ਮਹਿੰਦਰ ਸਿੰਘ ਰੱਤੀਆਂ
ਮੋਗਾ, 29 ਜਨਵਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇੱਥੇ ਰੇਲਵੇ ਸਟੇਸ਼ਨ ‘ਤੇ ਧਰਨਾ ਦੇਣ ਕਾਰਨ ਤਿੰਨ ਘੰਟੇ ਰੇਲ ਆਵਾਜਾਈ ਬੰਦ ਰਹੀ। ਇਸ ਮੌਕੇ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਹ ਵਾਲਾ, ਅਵਤਾਰ ਸਿੰਘ ਧਰਮ ਸਿੰਘ ਵਾਲਾ, ਗੁਰਮੇਲ ਸਿੰਘ ਲੋਹਗੜ੍ਹ, ਹਰਬੰਸ ਸਿੰਘ, ਨਿਸਾਨ ਸਿੰਘ ਸੈਦੇ ਸਾਹ, ਸੁਖਮੰਦਰ ਸਿੰਘ ਕਿਸਨਪੁਰਾ, ਪ੍ਰੀਤਮ ਸਿੰਘ ਮੰਦਰ, ਜਰਨੈਲ ਸਿੰਘ, ਸੂਰਤ ਸਿੰਘ ਮੋਗਾ, ਜਸਬੀਰ ਸਿੰਘ, ਜਗਰਾਜ ਦੋਲੇਵਾਲਾ, ਕਿੱਕਰ ਸਿੰਘ ਕੁਲਵਿੰਦਰ ਸਿੰਘ ਫੌਜੀ ਤੇ ਹੋਰ ਕਿਸਾਨਾਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਦੌਰਾਨ ਦਿੱਲੀ ਸਿੰਘੂ ਬਾਰਡਰ ‘ਤੇ 29 ਜਨਵਰੀ 2021 ਨੂੰ ਹਮਲਾ ਕੀਤਾ ਗਿਆ ਸੀ। ਦੋ ਸਾਲ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹਮਲੇ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਤੇ ਹੋਰ ਕਿਸਾਨੀ ਮੰਗਾਂ ਲਈ ਰੋਸ ਵਜੋਂ ਅੱਜ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਉਨ੍ਹਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਗੁਰੂ ਗ੍ਰੰਥ ਸਹਿਬ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੰਗਤ ‘ਤੇ ਗੋਲੀ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਅਤੇ ਹੋਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਕਾਂਡ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਅਤੇ ਉਸਦੇ ਪੁੱਤਰ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹਿਲੀ ਫਰਵਰੀ ਨੂੰ ਜਥੇਬੰਦੀ ਪੰਜਾਬ ਭਰ ਚੋਂ ਵੱਡਾ ਕਾਫ਼ਲਾ ਲੈ ਕੇ ਮੋਰਚੇ ਵਿੱਚ ਸ਼ਾਮਲ ਹੋਣ ਦਾ ਵੀ ਐਲਾਨ ਕੀਤਾ।
ਗੁਰੂਹਰਸਹਾਏ (ਅਸ਼ੋਕ ਸੀਕਰੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਅੱਜ ਕਿਸਾਨਾਂ ਦੇ ਵਿਸ਼ਾਲ ਇਕੱਠ ਨੇ ਗੁਰੂਹਰਸਹਾਏ ਵਿੱਚ ਫਿਰੋਜ਼ਪੁਰ- ਗੰਗਾਨਗਰ ਰੇਲ ਲਾਈਨ ‘ਤੇ ਧਰਨਾ ਦਿੱਤਾ, ਜਿਸ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਤਿੰਨ ਘੰਟੇ ਠੱਪ ਰਹੀ। ਧਰਨੇ ਦੌਰਾਨ ਜ਼ਿਲ੍ਹਾ ਸੀਨੀਅਰ ਮੀਤ ਪੰਧਾਨ ਧਰਮ ਸਿੰਘ ਸਿੱਧੂ ਅਤੇ ਮੰਗਲ ਸਿੰਘ ਗੁਦੜਢੰਡੀ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ‘ਤੇ ਕਿਸਾਨ ਸੰਘਰਸ਼ ਕਮੇਟੀ ਦੀ ਸਟੇਜ ਉੱਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ| ਇਸ ਮੌਕੇ ਮੇਜਰ ਸਿੰਘ, ਫੁਮਣ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਗੁਰਮੇਲ ਸਿੰਘ, ਸ਼ਾਮ ਲਾਲ ਸੰਧੂ, ਪ੍ਰੀਤਮ ਸਿੰਘ, ਅਸ਼ੋਕ ਕੁਮਾਰ, ਸਤਨਾਮ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ|
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਅੱਜ ਪੰਜਾਬ ਦੇ ਇੱਕ ਦਰਜਨ ਜ਼ਿਲ੍ਹਿਆਂ ਵਿੱਚ ਪੰਦਰਾਂ ਥਾਵਾਂ ‘ਤੇ ਰੇਲ ਗੱਡੀਆਂ ਰੋਕ ਕੇ ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਮੇਟੀ ਆਗੂਆਂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈੇਂਬਰ ਨੂੰ ਨੌਕਰੀ ਦੇਣ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਜ਼ੀਰਾ ਸ਼ਰਾਬ ਮਿੱਲ ਨੂੰ ਪੂਰਨ ਰੂਪ ਵਿਚ ਬੰਦ ਕੀਤੇ ਜਾਣ ਸਬੰਧੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਨਾ ਤੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ,ਤੇ ਨਾ ਹੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਮੁਕੱਦਮੇ ਰੱਦ ਕੀਤੇ ਗਏ ਹਨ। ਜਥੇਬੰਦੀ ਦੇ ਪ੍ਰਮੁੱਖ ਆਗੂ ਸਤਨਾਮ ਸਿੰਘ ਪੰਨੂ ਅਤੇ ਸਵਰਣ ਸਿੰਘ ਪੰਧੇਰ ਨੇ ਅੱਜ ਆਪਣੀਆਂ ਮੰਗਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਵੀ ਸ਼ਾਮਲ ਕੀਤਾ ਹੈ ਅਤੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਹ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ।
ਕਿਸਾਨਾਂ ਤੇ ਮਜ਼ਦੂਰਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਫਾਜ਼ਿਲਕਾ (ਪਰਮਜੀਤ ਸਿੰਘ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਮਨਸਾ ਦੀ ਅਗਵਾਈ ਹੇਠ ਸੈਂਕੜਿਆਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਬੱਚਿਆਂ ਨੇ ਅੱਜ ਫਾਜ਼ਿਲਕਾ ਵਿੱਚ ਤਿੰਨ ਘੰਟਿਆਂ ਲਈ ਰੇਲਵੇ ਟਰੈਕ ‘ਤੇ ਧਰਨਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਸਕੱਤਰ ਕੁਲਵੰਤ ਸਿੰਘ ਹਸਤਾ ਕਲਾਂ ਅਤੇ ਮੀਤ ਪ੍ਰਧਾਨ ਸੁਖਦੇਵ ਸਿੰਘ ਜਲਾਲਾਬਾਦ ਅਤੇ ਸਤਪਾਲ ਸਿੰਘ ਭੋਡੀਪੁਰ ਨੇ ਸੰਬੋਧਲ ਕੀਤਾ। ਆਗੂਆਂ ਨੇ ਦੱਸਿਆ ਕਿ ਫਾਜ਼ਿਲਕਾ ਵਿੱਚ ਇਕੱਠਾ ‘ਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਮਤੇ ਪਾਸ ਕੀਤੇ ਗਏ ਅਤੇ ਸਜਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਮੁਹਾਲੀ- ਚੰਡੀਗੜ੍ਹ ਦੀ ਹੱਦ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਦੀ ਹਮਾਇਤ ‘ਚ ਪਹਿਲੀ ਫਰਵਰੀ ਨੂੰ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਵੱਡਾ ਜਥਾ ਭੇਜਣ ਦਾ ਐਲਾਨ ਕੀਤਾ ਗਿਆ।