ਕਿਸਾਨ ਮੇਲੇ ਖੇਤੀ ਦੀ ਨਵੀਂ ਦਿਸ਼ਾ ਲਈ ਸਹਾਈ: Gurmeet Singh Khuddian
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਵਿਗਿਆਨਕ ਢੰਗਾਂ ਨਾਲ ਜੋੜਨ ਵਿੱਚ ਸਹਾਈ ਸਿੱਧ ਹੋ ਰਹੇ ਹਨ। ਉਹ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਖੇਤੀਬਾੜੀ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਵਿਗਿਆਨਕ ਢੰਗਾਂ ਨਾਲ ਜੋੜਨ ਵਿੱਚ ਸਹਾਈ ਸਿੱਧ ਹੋ ਰਹੇ ਹਨ। ਉਹ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਲਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀ ਖ਼ਰਚੇ ਘਟਾਉਣ ਅਤੇ ਝਾੜ ਤੇ ਆਮਦਨ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਸਦਕਾ ਹੀ ਦੇਸ਼ ਦੇ ਅਨਾਜ ਭੰਡਾਰ ਭਰੇ ਹੋਏ ਹਨ। ਉਨ੍ਹਾਂ ਘਰ ਦੀ ਵਰਤੋਂ ਲਈ ਸਬਜ਼ੀਆਂ, ਦਾਲਾਂ, ਸਰ੍ਹੋਂ ਅਤੇ ਹਲਦੀ ਆਦਿ ਦੀ ਕਾਸ਼ਤ ਦੇ ਨਾਲ-ਨਾਲ ਸ਼ੂਗਰ ਰਹਿਤ ਅਤੇ ਜ਼ਿੰਕ ਦੀ ਕਮੀ ਪੂਰੀ ਕਰਨ ਵਾਲੀ ਕਣਕ ਬੀਜਣ ਲਈ ਵੀ ਪ੍ਰੇਰਿਆ। ਉਨ੍ਹਾਂ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਖੇਤ ਵਿੱਚ ਹੀ ਵਾਹੁਣ ਦੀ ਅਪੀਲ ਕੀਤੀ।
ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਖੇਤੀ ਨੂੰ ਉੱਨਤੀ ਦੀ ਰਾਹ ’ਤੇ ਲਿਜਾਣ ਲਈ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਪਣਾਉਣੀਆਂ ਪੈਣਗੀਆਂ। ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਸੂਬਾ ਅਤੇ ਦੇਸ਼ ਖੁਸ਼ਹਾਲ ਹੋਵੇਗਾ।
ਡੀ ਸੀ ਰਾਜੇਸ਼ ਧੀਮਾਨ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਦੇ ਸਾਂਝੇ ਸਹਿਯੋਗ ਨਾਲ ਹੀ ਸੁਚੱਜੇ ਢੰਗ ਨਾਲ ਕੀਤਾ ਜਾ ਸਕਦਾ ਹੈ। ਕਿਸਾਨ ਮੇਲੇ ਵਿੱਚ ਡਾ. ਹਰਜੀਤ ਸਿੰਘ ਬਰਾੜ, ਡਾ. ਪ੍ਰਿਤਪਾਲ ਸਿੰਘ, ਡਾ. ਹਰਦੀਪ ਸਿੰਘ, ਡਾ. ਮਨਦੀਪ ਸਿੰਘ, ਡਾ. ਜਤਿੰਦਰ ਕੌਰ ਅਤੇ ਇੰਜਨੀਅਰ ਗੁਰਜੀਤ ਵਿਰਕ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ, ਖਾਦਾਂ ਤੇ ਪਾਣੀ ਦੀ ਸੁਚੱਜੀ ਵਰਤੋਂ, ਕੀੜਿਆਂ ਤੇ ਬਿਮਾਰੀਆਂ ਦੀ ਰੋਕਥਾਮ, ਬਦਲਦੇ ਮੌਸਮ ਅਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਖੇਤੀ ਇਨਪੁਟਸ ਖ਼ਰੀਦਣ ਸਮੇਂ ਪੱਕਾ ਬਿੱਲ ਲੈਣ, ਗੁਲਾਬੀ ਸੁੰਢੀ ਦੀ ਰੋਕਥਾਮ ਲਈ ਛਟੀਆਂ ਨਸ਼ਟ ਕਰਨ ਅਤੇ ਵਿਭਾਗ ਦੀਆਂ ਨਵੀਆਂ ਸਕੀਮਾਂ ਨਾਲ ਜੁੜਨ ਦੀ ਅਪੀਲ ਕੀਤੀ। ਮੇਲੇ ਵਿੱਚ ਕਰੀਬ 3000 ਕਿਸਾਨਾਂ ਅਤੇ 500 ਤੋਂ ਵੱਧ ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਵੱਖ-ਵੱਖ ਵਿਭਾਗਾਂ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਤੇ ਉਤਪਾਦਾਂ ਦੀਆਂ ਸਟਾਲਾਂ ਲਗਾਈਆਂ ਗਈਆਂ। ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ 210 ਕਿਸਾਨਾਂ ਅਤੇ 237 ਕਿਸਾਨ ਬੀਬੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪੁਲੀਸ ਕਪਤਾਨ ਸੁਹੇਲ ਕਾਸਿਮ ਮੀਰ, ਰਾਕੇਸ਼ ਪੁਰੀ, ਨਗਰ ਸੁਧਾਰ ਟਰਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ, ਹਰਦੀਪ ਸਿੰਘ ਸਰਾਂ, ਬਲਜੀਤ ਸਿੰਘ ਬੱਲੀ, ਪਰਮਜੀਤ ਸਿੰਘ ਕੋਟਫੱਤਾ, ਸੁਰਿੰਦਰ ਸਿੰਘ ਬਿੱਟੂ, ਰੁਪਿੰਦਰ ਕੌਰ ਗਿੱਲ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

