ਨਿੱਜੀ ਪੱਤਰ ਪ੍ਰੇਰਕ
ਮੋਗਾ, 28 ਮਾਰਚ
ਸਾਬਕਾ ਖੇਤੀਬਾੜੀ ਮੰਤਰੀ ਤੇ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੀ ਪੂਰੀ ਸਮਝ ਹੈ ਤੇ ਉਨ੍ਹਾਂ ਨੂੰ ਕਾਨੂੰਨਾਂ ਬਾਰੇ ਸਮਝਾਉਣ ਦੀ ਥਾਂ ਮੋਦੀ ਸਰਕਾਰ ਅੜੀ ਛੱਡ ਕੇ ਉਨ੍ਹਾਂ ਦੀਆਂ ਮੰਗਾਂ ਮੰਨੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਜਾਂ ਟੀਵੀ ਚੈਨਲਾਂ ’ਤੇ ਇੰਟਰਵਿਊ ਵਿੱਚ ਕਿਸਾਨ ਖੇਤੀ ਕਾਨੂੰਨਾਂ ਦੇ ਨੁਕਸਾਨ ਬਾਰੇ ਆਪਣਾ ਪੱਖ ਬਰੀਕੀ ਨਾਲ ਪੇਸ਼ ਕਰ ਰਹੇ ਹਨ। ਜਥੇਦਾਰ ਤੋਤਾ ਸਿੰਘ ਦੇ ਪਾਰਟੀ ਦੀ ਸੂਬਾ ਅਨੁਸ਼ਾਸਨੀ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਬਣਨ ’ਤੇ ਰੱਖੇ ਸਨਮਾਨ ਸਮਾਰੋਹ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਕਮਰਕੱਸਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਕਿਸਾਨਾਂ ਦਾ ਸੰਘਰਸ਼ ਸਿਖਰ ’ਤੇ ਹੈ ਪਰ ਕੇਂਦਰ ਸਰਕਾਰ ਅਜੇ ਵੀ ਅੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ 10 ਦਿਨਾਂ ’ਚ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਜਲਦੀ ਮੰਨ ਲੈਣੀਆਂ ਚਾਹੀਦੀਆਂ ਹਨ। ਇਸ ਮੌਕੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਕਿਹਾ ਕਿ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੀ ਪੂਰੀ ਸਮਝ ਹੈ ਤੇ ਉਨ੍ਹਾਂ ਨੂੰ ਇਨ੍ਹਾਂ ਬਾਰੇ ਸਮਝਾਉਣ ਦੀ ਕੋਈ ਲੋੜ ਨਹੀਂ ਹੈ। ਇਸ ਮੌਕੇ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਬੂਟਾ ਸਿੰਘ ਸੋਸਣ, ਬੂਟਾ ਸਿੰਘ ਦੌਲਤਪੁਰਾ, ਰਵਦੀਪ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।