ਮਹਿੰਦਰ ਸਿੰਘ ਰੱਤੀਆਂ
ਮੋਗਾ, 29 ਮਈ
ਇਥੇ ਕਿਰਤੀ ਕਿਸਾਨ ਯੂਨੀਅਨ ਦੇ ਸੁੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ 4 ਬੱਸਾਂ ’ਚ ਕਿਸਾਨਾਂ ਅਤੇ ਔਰਤਾਂ ਦਾ ਜਥਾ ਕਾਫਲੇ ਦੇ ਰੂਪ ਵਿੱਚ ਦਿੱਲੀ ਦੇ ਸਿੰਘੂ ਮੋਰਚੇ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਢੁੱਡੀਕੇ ਨੇ ਕਿਹਾ ਕਿ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਮਜ਼ਬੂਤ ਅਤੇ ਤੇਜ਼ ਕਰਨ ਲਈ 4 ਬੱਸਾਂ ਵਿਚ ਕਿਸਾਨਾਂ ਤੇ ਬੀਬੀਆਂ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਮੱਠਾ ਪੈਣ ਦੀਆਂ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਥੇ ਦਿੱਲੀ ਮੋਰਚੇ ਵਿੱਚ ਭੇਜਣ ਲਈ ਲਾਮਬੰਦ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਿੰਨਾ ਚਿਰ ਲੋਕ ਮਾਰੂ ਕਾਲੇ ਕਾਨੂੰਨ ਸਰਕਾਰ ਰੱਦ ਨਹੀਂ ਕਰਦੀ, ਓਨਾ ਚਿਰ ਏਸੇ ਤਰ੍ਹਾਂ ਕਾਫਲੇ ਦਿੱਲੀ ਮੋਰਚੇ ਵਿੱਚ ਸ਼ਮੂਲੀਅਤ ਕਰਦੇ ਰਹਿਣਗੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਜ਼ਿਲ੍ਹਾ ਆਗੂ ਛਿੰਦਰਪਾਲ ਕੌਰ, ਸਵਰਨਜੀਤ ਕੌਰ ਰੋਡੇ ਆਦਿ ਮੌਜੂਦ ਸਨ।