ਕਿਸਾਨਾਂ ਵੱਲੋਂ ਹਰਸਿਮਰਤ ਬਾਦਲ ਦੇ ਦਫ਼ਤਰ ਤੱਕ ਮਾਰਚ
ਸ਼ਗਨ ਕਟਾਰੀਆ
ਬਠਿੰਡਾ, 8 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿੱਚ ਇਕੱਠੇ ਹੋ ਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਤੱਕ ਮਾਰਚ ਕਰਨ ਤੋਂ ਬਾਅਦ ਕਿਸਾਨੀ ਮੰਗਾਂ ਸੰਸਦ ਵਿੱਚ ਚੁੱਕਣ ਲਈ ਮੰਗ ਪੱਤਰ ਦਿੱਤਾ ਗਿਆ। ਸ੍ਰੀਮਤੀ ਬਾਦਲ ਦੀ ਗ਼ੈਰ-ਮੌਜੂਦਗੀ ’ਚ ਇਹ ਪੱਤਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਜੋਗੇਵਾਲਾ ਤੇ ਜਗਸੀਰ ਝੁੰਬਾ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ ਧਨੇਰ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਮੰਦਰ ਸਿੰਘ ਧਾਲੀਵਾਲ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਅਤੇ ਬੀਕੇਯੂ ਮਾਲਵਾ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਨੇ ਮੰਗ ਕੀਤੀ ਕਿ ਕੇਂਦਰ ਵੱਲੋਂ ਕਾਰਪੋਰੇਟਾਂ ਦਾ ਕਬਜ਼ਾ ਕਰਾਉਣ ਲਈ ਲਿਆਂਦੇ ਗਏ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਰੱਦ ਕਰੇ। ਉਨ੍ਹਾਂ ਆਪਣੇ ਮੰਗ ਪੱਤਰ ਵਿੱਚ ਸੰਸਦ ਮੈਂਬਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਦਿੱਲੀ ਮੋਰਚੇ ਤੋਂ ਬਾਅਦ ਕੇਂਦਰ ਸਰਕਾਰ ਨਾਲ ਹੋਏ ਲਿਖ਼ਤੀ ਸਮਝੌਤੇ ਵਿੱਚ ਮੰਨੀਆਂ ਹੋਈਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾਵੇ।