ਪਵਨ ਗੋਇਲ
ਭੁੱਚੋ ਮੰਡੀ, 19 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਸ ਮਾਲ ਅੱਗੇ ਚੱਲ ਰਹੇ ਮੋਰਚੇ ਅੱਜ 111ਵੇਂ ਦਿਨ ਵੀ ਜਾਰੀ ਰਹੇ। ਮੋਰਚਿਆਂ ਵਿੱਚ ਕਿਸਾਨਾਂ ਨੇ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਤੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਅਤੇ ਬੀਬੀਆਂ ਨੇ ਮੋਦੀ ਸਰਕਾਰ ਦਾ ਜ਼ੋਰਦਾਰ ਪਿੱਟ ਸਿਆਪਾ ਕੀਤਾ। ਇਸ ਮੌਕੇ ਬਲਾਕ ਜਨਰਲ ਸਕੱਤਰ ਬਲਜੀਤ ਸਿੰਘ ਤੇ ਅਵਤਾਰ ਸਿੰਘ ਨੇ ਕਿਹਾ ਕਿ 21 ਤੇ 22 ਜਨਵਰੀ ਨੂੰ ਬਲਾਕ ਨਥਾਣਾ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕਰਕੇ 26 ਜਨਵਰੀ ਦੀ ਟਰੈਕਟਰ ਪਰੇਡ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਇਸੇ ਤਰ੍ਹਾਂ ਫ਼ਤਿਹ ਸਿੰਘ ਵਾਲਾ ਅਤੇ ਪਿੰਡ ਲਹਿਰਾ ਖਾਨਾ ਵਿੱਚ ਕੌਮਾਂਤਰੀ ਮੁਦਰਾ ਫੰਡ ਤੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਗਏ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਾਕ ਆਗੂ ਸੰਤੋਖ ਸਿੰਘ ਲਹਿਰਾ ਖਾਨਾ ਤੇ ਸਿਮਰਜੀਤ ਅਜਮੇਰ ਸਿੰਘ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਭੜਾਸ ਕੱਢੀ।
ਮਾਨਸਾ (ਜੋਗਿੰਦਰ ਸਿੰਘ ਮਾਨ): ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਰੇਲਵੇ ਪਾਰਕ ‘ਤੇ ਲਾਇਆ ਹੋਇਆ ਮੋਰਚਾ 111ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਹ ਮੋਰਚਾ ਕਿਸਾਨ ‘ਤੇ ਲੋਕ ਵਿਰੋਧੀ ਕਾਨੂੰਨਾਂ ਦੀ ਵਾਪਸੀ ਤੱਕ ਚੱਲਦਾ ਰਹੇਗਾ। ਅੱਜ ਧਰਨਕਾਰੀਆਂ ਨੂੰ ਕਿਸਾਨ ਆਗੂ ਹਰਗਿਆਨ ਸਿੰਘ ਢਿਲੋਂ ਨੇ ਸੰਬੋਧਨ ਕੀਤਾ।
ਸੰਗਤ ਮੰਡੀ (ਧਰਮਪਾਲ ਸਿੰਘ ਤੂਰ): ਪਿੰਡ ਘੁੱਦਾ ਵਿੱਚ ਕਿਸਾਨਾਂ ਨੇ ਰੋਹ ਭਰਪੂਰ ਮੁਜ਼ਾਹਰਾ ਕਰਦੇ ਹੋਏ ਕੌਮਾਂਤਰੀ ਮੁਦਰਾ ਫੰਡ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਿਆ।
ਇਸ ਮੌਕੇ ਇਕੱਠ ਕਿਸਾਨ ਯੂਨੀਅਨ ਦੇ ਆਗੂ ਅਮਰੀਕ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਖੇਤਰ ਵਿੱਚ ਲਿਆਂਦੇ ਤਿੰਨੇ ਖੇਤੀ ਕਾਨੂੰਨ ਸਾਮਰਾਜੀ ਨੀਤੀਆਂ ਦਾ ਹੀ ਸਿੱਟਾ ਹਨ।
ਭਦੌੜ (ਰਾਜਿੰਦਰ ਵਰਮਾ): ਵਿਸ਼ਵ ਵਪਾਰ ਸੰਸਥਾ ਵੱਲੋਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਦਿੱਤੇ ਬਿਆਨ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਂਹਾ ਦੇ ਮਹਿਲਾ ਵਿੰਗ ਵੱਲੋਂ ਇੱਥੇ ਰੋਸ ਮੁਜ਼ਾਹਰਾ ਕਰਕੇ ਬੱਸ ਸਟੈਂਡ ਵਿੱਚ ਸਰਮਾਏਦਾਰਾਂ ਦਾ ਪੁਤਲਾ ਫੂਕਿਆ ਗਿਆ।
ਔਰਤਾਂ ਨੇ ਮੁਦਰਾ ਕੋਸ਼ ਫੰਡ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਬੀਕੇਯੂ ਉਗਰਾਂਹਾ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਭੋਤਨਾ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਖੇਡ ਰਹੀ ਹੈ ਤੇ ਵਿਸ਼ਵ ਵਪਾਰ ਸੰਸਥਾ ਵੱਲੋਂ ਕਾਲੇ ਕਾਨੂੰਨਾਂ ਦੇ ਹੱਕ ਵਿੱਚ ਬਿਆਨ ਦੇਣਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਮੋਦੀ ਦੀ ਡੋਰ ਸਰਮਾਏਦਾਰਾਂ ਦੇ ਹੱਥਾਂ ਵਿੱਚ ਹੈ।
ਦੋਦਾ (ਜਸਵੀਰ ਸਿੰਘ ਭੁੱਲਰ): ਬੀਕੇਯੂ ਉਗਰਾਹਾਂ ਨੇ ਨੇੜਲੇ ਪਿੰਡ ਮੱਲਣ, ਬੁੱਟਰ ਸ਼ਰੀਹ ਕੋਟਲੀ ਅਬਲੂ ਅਤੇ ਭਲਾਈਆਣਾ ਵਿੱਚ ਵਿਸ਼ਵ ਵਪਾਰ ਸੰਸਥਾ ਅਤੇ ਕੌਮਾਂਤਰੀ ਮੁਦਰਾ ਫੰਡ ਦੇ ਪੁਤਲੇ ਫੂਕੇ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਗੁਰਭਗਤ ਸਿੰਘ ਭਲਾਈਆਣਾ, ਜੋਗਿੰਦਰ ਸਿੰਘ ਬੁੱਟਰ ਤੇ ਸੁੱਚਾ ਸਿੰਘ, ਜਸਵੰਤ ਸਿੰਘ ਕੋਟਭਾਈ ਨੇ ਕਿਸਾਨਾਂ ਨੂੰ ਅੱਜ 20 ਜਨਵਰੀ ਨੂੰ ਖੇਤਰ ਵਿਚ ਕੀਤੀਆਂ ਜਾਣ ਵਾਲੀਆਂ ਟਰੈਕਟਰ ਮਸ਼ਕਾਂ ਤੇ 26 ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ।
ਮੰਡੀ ਲੱਖੇਵਾਲੀ (ਜਸਪ੍ਰੀਤ ਸੇਖੋਂ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਕਿਸਾਨਾਂ ਨੇ ਪਿੰਡ ਲੱਖੇਵਾਲੀ ਤੋਂ ਰੋਸ ਮਾਰਚ ਸ਼ੁਰੂ ਕਰਕੇ ਪੁਲੀਸ ਥਾਣਾ ਲੱਖੇਵਾਲੀ ਕੋਲ ਕੌਮਾਂਤਰੀ ਮੁਦਰਾ ਫੰਡ ਅਤੇ ਸੰਸਾਰ ਵਪਾਰ ਸੰਸਥਾ ਦਾ ਪੁਤਲਾ ਫੂਕਿਆ। ਇਸ ਮੌਕੇ ਇਕੱਠ ਨੂੰ ਕਿਸਾਨ ਯੂਨੀਅਨ ਦੇ ਆਗੂ ਹਰਚਰਨ ਸਿੰਘ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਕਾ ਸਿੰਘ ਖੂੰਡੇ ਹਲਾਲ ਨੇ ਸੰਬੋਧਨ ਕੀਤਾ।
ਸਰਦੂਲਗੜ੍ਹ (ਬਲਜੀਤ ਸਿੰਘ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਕਿਸਾਨਾਂ ਵੱਲੋਂ ਯੂਨੀਅਨ ਦੇ ਜ਼ਿਲ੍ਹਾ ਮੁਹਿੰਮ ਕਮੇਟੀ ਮੈਂਬਰ ਸਰਪੰਚ ਗੁਰਸੇਵਕ ਸਿੰਘ ਫੱਤਾ ਮਾਲੋਕਾ ਦੀ ਅਗਵਾਈ ਹੇਠ ਕੌਮਾਂਤਰੀ ਮੁਦਰਾ ਫੰਡ ਦਾ ਪੁਤਲਾ ਫੂਕਿਆ ਗਿਆ। ਸਮੂਹ ਕਿਸਾਨਾਂ ਅਤੇ ਯੂਨੀਅਨ ਨੇ ਬੱਸ ਅੱਡਾ ਚੌਕ ਵਿੱਚ ਜਿੱਥੇ ਪੁਤਲਾ ਫੂਕਿਆ, ਉੱਥੇ ਹੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੌਮਾਂਤਰੀ ਮੁਦਰਾ ਫੰਡ ਕਿਸਾਨੀ ਵਿਰੁੱਧ ਖੁੱਲ੍ਹੀ ਮੰਡੀ ਨੂੰ ਤਰਜੀਹ ਦੇ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਹੋਰ ਆਰਥਿਕ ਮਾਰ ਦਾ ਸਾਹਮਣਾ ਕਰਨਾ ਪਵੇਗਾ।
ਬਰਨਾਲਾ ਦਾ ਮੋਰਚਾ ਠੀਕਰੀਵਾਲ ਦੀ ਬਰਸੀ ਨੂੰ ਰਿਹਾ ਸਮਰਪਿਤ
ਬਰਨਾਲਾ (ਪਰਸ਼ੋਤਮ ਬੱਲੀ): ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਰੇਲਵੇ ਸਟੇਸ਼ਨ ’ਤੇ ਲਾਏ ਹੋਏ ਧਰਨੇ ਦਾ 111ਵਾਂ ਦਿਨ ਪਰਜਾ ਮੰਡਲ ਲਹਿਰ ਦੇ ਬਾਨੀ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਦੀ 87ਵੀਂ ਬਰਸੀ ਨੂੰ ਸਮਰਪਿਤ ਰਿਹਾ। ਅੱਜ ਬੁਲਾਰਿਆਂ ਗੁਰਦੇਵ ਮਾਂਗੇਵਾਲ, ਬਾਰਾ ਸਿੰਘ ਬਦਰਾ, ਨਿਰੰਜਣ ਸਿੰਘ ਠੀਕਰੀਵਾਲ ਤੇ ਸਾਹਿਬ ਸਿੰਘ ਬਡਬਰ ਨੇ ਪਰਜਾ ਮੰਡਲ ਲਹਿਰ ਦੇ ਬਾਨੀ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਇਸੇ ਹੀ ਤਰ੍ਹਾਂ ਵੀਆਰਸੀ ਰਿਲਾਇੰਸ ਮਾਲ ਬਾਜਾਖਾਨਾ ਰੋਡ ਬਰਨਾਲਾ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋੋਂ 108ਵੇਂ ਦਿਨ ਘਿਰਾਓ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਮੋਦੀ ਹਕੂਮਤ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।