ਫ਼ਤਹਿ ਸਿੰਘ ਵਾਲਾ ’ਚ ਕਿਸਾਨਾਂ ਵੱਲੋਂ ਧਰਨੇ ਲਈ ਲਾਮਬੰਦੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਕ ਫ਼ਤਹਿ ਸਿੰਘ ਵਾਲਾ ਵਿੱਚ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਅਕਤੂਬਰ ਨੂੰ ਬਨਿੰਡਾ ਦੇ ਡੀਸੀ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਵਿਉਂਤਬੰਦੀ ਕੀਤੀ ਗਈ। ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਸਰਕਾਰਾਂ ’ਤੇ ਤੰਜ਼ ਕਸਦਿਆਂ ਕਿਹਾ ਕਿ ਇੱਕ ਪਾਸੇ ਲੋਕ ਹੜਾਂ ਦੀ ਮਾਰ ਝੱਲ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਮਜਬੂਰੀ ਬੱਸ ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਜੇਲ੍ਹਾਂ ’ਚ ਡੱਕਿਆ ਜਾ ਰਿਹਾ ਹੈ। ਸਰਕਾਰ ਦੀ ਇਹ ਕਾਰਵਾਈ ਨਿੰਦਣਯੋਗ ਹੈ। ਔਰਤ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਬਿੰਦੂ ਨੇ ਕਿਹਾ ਕਿ ਹੜ੍ਹ ਹਰ ਸਾਲ ਆਉਂਦੇ ਹਨ, ਪਰ ਸਰਕਾਰਾਂ ਅਗਾਉਂ ਬਚਾਅ ਲਈ ਪ੍ਰਬੰਧ ਨਹੀਂ ਕਰਦੀਆਂ। ਉਨ੍ਹਾਂ ਕਿਹਾ ਕਿ 8 ਅਕਤੂਬਰ ਦੇ ਧਰਨੇ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਤੋਂ ਹੜ ਪੀੜਤਾਂ ਦੇ ਹੋਏ ਹਰ ਨੁਕਸਾਨ ਲਈ ਪੂਰੇ ਮੁਆਵਜ਼ੇ ਅਤੇ ਮੁੜ ਵਸੇਬੇ ਦੇ ਪ੍ਰਬੰਧਾਂ ਦੀ ਮੰਗ ਕੀਤੀ ਜਾਵੇਗੀ।