ਪਰਸ਼ੋਤਮ ਬੱਲੀ
ਬਰਨਾਲਾ, 5 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਕੇਂਦਰੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸਥਾਨਕ ਕਚਹਿਰੀ ਚੌਕ ਵਿੱਚ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਅਰਥੀ ਫੂਕਣ ਤੋਂ ਪਹਿਲਾਂ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ, ਜ਼ਿਲ੍ਹਾ ਜਥੇਬੰਦਕ ਸਕੱਤਰ ਸਾਹਿਬ ਸਿੰਘ ਬਡਬਰ, ਬਰਨਾਲਾ ਬਲਾਕ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਹੰਡਿਆਇਆ ਅਤੇ ਬਲਾਕ ਆਗੂਆਂ ਬਾਬੂ ਸਿੰਘ ਖੁੱਡੀਕਲਾਂ ਤੇ ਸਿਕੰਦਰ ਸਿੰਘ ਭੂਰੇ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ, ਖ਼ਾਸ ਕਰਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਸਿਰਾਂ ’ਤੇ, ‘ਦਿ ਫਾਰਮਿੰਗ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰਮੋਸ਼ਨ ਐਂਡ ਫੈਸਿਲੀਟੇਸ਼ਨ) ਆਰਡੀਨੈਂਸ 2020’ ਅਤੇ ‘ਫਾਰਮਰਜ਼ (ਇੰਪਾਵਰਮੈਂਟ ਅਤੇ ਪ੍ਰੋਟੈਕਸ਼ਨ) ਐਗਰੀਮੈਂਟ ਆਨ ਪ੍ਰਾਈਸ ਐਸ਼ੋਰੈਂਸ਼ ਐਂਡ ਫਾਰਮ ਸਰਵਿਸ ਆਰਡੀਨੈਂਸ 2020’ ਨਾਮ ਦੇ ਦੋ ਬੰਬ ਸੁੱਟ ਦਿੱਤੇ ਹਨ। ਇਸ ਦੌਰਾਨ ਖਦਸ਼ਾ ਜਤਾਇਆ ਕਿ ਇਨ੍ਹਾਂ ਆਰਡੀਨੈਂਸਾਂ ਰਾਹੀਂ ਕਣਕ ਤੇ ਝੋਨੇ ਦੀ ਗਰੰਟਿਡ ਸਰਕਾਰੀ ਖ਼ਰੀਦ ਖ਼ਤਮ ਕਰ ਦਿੱਤੀ ਜਾਵੇਗੀ ਤੇ ਕਿਸਾਨਾਂ ਨੂੰ ਵਪਾਰੀਆਂ ਦੇ ਰਹਿਮ ‘ਤੇ ਛੱਡ ਦਿੱਤਾ ਜਾਵੇਗਾ। ਕਿਸਾਨ ਆਗੂਆਂ ਮੰਗ ਕੀਤੀ ਕਿ ਖੇਤੀ ਜਿਣਸਾਂ ਦੇ ਭਾਅ ਸਵਾਮੀਨਾਥਨ ਫਾਰਮੂਲੇ ਅਨੁਸਾਰ ਫ਼ਸਲਾਂ ਦੀਆਂ ਲਾਗਤਾਂ ਵਿੱਚ 50 ਫ਼ੀਸਦੀ ਮੁਨਾਫ਼ਾ ਜੋੜ ਕੇ ਤੈਅ ਕੀਤੇ ਜਾਣ ਤੇ ਖ਼ਰੀਦ ਯਕੀਨੀ ਬਣਾਈ ਜਾਵੇ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਇਸ ਧੱਕੇ ਨੂੰ ਚੁੱਪਚਾਪ ਬਰਦਾਸ਼ਤ ਨਹੀਂ ਕਰਨਗੇ ਤੇ ਖ਼ੁਦਕੁਸ਼ੀਆਂ ਦੀ ਥਾਂ ਜ਼ੋਰਦਾਰ ਸੰਘਰਸ਼ਾਂ ਰਾਹੀਂ, ਸਰਕਾਰ ਨੂੰ ਇਸ ਦਾ ਠੋਕਵਾਂ ਜਵਾਬ ਦੇਣਗੇ।
ਬੁਢਲਾਡਾ (ਅਮਿਤ ਕੁਮਾਰ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ ਦੀ ਅਗਵਾਈ ਹੇਠ ਅੱਜ ਪਿੰਡ ਅਹਿਮਦਪੁਰ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਆਗੂਆਂ ਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਰਕਾਰ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।
ਤਪਾ ਮੰਡੀ (ਸੀ. ਮਾਰਕੰਡਾ): ਤਾਜੋ ਕੈਂਚੀਆਂ ਲਾਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਕੇਂਦਰੀ ਮੰਤਰੀ ਮੰਡਲ ਵੱਲੋਂ ਪਾਸ ਕੀਤੇ ਜਾ ਰਹੇ ਨਵੇਂ ਖੇਤੀ ਮੰਡੀਕਰਨ ਸੋਧ ਬਿੱਲ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਨੇ ਕਿਹਾ ਕਿ ਇਹ ਬਿੱਲ ਕਿਸਾਨ ਵਿਰੋਧੀ ਹੈ।
ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਸ਼ਹਿਣਾ (ਪ੍ਰਮੋਦ ਸਿੰਗਲਾ): ਖੇਤੀ ਮੰਡੀਕਰਨ ਸਬੰਧੀ ਮੋਦੀ ਸਰਕਾਰ ਦੇ ਫ਼ੈਸਲੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਨੇ ਭੜਾਸ ਕੱਢੀ ਤੇ ਪਿੰਡ ਪੱਖੋ ਕੈਂਚੀਆਂ ਵਿੱਚ ਮੋਦੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਬਲਾਕ ਮੀਤ ਪ੍ਰਧਾਨ ਲਖਵੀਰ ਸਿੰਘ ਦੁੱਲਮਸਰ ਤੇ ਮੀਤ ਪ੍ਰਧਾਨ ਰਾਮ ਸਿੰਘ ਸ਼ਹਿਣਾ ਸਣੇ ਹੋਰਨਾਂ ਆਗੂਆਂ ਨੇ ਪ੍ਰਦਰਸ਼ਨ ਨੂੰ ਸੰਬੋਧਨ ਕੀਤਾ। ਬਲਾਕ ਆਗੂ ਲਖਵੀਰ ਸਿੰਘ ਦੁੱਲਮਸਰ ਨੇ ਕਿਹਾ ਕਿ ਇਹ ਕਾਨੂੰਨ ਵਪਾਰੀਆਂ ਨੂੰ ਲਾਭ ਦੇਣ ਵਾਲਾ ਕਾਨੂੰਨ ਹੈ।