ਨਿੱਜੀ ਪੱਤਰ ਪ੍ਰੇਰਕ
ਮੋਗਾ, 4 ਦਸੰਬਰ
ਇੱਥੇ ਜ਼ਿਲ੍ਹਾ ਸਕੱਤਰੇਤ ਅੰਦਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦਿਨ ਰਾਤ ਦਾ ਪੱਕਾ ਮੋਰਚਾ ਨੌਂਵੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਰਾਜ ਸਰਕਾਰ ਦਾ ਪੁਤਲਾ ਫੂਕ ਕੇ ਐਲਾਨ ਕੀਤਾ ਕਿ 5 ਦਸੰਬਰ ਨੂੰ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ, 7 ਦਸੰਬਰ ਨੂੰ ਡਿਪਟੀ ਕਮਿਸ਼ਨਰਾਂ ਅਤੇ 12 ਦਸੰਬਰ ਨੂੰ ਰਾਜ ਸਰਕਾਰ ਦੇ ਵਜ਼ੀਰਾਂ ਤੇ ਵਿਧਾਇਕਾ ਦੇ ਘਿਰਾਓ ਤੇ 15 ਦਸੰਬਰ ਤੋਂ ਸੂਬਾ ਭਰ ਵਿੱਚ ਟੌਲ ਪਲਾਜ਼ੇ ਬੰਦ ਕੀਤੇ ਜਾਣਗੇ। ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹਵਾਲਾ ਤੇ ਜ਼ਿਲ੍ਹਾ ਸਕੱਤਰ ਕੁਲਵੰਤ ਸਿੰਘ ਖੋਸਾ ਨੇ ਕਿਹਾ ਡੀਸੀ ਦਫਤਰਾਂ ਵਿੱਚ ਪੱਕੇ ਮੋਰਚੇ ਨੂੰ ਅੱਜ ਨੌ ਦਿਨ ਪੂਰੇ ਹੋ ਚੁੱਕੇ ਹਨ ਤੇ ਸਰਕਾਰਾਂ ਅੱਤ ਦੀ ਠੰਢ ਵਿੱਚ ਬੈਠੇ ਧਰਨਾਕਾਰੀਆਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਰਵੱਈਏ ਕਾਰਨ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।
ਫਾਜ਼ਿਲਕਾ (ਨਿੱਜੀ ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ ਅੱਜ 9ਵੇਂ ਦਿਨ ਵੀ ਜਾਰੀ ਰਿਹਾ। ਅੱਜ ਮੋਰਚੇ ‘ਚ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਸ਼ਾਮਲ ਹੋ ਕੇ ਜੀਟੀ ਰੋਡ ਜਾਮ ਕੀਤਾ ਕਾਰਪੋਰੇਟਾਂ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਮਨਸਾ, ਸਕੱਤਰ ਕੁਲਵੰਤ ਸਿੰਘ ਤੇ ਖਜ਼ਾਨਚੀ ਮਨਜੀਤ ਸਿੰਘ ਨੇ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ, 23 ਫਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ, ਮਜ਼ਦੂਰਾਂ ਨੂੰ ਮਨਰੇਗਾ ਸਕੀਮ ਤਹਿਤ 365 ਦਿਨ ਕੰਮ ਅਤੇ ਦਿਹਾੜੀ ਦੁੱਗਣੀ ਦਿੱਤੀ ਜਾਵੇ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 5 ਦਸੰਬਰ ਨੂੰ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਨਾ ਕੀਤਾ ਤਾਂ 15 ਜਨਵਰੀ ਤੋਂ ਬਾਅਦ ਇੱਕ ਵੱਡਾ ਐਕਸ਼ਨ ਕੀਤਾ ਜਾਵੇਗਾ।