ਨਿੱਜੀ ਪੱਤਰ ਪ੍ਰੇਰਕ
ਸਿਰਸਾ, 31 ਮਈ
ਬੰਗਲੌਰ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟੇ ਜਾਣ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਦੇ ਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਕਿਸਾਨ ਨੇ ਭਾਜਪਾ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ’ਤੇ ਬੰਗਲੌਰ ’ਚ ਸਿਆਹੀ ਸੁੱਟੇ ਜਾਣ ਦੇ ਵਿਰੋਧ ਵਿੱਚ ਬੀਕੇਯੂ ਤੇ ਕਿਸਾਨ ਸਭਾ ਨਾਲ ਜੁੜੇ ਕਿਸਾਨ ਮਿਨੀ ਸਕੱਤਰੇਤ ਦੇ ਬਾਹਰ ਇਕੱਠੇ ਹੋਏ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਤਰ੍ਹਾਂ ਦੇ ਗੁੰਡਾ ਅਨਸਰਾਂ ਨੂੰ ਨੱਥ ਪਾਵੇ। ਇਸ ਮੌਕੇ ’ਤੇ ਲੱਖਵਿੰਦਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਗਿੱਲ, ਤਿਲਕ ਰਾਜ ਵਿਨਾਇਕ, ਇਕਬਾਲ ਸਿੰਘ, ਕਸ਼ਮੀਰ ਸਿੰਘ ਵੈਦਵਾਲਾ ਸਮੇਤ ਅਨੇਕ ਕਿਸਾਨ ਮੌਜੂਦ ਸਨ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਰਨਾਟਕ ਦੀ ਰਾਜਧਾਨੀ ਬੰਗਲੁਰੂ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ’ਤੇ ਹੋਏ ‘ਹਮਲੇ’ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਰਨਾਟਕ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਾਜ਼ਿਸ਼ ਦੇ ਪਿੱਛੇ ਜੋ ਚਿਹਰੇ ਹਨ, ਉਹ ਨੰਗੇ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇ। ਡੱਲੇਵਾਲ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਪੰਜਾਬ ਸਰਕਾਰ ਤੋਂ ਮੰਗ ਵੀ ਕੀਤੀ।
ਸ਼ਹਿਣਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਨੇ ਕਰਨਾਟਕ ਦੇ ਬਗਲੌਰ ਸ਼ਹਿਰ ’ਚ ਕਿਸਾਨਾਂ ਦੇ ਕੌਮੀ ਲੀਡਰ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਹ ਹਮਲੇ ਕਰਵਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਾਰਾ ਅੰਦੋਲਨ ਹਾਲੇ ਸਮਾਪਤ ਨਹੀਂ ਹੋਇਆ, ਕੇਵਲ ਮੁਲਤਵੀ ਹੋਇਆ ਹੈ। ਸਰਕਾਰ ਦੀਆਂ ਅਜਿਹੀਆਂ ਹਰਕਤਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਸ਼ਹਿਣਾ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ, ਜ਼ਿਲ੍ਹਾ ਮੀਤ ਪ੍ਰਧਾਨ ਜਗਤਾਰ ਬਾਵਾ, ਬਲਾਕ ਸ਼ਹਿਣਾ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਸਿੱਧੂ ਆਦਿ ਹਾਜ਼ਰ ਸਨ।
ਇਨਕਲਾਬੀ ਜਮਹੂਰੀ ਜਥੇਬੰਦੀਆਂ ਵੱਲੋਂ ਹਮਲੇ ਦੀ ਸਖ਼ਤ ਨਿਖੇਧੀ
ਬਰਨਾਲਾ (ਖੇਤਰੀ ਪ੍ਰਤੀਨਿਧ): ਬੰਗਲੌਰ ਵਿੱਚ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰੇ ਰਾਕੇਸ਼ ਟਿਕੈਤ ਉੱਤੇ ਹੋਏ ਹਮਲੇ ਦੀ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਜਥੇਬੰਦੀਆਂ ਦੇ ਆਗੂਆਂ ਨਰਾਇਣ ਦੱਤ, ਮਨਜੀਤ ਧਨੇਰ, ਗੁਰਮੀਤ ਸੁਖਪੁਰਾ, ਗੁਰਮੇਲ ਠੁੱਲੀਵਾਲ, ਮਹਿਮਾ ਸਿੰਘ ਢਿੱਲੋਂ ਨੇ ਕਿਹਾ ਕਿ ਬੇਂਗਲੁਰੂ ਦੇ ਗਾਂਧੀ ਭਵਨ ’ਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਵਾਪਰੀ। ਆਗੂਆਂ ਨੇ ਕਿਹਾ ਕਿ ਹੁਣ ਤੱਕ ਮੁੱਖ ਦੋਸ਼ੀ ਭਰਤ ਸੈੱਟੀ ਦੀ ਪਛਾਣ ਹੋ ਚੁੱਕੀ ਹੈ ਜਿਸ ਤੋਂ ਸਪੱਸ਼ਟ ਹੈ ਕਿ ਹਮਲਾ ਭਾਜਪਾ ਵੱਲੋਂ ਸਪਾਂਸਰ ਕੀਤਾ ਗਿਆ ਸੀ। ਇਸ ਘਟਨਾ ਨੇ ਇੱਕ ਵਾਰ ਫਿਰ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਆਗੂ ਰਜਿੰਦਰ ਪਾਲ, ਦਰਸ਼ਨ ਉੱਗੋਕੇ, ਗੁਰਦੇਵ ਮਾਂਗੇਵਾਲ, ਖੁਸ਼ਮੰਦਰਪਾਲ, ਹਰਚਰਨ ਚਹਿਲ, ਅਮਰਜੀਤ ਕੌਰ, ਪਰੇਮਪਾਲ ਕੌਰ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ, ਇਸ ਅਣਗਹਿਲੀ ਲਈ ਦੋਸ਼ੀ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ, ਇਸ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਜਾਣ ਅਤੇ ਇਸ ਪਿੱਛੇ ਸਿਆਸੀ ਸਾਜ਼ਿਸ਼ ਘਾੜਿਆਂ ਨੂੰ ਜਲਦ ਗ੍ਫਿਤਾਰ ਕੀਤਾ ਜਾਵੇ, ਰਕੇਸ਼ ਟਿਕੈਤ ਸਮੇਤ ਅਹਿਮ ਕਿਸਾਨ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ।