ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 30 ਜੁਲਾਈ ਨੂੰ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਟਰੈਕਟਰ ਮਾਰਚ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮਾਨਸਾ ਜ਼ਿਲ੍ਹੇ ’ਚ ਬਕਾਇਦਾ ਲਾਮਬੰਦੀ ਆਰੰਭ ਕਰ ਦਿੱਤੀ ਹੈ। ਭਾਕਿਯੂ (ਏਕਤਾ ਡਕੌਂਦਾ) ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਪਿੰਡ ਚੁਕੇਰੀਆਂ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪ ਦੀ ਸਰਕਾਰ ਕਿਸਾਨ, ਮਜ਼ਦੂਰ ਵਿਰੋਧੀ ਸਿੱਧ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟਾਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਦੇਣ ਲਈ ਪੱਬਾਂ ਭਾਰ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣਾ ਹੀ ਫੈਸਲਾ ਕਿ ਜ਼ਮੀਨ ਐਕੁਆਇਰ ਕਰਨ ਸਮੇਂ 70 ਫੀਸਦੀ ਲੋਕਾਂ ਦੀ ਸਹਿਮਤੀ ਨਾਲ ਹੀ ਕੀਤੀ ਜਾਵੇਗੀ, ਨੂੰ ਛਿੱਕੇ ਟੰਗਕੇ ਲੈਂਡ ਅਤੇ ਪੂਲਿੰਗ ਦੀ ਨੀਤੀ ਲਿਆ ਕੇ ਕਿਸਾਨਾਂ ਦਾ ਉਜਾੜਾ ਕਰਨ ਲਈ ਉਤਾਵਲੀ ਹੋਈ ਪਈ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਕਿਸਾਨ ਜ਼ਮੀਨ ਦਾ ਇੱਕ ਖੁੱਡ ਤੱਕ ਪੰਜਾਬ ਸਰਕਾਰ ਨੂੰ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਨੀਤੀ ਖਿਲਾਫ਼ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਗੁਰਚੇਤ ਸਿੰਘ ਚੁਕੇਰੀਆਂ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਦਾਰਾ ਸਿੰਘ, ਕਰਨੈਲ ਸਿੰਘ ਤੇ ਧੋਲਰ ਸਿੰਘ ਆਦਿ ਹਾਜ਼ਰ ਸਨ।
+
Advertisement
Advertisement
Advertisement
Advertisement
×