ਨਵਕਿਰਨ ਸਿੰਘ
ਮਹਿਲ ਕਲਾਂ, 8 ਫਰਵਰੀ
ਸਰਕਾਰ ਵੱਲੋਂ ਕਰੋਨਾ ਵਾਇਰਸ ਕਾਰਨ ਬੰਦ ਕੀਤੇ ਗਏ ਪ੍ਰਾਇਮਰੀ ਸਕੂਲ ਖੁੱਲ੍ਹਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਨੇੜਲੇ ਪਿੰਡਾਂ ਸਹਿਜੜਾ, ਚੁਹਾਣਕੇ ਕਲਾਂ, ਚੁਹਾਣਕੇ ਖੁਰਦ, ਸਹੌਰ ਤੇ ਛੀਨੀਵਾਲ ਕਲਾਂ ਵਿੱਚ ਪ੍ਰਾਇਮਰੀ ਸਕੂਲ ਖੁੱਲ੍ਹਵਾਏ ਅਤੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੀ ਪੜ੍ਹਾਈ ਸ਼ੁਰੂ ਕਰਵਾਈ। ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਬਲਾਕ ਪ੍ਰਧਾਨ ਜਸਪਾਲ ਸਿੰਘ ਸਹਿਜੜਾ ਤੇ ਮਨਜੀਤ ਸਿੰਘ ਸਹਿਜੜਾ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਆੜ ਹੇਠ ਸਕੂਲ ਬੰਦ ਕਰਕੇ ਸਰਕਾਰਾਂ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਕਿਸਾਨਾਂ ਵੱਲੋਂ ਆਪਣੇ ਸੰਘਰਸ਼ ਨੂੰ ਤਿੱਖਾ ਕਰਦਿਆਂ ਸਕੂਲਾਂ ’ਚ ਖੁਦ ਪੜ੍ਹਾਈ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਆਖਿਆ ਕਿ ਪ੍ਰਾਇਮਰੀ ਸਕੂਲਾਂ ਦੇ ਨਰਸਰੀ ਤੋਂ ਪੰਜਵੀਂ ਤੱਕ ਦੇ ਛੋਟੇ ਬੱਚੇ ਆਨਲਾਈਨ ਪੜ੍ਹਾਈ ਕਰ ਹੀ ਨਹੀਂ ਸਕਦੇ ਅਤੇ ਜਦੋਂ ਮੁੱਢਲੀਆਂ ਜਮਾਤਾਂ ਵਿੱਚ ਹੀ ਵਿਦਿਆਰਥੀਆਂ ਦੀ ਨੀਂਹ ਕਮਜ਼ੋਰ ਰਹਿ ਗਈ ਤਾਂ ਉਹ ਪੜ੍ਹਾਈ ਵਿੱਚ ਪਛੜ ਜਾਣਗੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਥੇਬੰਦੀ ਵੱਲੋਂ ਖੁਲ੍ਹਵਾਏ ਸਕੂਲ ਬੰਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸੇ ਦੌਰਾਨ ਪ੍ਰਾਇਮਰੀ ਸਕੂਲ ਖੋਲ੍ਹਣ ਦੀ ਮੰਗ ਲਈ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਤਹਿਸੀਲ ਦਫਤਰ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ।
ਵਿਦਿਅਕ ਅਦਾਰੇ ਖੁੱਲ੍ਹਵਾਉਣ ਲਈ ਧਰਨਾ ਸ਼ੁਰੂ
ਜੈਤੋ (ਸ਼ਗਨ ਕਟਾਰੀਆ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪੱਧਰੀ ਸੱਦੇ ਤਹਿਤ ਵਿਦਿਅਕ ਅਦਾਰੇ ਬੰਦ ਕਰਨ ਦੇ ਵਿਰੋਧ ਵਿੱਚ ਰੋਸ ਹਫ਼ਤੇ ਤਹਿਤ ਬਲਾਕ ਜੈਤੋ ਦੇ ਵਰਕਰਾਂ ਵੱਲੋਂ ਅੱਜ ਐੱਸਡੀਐੱਮ ਦਫਤਰ ਜੈਤੋ ਅੱਗੇ ਤਿੰਨ ਰੋਜ਼ਾ ਪੱਕਾ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਸੰਗਠਨ ਸਕੱਤਰ ਜਸਪ੍ਰੀਤ ਸਿੰਘ ਜੈਤੋ ਤੇ ਹੋਰਨਾਂ ਨੇ ਦੋਸ਼ ਲਾਇਆ ਕਿ ਸਰਕਾਰਾਂ ਨਵੀਆਂ ਆਰਥਿਕ ਨੀਤੀਆਂ ਤਹਿਤ ਸਿੱਖਿਆ ਨੂੰ ਵਪਾਰੀਆਂ ਹੱਥ ਵੇਚ ਕੇ ਬੱਚਿਆਂ ਦਾ ਭਵਿੱਖ ਖਤਮ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਵੋਟਾਂ ਖ਼ਾਤਰ ਪਾਰਟੀਆਂ ਵੱਡੇ ਇਕੱਠ ਕਰ ਰਹੀਆਂ ਹਨ ਅਤੇ ਦੂਜੇ ਪਾਸੇ ਵਿਦਿਅਕ ਅਦਾਰਿਆਂ ਨੂੰ ਕਰੋਨਾ ਦੀ ਆੜ ਹੇਠ ਬੰਦ ਕਰਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦ ਸਕੂਲ/ਕਾਲਜ ਤੁਰੰਤ ਖੋਲ੍ਹੇ ਜਾਣ ਵਰਨਾ ਅੰਦੋਲਨ ਤਿੱਖਾ ਕੀਤਾ ਜਾਵੇਗਾ।