ਜੋਗਿੰਦਰ ਸਿੰਘ ਮਾਨ
ਮਾਨਸਾ, 10 ਦਸੰਬਰ
ਦਿੱਲੀ ਕਿਸਾਨ ਮੋਰਚੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੇ ਘਰ ਘੇਰਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅੱਜ ਮਾਨਸਾ ਵਿੱਚ ਕਿਸਾਨਾਂ ਨੇ ਪੁਲੀਸ ਬੈਰੀਕੇਡ ਤੋੜ ਕੇ ਭਾਜਪਾ ਆਗੂ ਸੂਰਜ ਛਾਬੜਾ ਦੇ ਘਰ ਮੂਹਰੇ ਦੋ ਘੰਟੇ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਕਿਸਾਨ ਪਿਛਲੇ ਕਈ ਦਿਨਾਂ ਤੋਂ ਭਾਜਪਾ ਆਗੂ ਦੇ ਘਰ ਦਾ ਘਿਰਾਓ ਕਰਦੇ ਆ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਜਗਦੇਵ ਸਿੰਘ ਭੈਣੀਬਾਘਾ ਦੀ ਅਗਵਾਈ ਵਿੱਚ ਕਿਸਾਨਾਂ ਔਰਤਾਂ ਤੇ ਬੱਚਿਆਂ ਨੇ ਭਾਜਪਾ ਆਗੂ ਸੂਰਜ ਛਾਬੜਾ ਦੇ ਘਰ ਦਾ ਘਿਰਾਓ ਕਰਨ ਲਈ ਵਹੀਰਾਂ ਘੱਤੀਆਂ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਦਾ ਰਾਹ ਰੋਕਣਾ ਚਾਹਿਆ ਪਰ ਉਨ੍ਹਾਂ ਨੇ ਇਹ ਬੈਰੀਕੇਡ ਤੋੜ ਦੇ ਭਾਜਪਾ ਆਗੂ ਦੇ ਘਰ ਅੱਗੇ ਧਰਨਾ ਲਗਾਇਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹਰ ਸੰਘਰਸ਼ ਕੀਤਾ ਜਾਵੇਗਾ। ਉੱਧਰ, ਭਾਜਪਾ ਆਗੂ ਸੂਰਜ ਛਾਬੜਾ ਨੇ ਕਿਹਾ ਕਿ ਉਨ੍ਹਾਂ ਦਾ ਕਿਸਾਨਾਂ ਨਾਲ ਕੋਈ ਝਗੜਾ ਨਹੀਂ ਹੈ। ਸਰਕਾਰ ਇਸ ਸਬੰਧੀ ਜੋ ਵੀ ਫੈਸਲਾ ਕਰਦੀ ਹੈ, ਉਹ ਉਸ ਨਾਲ ਸਹਿਮਤ ਹਨ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਅਹਿਮ ਪੜਾਅ ਉੱਤੇ ਪੁੱਜ ਚੁੱਕਿਆ ਹੈ। ਕਿਸਾਨਾਂ ਨੇ ਜਿੱਥੇ ਦਿੱਲੀ ਘੇਰ ਕੇ ਕੇਂਦਰ ਸਰਕਾਰ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ ਉੱਥੇ ਹੀ ਸੂਬੇ ਵਿੱਚ ਪੂੰਜੀਪਤੀਆਂ ਅਡਾਨੀ ਤੇ ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਅਨਾਜ ਭੰਡਾਰ, ਪੈਟਰੌਲ ਪੰਪ ਤੇ ਟੌਲ ਪਲਾਜ਼ਾ ਬੰਦ ਕਰਨ ਦਾ ਸਿਲਸਿਲਾ ਜਾਰੀ ਹੈ। ਇੱਥੇ ਬੀਕੇਯੂ ਏਕਤਾ (ਉਗਰਾਹਾਂ) ਦੇ ਆਗੂ ਗੁਰਮੀਤ ਸਿੰਘ ਕਿਸ਼ਨਪੁਰਾ ਤੇ ਬਲੌਰ ਸਿੰਘ ਘਾਲੀ ਦੀ ਅਗਵਾਈ ਹੇਠ ਅੱਜ 71ਵੇਂ ਦਿਨ ਵੀ ਕਿਸਾਨ ਅਡਾਨੀ ਅਨਾਜ ਭੰਡਾਰ ਅੱਗੇ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਦੇ ਘਰ ਅੱਗੇ 46ਵੇਂ ਦਿਨ ਡੱਟੇ ਰਹੇ। ਧਰਨਿਆਂ ਵਿੱਚ ਬਜ਼ੁਰਗ ਔਰਤਾਂ ਤੇ ਕਿਸਾਨ ਬੀਬੀਆਂ ਨੇ ਬੱਚਿਆਂ ਸਣੇ ਸ਼ਿਰਕਤ ਕੀਤੀ।
ਮਹਿਲ ਕਲਾਂ (ਨਵਕਿਰਨ ਸਿੰਘ): ਖੇਤੀ ਕਾਨੂੰਨਾਂ ਖ਼ਿਲਾਫ਼ ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਮੁੱਖ ਮਾਰਗ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਇਲਾਕੇ ਦੇ ਕਿਸਾਨ ਆਗੂਆਂ ਦੇ ਦਿੱਲੀ ਹੋਣ ਦੇ ਬਾਵਜੂਦ ਮਹਿਲ ਕਲਾਂ ਪੱਕੇ ਕਿਸਾਨ ਮੋਰਚੇ ਵਿੱਚ ਇਕੱਠ ਲਗਾਤਾਰ ਜੁੜ ਰਿਹਾ ਹੈ। ਕਿਸਾਨਾਂ ਵੱਲੋਂ ਬਰਨਾਲਾ- ਲੁਧਿਆਣਾ ਮੁੱਖ ਮਾਰਗ ’ਤੇ ਹਰ ਰੋਜ਼ ਵਾਹਨ ਬਿਨਾ ਟੌਲ ਦਿੱਤੇ ਮੁਫ਼ਤ ਲੰਘਾਏ ਜਾ ਰਹੇ ਹਨ। ਇਸੇ ਤਰ੍ਹਾਂ ਭਾਕਿਯੂ (ਉਗਰਾਹਾਂ) ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਰਿਲਾਇੰਸ ਪੈਟਰੋਲ ਪੰਪ ਅੱਗੇ ਪੱਕਾ ਮੋਰਚਾ ਜਾਰੀ ਰੱਖਿਆ ਜਾ ਰਿਹਾ ਹੈ।
ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਕੀਤਾ ਧਰਨਾ
ਬਰਨਾਲਾ (ਪਰਸ਼ੋਤਮ ਬੱਲੀ): ਖੇਤੀ ਵਿਰੋਧੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਸਾੜਨ ਸਬੰਧੀ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਜੁਰਮਾਨਾ ਤੇ ਪੰਜ ਸਾਲ ਦੀ ਕੈਦ ਦੀਆਂ ਤਜਵੀਜ਼ਾਂ ਵਾਲੇ ਆਰਡੀਨੈਂਸ ਖ਼ਿਲਾਫ਼ 30 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਸਾਂਝੇ ਕਿਸਾਨ ਸੰਘਰਸ਼ ਦੀ ਸਟੇਜ ਤੋਂ ਬੁਲਾਰਿਆਂ ਨੇ ਅੱਜ ਦੇ ਦਿਨ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ। ਅੱਜ ਜਮਹੂਰੀ ਅਧਿਕਾਰ ਸਭਾ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸਾਥੀ ਆਪੋ-ਆਪਣੇ ਕਾਫਲੇ ਸਮੇਤ ਇੱਥੇ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਪੱਕੇ ਮੋਰਚੇ ’ਚ ਸ਼ਾਮਲ ਹੋਏ। ਆਗੂਆਂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ ਆਦਿ ਨੇ ਕਿਹਾ ਕਿ ਇਹ ਸੰਘਰਸ਼ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ। ਅੱਜ ਦਾ ਦਿਨ ਮਨੁੱਖੀ ਅਧਿਕਾਰ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਅੱਜ ਦੇ ਦਿਨ ਕੌਮਾਂਤਰੀ ਮਨੁੱਖੀ ਅਧਿਕਾਰਾਂ ਦਾ ਐਲਾਨਨਾਮਾ ਜਾਰੀ ਕੀਤਾ ਗਿਆ ਸੀ। ਇਸ ਐਲਾਨਨਾਮੇ ਵਿੱਚ ਦਰਜ ਹੈ ਕਿ ਮਨੁੱਖੀ ਜ਼ਿੰਦਗੀ ’ਤੇ ਅਸਰਅੰਦਾਜ਼ ਫੈਸਲਿਆਂ ਤੋਂ ਪ੍ਰਭਾਵਿਤ ਹੋਣ ਵਾਲੇ ਹਰੇਕ ਵਰਗ ਨਾਲ ਵਿਚਾਰ-ਚਰਚਾ ਜ਼ਰੂਰ ਕੀਤੀ ਜਾਵੇ ਪਰ ਮੋਦੀ ਹਕੂਮਤ ਨੇ ਇਹ ਤਿੰਨੋਂ ਖੇਤੀ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਨ ਵੇਲੇ ਪਾਰਲੀਮਾਨੀ ਜਮਹੂਰੀਅਤ ਨੂੰ ਵੀ ਟਿੱਚ ਕਰ ਕੇ ਜਾਣਿਆ ਹੈ।