾਹੀਂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੂੰ ਮੰਗ ਪੱਤਰ ਦਿੱਤੇ ਗਏ। ਮੰਗ ਪੱਤਰ ਦੇਣ ਤੋਂ ਪਹਿਲਾਂ ਧਰਨੇ ਲਾਏ ਗਏ। ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਉਪਰੰਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅਧਿਕਾਰੀਆਂ ਰਾਹੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਭੇਜੇ ਮੰਗ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਸੂਬੇ ਨੂੰ ਹੜ੍ਹਾਂ ਕਾਰਨ ਕੁਦਰਤੀ ਆਫਤ ਅਧੀਨ ਐਲਾਨਿਆ ਜਾਵੇ ਅਤੇ ਪੀੜ੍ਹਤ ਲੋਕਾਂ ਦੀ ਤੁਰੰਤ ਪੂਰਨ ਮੱਦਦ ਕੀਤੀ ਜਾਵੇ। ਇਸੇ ਤਰ੍ਹਾਂ ਬਠਿੰਡਾ ਵਿਚ ਕੁਲ ਹਿੰਦ ਕਿਸਾਨ ਸਭਾ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸਾਂਝੇ ਵਫ਼ਦ ਨੇ ਅੱਜ ਇੱਥੇ ਏਡੀਸੀ ਪੂਨਮ ਸਿੰਘ ਨੂੰ ਮੰਗ ਪੱਤਰ ਦੇ ਕੇ ਮੰਗ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਦੌਰਾਨ ਹੋਏ ਹਰ ਕਿਸਮ ਦੇ ਨੁਕਸਾਨ ਦੀ ਪੂਰਤੀ ਵਜੋਂ ਕੇਂਦਰ ਤੇ ਪੰਜਾਬ ਸਰਕਾਰਾਂ ਮੁਆਵਜ਼ਾ ਜਾਰੀ ਕਰਨ। ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਜਸਵੀਰ ਸਿੰਘ ਆਕਲੀਆ, ਦਰਸ਼ਨ ਸਿੰਘ ਫੁੱਲੋ ਮਿੱਠੀ ਅਤੇ ਮਜ਼ਦੂਰ ਸਭਾ ਦੇ ਜ਼ਿਲ੍ਹਾ ਵਰਕਿੰਗ ਪ੍ਰਧਾਨ ਮਿੱਠੂ ਸਿੰਘ ਘੁੱਦਾ ਨੇ ਦੋਸ਼ ਲਾਇਆ ਕਿ ਹਕੂਮਤਾਂ ਨੇ ਹੜ੍ਹਾਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਨਾ ਕਰਨ ਕਾਰਣ ਕਰੀਬ ਚਾਰ ਲੱਖ ਏਕੜ ਫ਼ਸਲਾਂ ਸਮੇਤ ਬਹੁਤ ਸਾਰਾ ਹੋਰ ਸਮਾਨ ਅਸਬਾਬ ਅਤੇ ਕਈ ਮਨੁੱਖੀ ਜਾਨਾਂ ਚਲੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬੀ ਹੀ ਪੰਜਾਬੀਆਂ ਦੀ ਮੱਦਦ ਕਰ ਰਹੇ ਹਨ, ਪਰ ਸਮੇਂ ਦੀਆਂ ਸਰਕਾਰਾਂ ਨੇ ਪੀੜਤ ਲੋਕਾਂ ਦੇ ਜ਼ਖ਼ਮਾਂ ’ਤੇ ਹਾਲੇ ਤੱਕ ਫਹੇ ਰੱਖਣ ਦਾ ਕੰਮ ਨਹੀਂ ਕੀਤਾ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇੱਥੋਂ ਦੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ਮੁਜ਼ਾਹਰਾ ਕਰਦਿਆਂ ਹੜ੍ਹ ਪੀੜਤ ਲੋਕਾਂ ਲਈ ਮੁਆਵਜ਼ਾ ਅਤੇ ਮੁੜ ਵਸੇਬਾ ਕਰਨ ਦੀ ਮੰਗ ਕੀਤੀ ਗਈ ਹੈ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਇਥੇ ਬੀਕੇਯੂ (ਏਕਤਾ ਉਗਰਾਹਾਂ) ਵੱਲੋਂ ਜਿਲ੍ਹਾ ਸਕੱਤਰੇਤ ਅੱਗੇ ਰੋਸ ਮੁਜ਼ਾਹਰਾ ਸੂਬੇ ’ਚ ਹੜ੍ਹਾਂ ਕਾਰਨ ਹੋਏ ਜਾਨੀ ਮਾਲੀ ਤੇ ਫ਼ਸਲੀ ਨੁਕਸਾਨ ਲਈ ਸੂਬਾ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਮੌਕੇ ਕੌਮੀ ਆਫ਼ਤ ਐਲਾਨਣ ਦੀ ਮੰਗ ਕਰਦਿਆਂ ਸੂਬਾ ਤੇ ਕੇਂਦਰ ਸਰਕਾਰ ਦੇ ਨਾਮ ਡੀਸੀ ਰਾਹੀਂ ਮੰਗ ਪੱਤਰ ਦਿੱਤਾ ਗਿਆ।
ਬਰਨਾਲਾ (ਪਰਸ਼ੋਤਮ ਬੱਲੀ): ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਦੇ ਹੋਏ ਨੁਕਸਾਨ ਦੀ ਪੂਰਤੀ ਤੇ ਮੁੜ ਵਸੇਬੇ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਸੱਦੇ ਤਹਿਤ ਡੀਸੀ ਬਰਨਾਲਾ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਨਾਂ ਜ਼ਿਲ੍ਹਾ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ।