ਕਿਸਾਨਾਂ ਤੇ ਮਜ਼ਦੂਰਾਂ ਨੇ ਡੀ ਐੱਸ ਪੀ ਦਫ਼ਤਰ ਅੱਗੇ ਧਰਨਾ ਲਾਇਆ
ਇੱਥੋਂ ਦੇ ਡੀ ਐੱਸ ਪੀ ਦਫ਼ਤਰ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਧਰਨਾ ਦੇ ਕੇ ਪੁਲੀਸ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਅਤੇ ਜ਼ੋਨ ਪ੍ਰਧਾਨ ਅਮਨਦੀਪ ਸਿੰਘ ਕੱਚਰਭੰਨ ਨੇ ਕਿਹਾ ਕਿ ਪਿੰਡ ਨੌਰੰਗ ਸਿੰਘ ਵਾਲਾ ਇਕਾਈ ਦੇ ਪ੍ਰਧਾਨ ਜਗਸੀਰ ਸਿੰਘ ’ਤੇ ਬੀਤੀ 10 ਅਕਤੂਬਰ ਨੂੰ ਪਿੰਡ ਬੋਤੀਆਂ ਵਾਲਾ ਦੇ ਨਜ਼ਦੀਕ ਸਵੇਰੇ 6 ਵਜੇ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰ ਕੇ ਮਰਿਆ ਹੋਇਆ ਸਮਝ ਕੇ ਸੁੱਟ ਦਿੱਤਾ ਗਿਆ ਸੀ। ਉਸ ਨੂੰ ਗੰਭੀਰ ਹਾਲਤ ’ਚ
ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜੋ ਅਜੇ ਵੀ ਕੋਮਾ ਵਿੱਚ ਹੈ। ਉਨ੍ਹਾਂ ਕਿਹਾ ਕਿ ਤਕਰੀਬਨ ਡੇਢ ਮਹੀਨਾ ਬੀਤਣ ਦੇ ਬਾਵਜੂਦ ਪੁਲੀਸ ਨੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਜਿਸ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਧਰਨਾ ਲਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਥਿਤ ਦੋਸ਼ੀ ਸ਼ਰ੍ਹੇਆਮ ਘੁੰਮ ਰਹੇ ਹਨ ਜਿਨ੍ਹਾਂ ਤੋਂ ਪਰਿਵਾਰ ਨੂੰ ਅਜੇ ਵੀ ਖ਼ਤਰਾ ਹੈ। ਧਰਨਾਕਾਰੀਆਂ ਨੇ ਪੁਲੀਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕੇ ਜੇ ਪੁਲੀਸ ਨੇ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਨਰਿੰਦਰਪਾਲ ਸਿੰਘ, ਮਨਜੋਤ ਸਿੰਘ, ਅਮਰਜੀਤ ਸਿੰਘ ਸੰਤੂਵਾਲਾ, ਗੁਰਮੀਤ ਸਿੰਘ ਚੱਬਾ, ਬਖਸ਼ੀਸ਼ ਸਿੰਘ ਤਲਵੰਡੀ, ਹਰਦੇਵ ਸਿੰਘ, ਸੁਖਵਿੰਦਰ ਸਿੰਘ ਕੋਹਾਲਾ, ਮਨਪ੍ਰੀਤ ਸਿੰਘ, ਪ੍ਰਨੀਤ ਸਿੰਘ ਡਕੌਂਦਾ, ਲਖਬੀਰ ਸਿੰਘ ਭੜਾਨਾ ਤੇ ਗੁਰਜੀਤ ਸਿੰਘ ਜ਼ੀਰਾ ਨੇ ਵੀ ਸੰਬੋਧਨ ਕੀਤਾ।
ਡੀ ਐੱਸ ਪੀ ਦੇ ਭਰੋਸੇ ਮਗਰੋਂ ਧਰਨਾ ਸਮਾਪਤ
ਧਰਨੇ ’ਚ ਪਹੁੰਚੇ ਡੀ ਐੱਸ ਪੀ ਜਸਪਾਲ ਸਿੰਘ ਢਿੱਲੋਂ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਜਿਸ ਉਪਰੰਤ ਆਗੂਆਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ।
