ਪਵਨ ਗੋਇਲ
ਭੁੱਚੋ ਮੰਡੀ, 15 ਜਨਵਰੀ
ਟੌਲ ਟੈਕਸ ਵਿੱਚ ਕੀਤੇ ਵਾਧੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਨਥਾਣਾ ਦਾ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਚੱਲ ਰਿਹਾ ਮੋਰਚਾ ਅੱਜ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਟੌਲ ਟੈਕਸ ਦੇ ਵਧਾਏ ਗਏ ਰੇਟ ਵਾਪਸ ਲੈਣ ਦੀ ਮੰਗ ਕੀਤੀ।
ਇਸ ਮੌਕੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ, ਜਨਰਲ ਸਕੱਤਰ ਬਲਜੀਤ ਸਿੰਘ ਪੂਹਲਾ, ਲਖਵੀਰ ਸਿੰਘ, ਸਿਮਰਜੀਤ ਸਿੰਘ, ਗੁਰਮੇਲ ਸਿੰਘ, ਨਗੌਰ ਸਿੰਘ ਅਤੇ ਸੁਖਜੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਟੌਲ ਟੈਕਸ ਵਿੱਚ ਕੀਤਾ ਵਾਧਾ ਵਾਪਸ ਲੈਣ ਤੱਕ ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ ਰੱਖਣ ਦੀ ਸਹਿਮਤੀ ਬਣੀ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਅਧਿਕਾਰੀਆਂ ਵੱਲੋਂ ਟੌਲ ਟੈਕਸ ਵਿੱਚ ਕੀਤਾ ਵਾਧਾ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤੱਕ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਟੌਲ ਕਾਰਨ ਲੋਕਾਂ ’ਤੇ ਵਾਧੂ ਆਰਥਿਕ ਬੋਝ ਪੈਂਦਾ ਹੈ।