ਜਸਵੰਤ ਸਿੰਘ ਥਿੰਦ
ਮਮਦੋਟ, 29 ਜੂਨ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਅਬਾਦਕਾਰ ਦੇ ਹੱਕ ਵਿੱਚ ਪਿੰਡ ਸੁੰਦਰ ਵਾਲੇ ਝੁੱਗੇ ਵਿੱਚ ਇਕੱਠ ਕੀਤਾ ਗਿਆ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਅਤੇ ਬਲਾਕ ਪ੍ਰਧਾਨ ਗੁਰਭੇਜ ਸਿੰਘ ਟਿੱਬੀ ਨੇ ਕੀਤੀ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਗੁਰਮੀਤ ਸਿੰਘ ਪੋਜੋ ਕੇ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਅਨੁਸਾਰ ਅਬਾਦਕਾਰਾਂ ਨੂੰ ਤੰਗ ਕੀਤਾ ਜਾ ਰਿਹਾ ਹੈ ਜਿਸ ਦਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਸਰਕਾਰ ਦੇ ਇਸ ਫੈਸਲੇ ਦਾ ਡਟਵਾਂ ਵਿਰੋਧ ਕਰੇਗੀ।
ਉਨ੍ਹਾਂ ਕਿਹਾ ਕਿ ਮਮਦੋਟ ਅੰਦਰ ਵੱਡੀ ਗਿਣਤੀ ਵਿੱਚ ਅਬਾਦਕਾਰ ਕਿਸਾਨ ਹਨ, ਜਿਨ੍ਹਾਂ ਨੂੰ ਉਜਾੜਨ ਲਈ ਪ੍ਰਸ਼ਾਸਨ ਤਹੱਈਆ ਕਰ ਰਿਹਾ ਹੈ। ਇਸ ਦਾ ਤਿੰਨ ਵਾਰ ਪਹਿਲਾਂ ਵੀ ਵਿਰੋਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਖਬਰ ਮਿਲੀ ਸੀ ਕਿ ਅੱਜ ਦੁਬਾਰਾ ਪ੍ਰਸ਼ਾਸਨ ਆਬਾਦਕਾਰਾਂ ਤੋਂ ਜ਼ਮੀਨ ਦਾ ਕਬਜ਼ਾ ਲੈਣ ਲਈ ਪਹੁੰਚ ਰਿਹਾ ਹੈ ਜਿਸ ’ਤੇ ਯੂਨੀਅਨ ਵੱਲੋਂ ਮੌਕੇ ’ਤੇ ਪਹੁੰਚ ਕੇ ਪ੍ਰਸ਼ਾਸਨ ਦੀ ਕਿਸੇ ਵੀ ਕਾਰਵਾਈ ਨੂੰ ਨਾਕਾਮ ਕਰਨ ਲਈ ਇਕੱਠ ਕੀਤਾ ਗਿਆ ਹੈ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਕਿਸੇ ਵੀ ਕੋਝੀ ਕਾਰਵਾਈ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।