ਪੱਤਰ ਪ੍ਰੇਰਕ
ਸਰਦੂਲਗੜ੍ਹ, 24 ਜਨਵਰੀ
ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਗੁਲਾਬੀ ਸੁੰਡੀ ਪ੍ਰਭਾਵਿਤ ਨਰਮੇ ਦੇ ਮੁਆਵਜ਼ੇ ਲਈ ਅੱਜ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਆਗੂ ਉੱਤਮ ਸਿੰਘ ਨੇ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦਾ ਸਰਕਾਰ ਨੇ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਨਰਮੇ ਦਾ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ ਅਤੇ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਿੰਡ ਟਿੱਬੀ ਹਰੀ ਸਿੰਘ ਤੋਂ ਵਾਇਆ ਮੀਰਪੁਰ, ਰਣਜੀਤਗੜ੍ਹ ਬਾਂਦਰਾ, ਹੀਂਗਣੇ ਨੂੰ ਜਾਣ ਵਾਲੀ ਸੜਕ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂ ਹਰਪਾਲ ਸਿੰਘ, ਜਗਜੀਤ ਸਿੰਘ , ਮਹਿਲਾ ਆਗੂ ਜਸਵਿੰਦਰ ਕੌਰ ਅਤੇ ਰਾਣੀ ਕੌਰ ਆਦਿ ਨੇ ਵੀ ਸੰਬੋਧਨ ਕੀਤਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਬੁਰਜ ਕਾਹਨ ਸਿੰਘ ਵਾਲਾ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਜਥੇਬੰਦੀ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਰਮੇ ਦਾ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਇਸ ਮੌਕੇ ਬਲਾਕ ਨਥਾਣਾ ਦੇ ਪ੍ਰਧਾਨ ਹੁਸ਼ਿਆਰ ਸਿੰਘ, ਸਿਮਰਜੀਤ ਸਿੰਘ, ਬਲਤੇਜ ਸਿੰਘ ਅਤੇ ਸਿਕੰਦਰ ਸਿੰਘ ਨੇ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਏ ਨਰਮੇ ਦਾ ਮੁਆਵਜ਼ਾ ਲੈਣ ਲਈ ਕਿਸਾਨ ਲਗਭਗ ਦੋ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਹਾਲੇ ਤੱਕ ਕਿਸਾਨਾਂ ਦੇ ਹੱਥ ਸਿਰਫ਼ ਸੂਚੀਆਂ ਹੀ ਆਈਆਂਂ ਹਨ।