ਮਹਿੰਦਰ ਸਿੰਘ ਰੱਤੀਆਂ
ਮੋਗਾ, 16 ਅਕਤੂਬਰ
ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾਈ ਆਗੂ ਸੁਖਦੇਵ ਸਿੰਘ ਕੋਕਰੀ ਤੇ ਬਲੌਰ ਸਿੰਘ ਘਾਲੀ ਦੀ ਅਗਵਾਈ ਹੇਠ ਅਡਾਨੀ ਅਨਾਜ ਭੰਡਾਰ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਹੋਰ ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਗਏ। ਇਸ ਮੌਕੇ ਵੱਡੀ ਗਿਣਤੀ ਔਰਤਾਂ ਨੇ ਵੀ ਭਾਜਪਾ ਆਗੂਆਂ ਦਾ ਪਿੱਟ ਸਿਆਪਾ ਕੀਤਾ। ਇਸੇ ਦੌਰਾਨ ਇੱਥੇ ਮੁੱਖ ਚੌਕ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੀਪੀਆਈ ਆਗੂ ਕੁਲਦੀਪ ਭੋਲਾ, ਨੌਜਵਾਨ ਭਾਰਤ ਸਭਾ ਦੇ ਆਗੂ ਸੁਖਜਿੰਦਰ ਮਹੇਸਰੀ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੇ ਪੂਤਲੇ ਫੂਕੇ ਗਏ। ਇਸ ਤੋਂ ਇਲਾਵਾ ਇੱਥੇ ਲੁਧਿਆਣਾ ਕੌਮੀ ਸ਼ਾਹਰਾਹ ਬਾਈਪਾਸ ਉੱਤੇ ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜਨਰਲ ਸਕੱਤਰ ਗੁਲਜ਼ਾਰ ਸਿੰਘ ਘੱਲਕਲਾਂ ਦੀ ਅਗਵਾਈ ’ਚ ਪੂਤਲੇ ਫੂਕੇ ਗਏ। ਨਿਹਾਲ ਸਿੰਘ ਵਾਲਾ ਵਿੱਚ ਵੀ ਗੁਰਚਰਨ ਰਾਮਾ ਤੇ ਬੂਟਾ ਸਿੰਘ ਤਖਾਣਵੱਧ ਦੀ ਅਗਵਾਈ ਹੇਠ ਤੇ ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੂਤਲੇ ਫੂਕੇ ਗਏ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਸਥਾਨਕ ਇਕਾਈ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਿੰਡ ਵਲੂਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਪਿੰਡ ਵਿੱਚ ਸਥਿਤ ਰਿਲਾਇੰਸ ਪੈਟਰੋਲ ਪੰਪ ਵਿਖੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿਛਲੇ 381 ਦਿਨਾਂ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਸਰਕਾਰੀ ਜਾਇਦਾਦਾਂ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨ ਜਥੇਬੰਦੀਆਂ ਦਾ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਖ਼ਤਮ ਨਹੀਂ ਹੋਵੇਗਾ।
ਮਾਨਸਾ (ਜੋਗਿੰਦਰ ਸਿੰਘ ਮਾਨ): ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅੱਜ ਇੱਥੇ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਨੂੰਨਾਂ ਵਿਰੋਧ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਗਏ। ਪੁਤਲੇ ਸਾੜਨ ਦੌਰਾਨ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਬਰਨਾਲਾ (ਪਰਸ਼ੋਤਮ ਬੱਲੀ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਥੋਪੇ ਗਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਥਾਨਕ ਰੇਲਵੇ ਸਟੇਸ਼ਨ ’ਤੇ ਲੱਗੇ ਧਰਨੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ 351ਵਾਂ ਜਨਮ ਦਿਵਸ ਮਨਾ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਧਰਨੇ ਤੋਂ ਬਾਅਦ ਸਦਰ ਬਾਜ਼ਾਰ ਵਿੱਚੋਂ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਆਕਾਸ਼ ਗੁੰਜਾਊਂ ਨਾਅਰਿਆਂ ਰਾਹੀਂ ਖੇਤੀ ਕਾਨੂੰਨ ਰੱਦ ਕਰਨ ਅਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ। ਅਖ਼ੀਰ ਬਰਨਾਲਾ ਦੇ 25 ਏਕੜ ਕਲੋਨੀ ਵਿੱਚ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਕੇਂਦਰੀ ਰਾਜਤ ਮੰਤਰੀ ਅਜੈ ਮਿਸ਼ਰਾ, ਉਸ ਦੇ ਪੁੱਤਰ ਅਸ਼ੀਸ਼ ਮਿਸ਼ਰਾ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਗਏ। ਪੁਤਲੇ ਨੂੰ ਅੱਗ ਲਾਉਣ ਦੀ ਰਸਮ ਕਿਸਾਨ ਬੀਬੀਆਂ ਨੇ ਨਿਭਾਈ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਨੇ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁਤਲੇ ਫੂਕ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸ੍ਰੀ ਫੱਤਣਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਭਰ ਦੇ ਕਿਸਾਨਾਂ ਦੀ ਹੋਂਦ ਨੂੰ ਮਿੱਟੀ ਕਰ ਕੇ ਕਾਰਪੋਰੇਟ ਘਰਾਣਿਆਂ ਦੇ ਘਰ ਭਰਨਾ ਚਾਹੁੰਦੀ ਹੈ ਜੋ ਸਵੀਕਾਰ ਨਹੀਂ ਕੀਤਾ ਜਾਵੇਗਾ।
ਫਾਜ਼ਿਲਕਾ (ਪਰਮਜੀਤ ਸਿੰਘ): ਇੱਥੇ ਅੱਜ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਹਰੀਸ਼ ਨੱਢਾ ਦੀ ਅਗਵਾਈ ਹੇਠ ਟੌਲ ਟੈਕਸ ਥੇਹ ਕਲੰਦਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਹਰੀਸ਼ ਨੱਢਾ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਇਹ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਘਰਾਂ ਵਿੱਚ ਟਿਕ ਕੇ ਨਹੀਂ ਬੈਠਣਗੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਲੜਦੇ ਰਹਿਣਗੇ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਹਰਮੀਤ ਢਾਬਾ, ਜ਼ਿਲ੍ਹਾ ਸਕੱਤਰ ਸੰਨੀ ਕੰਬੋਜ, ਬਲਾਕ ਜਲਾਲਾਬਾਦ ਦੇ ਪ੍ਰਧਾਨ ਪ੍ਰਵੀਨ ਥਿੰਦ ਆਦਿ ਮੌਜੂਦ ਸਨ।
ਸਾਦਿਕ (ਗੁਰਪ੍ਰੀਤ ਸਿੰਘ): ਸੰਯੂਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਸਾਦਿਕ ਦੇ ਚੌਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਬੀਕੇਯੂ ਸਿੱਧੂਪੁਰ , ਬੀਕੇਯੂ ਲੱਖੋਵਾਲ, ਕਿਰਤੀ ਕਿਸਾਨ ਯੂਨੀਅਨ, ਬੀਕੇਯੂ ਕਾਦੀਆਂ, ਡੈਮੋਕਰੈਟਿਕ ਟੀਚਰਜ਼ ਫ਼ਰੰਟ, ਬੀਕੇਯੂ ਉਗਰਾਹਾਂ ਆਦਿ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।
ਭਾਜਪਾ ਜ਼ਿਲ੍ਹਾ ਪ੍ਰਧਾਨ ਦੀ ਕੋਠੀ ਅੱਗੇ ਮੋਦੀ-ਸ਼ਾਹ ਦਾ ਰਾਵਣ ਰੂਪੀ ਪੁਤਲਾ ਸਾੜਿਆ
ਬਰਨਾਲਾ (ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਸ਼ਹਿਣਾ ਤੇ ਸ਼ੇਰਪੁਰ ਦੇ ਕਾਰਕੁਨਾਂ ਵੱਲੋਂ ਆਗੂ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਹੇਠ ਇੱਥੇ ਲੱਖੀ ਕਲੋਨੀ ਵਿਚ ਰਹਿੰਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੀ ਰਿਹਾਇਸ਼ ਅੱਗੇ ਲੱਗੇ ਪੱਕੇ ਮੋਰਚੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਸਮੇਤ ਉਨ੍ਹਾਂ ਦੇ ਚਹੇਤੇ ਕਾਰਪੋਰੇਟ ਘਰਾਣਿਆਂ ਦਾ ਰਾਵਣ (ਬਦੀ) ਰੂਪੀ ਪੁਤਲਾ ਸਾੜਿਆ ਗਿਆ। ਇਸ ਮੌਕੇ ਉਗਰਾਹਾਂ ਧੜੇ ਦੀ ਇਕੱਤਰਤਾ ’ਚ ਸ਼ਾਮਲ ਬੁਲਾਰੇ ਆਗੂਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਕਮਲਜੀਤ ਕੌਰ ਬਰਨਾਲਾ ਤੇ ਬਲਾਕ ਸ਼ਹਿਣਾ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਿੰਨਾ ਚਿਰ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਅਜਿਹੇ ਵਿਰੋਧ ਜਾਰੀ ਰਹਿਣਗੇ। ਬੁਲਾਰਿਆਂ ਨੇ ਮੋਦੀ ਹਕੂਮਤ ਦੀਆਂ ਸਰਮਾਏਦਾਰ ਪੱਖੀ ਤੇ ਜਨਤਾ ਵਿਰੋਧੀ ਨੀਤੀਆਂ ਸੰਬੰਧੀ ਵੀ ਆਪਣੇ ਕਾਰਕੁਨਾਂ ਨੂੰ ਜਾਣੂ ਕਰਵਾਇਆ। ਅਖੀਰ ਨਾਅਰੇਬਾਜ਼ੀ ਕਰਦਿਆਂ ਭਾਜਪਾ ਆਗੂਆਂ ਦੇ ਰਾਵਣ ਰੂਪੀ ਪੁਤਲੇ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਦੀ ਬਰਨਾਲਾ ਰਿਹਾਇਸ਼ ਅੱਗੇ ਅੱਗ ਲਗਾ ਕੇ ਸਾੜਿਆ ਗਿਆ।