ਪਰਮਜੀਤ ਸਿੰਘ
ਫਾਜ਼ਿਲਕਾ, 23 ਦਸੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਰੇਲਵੇ ਸਟੇਸ਼ਨ ਫਾਜ਼ਿਲਕਾ ’ਤੇ ਧਰਨਾ ਲਗਾਕੇ ਰੇਲ ਆਵਾਜ਼ਾਈ ਠੱਪ ਕੀਤੀ ਗਈ। ਜਿਸ ਦੀ ਅਗਵਾਈ ਕਮੇਟੀ ਆਗੂ ਜਗਦੀਸ਼ ਸਿੰਘ ਮਨਸਾ, ਕੁਲਵੰਤ ਸਿੰਘ ਅਤੇ ਗੁਰਬਖਸ਼ ਸਿੰਘ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਹ ਉਨ੍ਹਾਂ ਤੋਂ ਪਿੱਛੇ ਹਟ ਗਏ ਹਨ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਕਮੇਟੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਕੰਡਿਆਲੀ ਤਾਰ ਤੋਂ ਪਾਰ ਦੀਆਂ ਜ਼ਮੀਨਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ, ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਪੂਰਾ ਨਹੀਂ ਕੀਤਾ ਜਾ ਰਿਹਾ।
ਕਮੇਟੀ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰੇ ਅਤੇ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ ਮੋਮਬਤੀਆਂ ਜਗਾਈਆਂ ਗਈਆਂ।