ਸਿਰਸਾ (ਪ੍ਰਭੂ ਦਿਆਲ): ਕਰਨਾਲ ’ਚ ਮੰਗਾਂ ਲਈ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਦੀ ਹਮਾਇਤ ਤੇ ਪ੍ਰਸ਼ਾਸਨ ਵੱਲੋਂ ਐੱਸਡੀਐੱਮ ਆਯੂਸ਼ ਸਿਨਾਹ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਕਰਨਾਲ ਦੇ ਤਤਕਾਲੀਨ ਐੱਸਡੀਐੱਮ ਦਾ ਪੁਤਲਾ ਫੂਕਿਆ।
ਇਸ ਦੌਰਾਨ ਕਿਸਾਨਾਂ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਦੇ ਨੇੜੇ ਬਾਬਾ ਭੂਮਣ ਸ਼ਾਹ ਚੌਕ ’ਚ ਪੁਤਲੇ ਫੂਕੇ ਤੇ ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਪ ਮੁੱਖ ਮੰਤਰੀ ਦੇ ਘਰ ਨੂੰ ਜਾਣ ਵਾਲੇ ਰਾਹਾਂ ’ਤੇ ਪੁਲੀਸ ਵੱਲੋਂ ਤਿੰਨ ਪਰਤਾਂ ਵਾਲੇ ਭਾਰੀ ਬੈਰੀਕੇਡ ਲਾਏ ਗਏ ਤੇ ਪੁਲੀਸ ਤੋਂ ਇਲਾਵਾ ਸੀਆਰਪੀਐੱਫ ਦੇ ਜਵਾਨਾਂ ਨੂੰ ਵੱਡੀ ਗਿਣਤੀ ’ਚ ਤਾਇਨਾਤ ਕੀਤਾ ਗਿਆ।