ਫਾਜ਼ਿਲਕਾ ਖੇਤਰ ਵਿੱਚ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤਦੇ ਸਮੇਂ ਭਾਰਤੀ ਕਿਸਾਨ ਯੂਨੀਅਨ (ਏਕਤਾ)- ਉਗਰਾਹਾਂ ਦੀ ਇਕ ਗੱਡੀ ਦਾ 10 ਨਵੰਬਰ ਨੂੰ ਮੁਕਤਸਰ ਲਾਗੇ ਐਕਸੀਡੈਂਟ ਹੋ ਜਾਣ ਕਾਰਨ ਕਿਸਾਨ ਹਰਜੀਤ ਸਿੰਘ ਕੋਟਕਪੂਰਾ ਦੀ ਮੌਤ ਹੋ ਗਈ ਸੀ। ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਕਿਸਾਨ ਆਗੂ ਦੇ ਪਰਿਵਾਰ ਲਈ ਮੁਆਵਜ਼ਾ ਦੇਣ ਲਈ ਮੁਕਤਸਰ ਪ੍ਰਸ਼ਾਸਨ ਨੂੰ 17 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਕੀਤੇ ਐਲਾਨ ਮੁਤਾਬਕ ਬੀਕੇਯੂ (ਏਕਤਾ)- ਉਗਰਾਹਾਂ ਨੇ ਅੱਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਅਣਮਿੱਥੇ ਸਮੇਂ ਦਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਮੋਰਚੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਆਖਿਆ ਕਿ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਬਿਨਾਂ ਮੰਗਿਆਂ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਬਣਦੀ ਸੀ ਪਰ ਹੋ ਇਹ ਰਿਹਾ ਹੈ ਕਿ ਕਿਸਾਨ ਜਥੇਬੰਦੀ ਵੱਲੋਂ ਵਾਰ-ਵਾਰ ਮੰਗ ਕਰਨ ’ਤੇ ਵੀ ਪ੍ਰਸ਼ਾਸਨ ਟਾਲ-ਮਟੋਲ ਕਰ ਰਿਹਾ ਹੈ।
ਇਸ ਮੌਕੇ ਔਰਤ ਵਿੰਗ ਦੀ ਸੂਬਾ ਪ੍ਰਧਾਨ ਹਰਿੰਦਰ ਬਿੰਦੂ ਨੇ ਆਖਿਆ ਕਿ ਹਾਦਸੇ ਦਾ ਸ਼ਿਕਾਰ ਬਣੇ ਕਿਸਾਨ ਆਗੂ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਕਰਜ਼ਾ ਮੁਆਫ਼ੀ ਤੇ ਇੱਕ ਜੀਅ ਨੂੰ ਨੌਕਰੀ ਦੇ ਨਾਲ ਗੰਭੀਰ ਜ਼ਖਮੀ ਦੇ ਮੁਕੰਮਲ ਇਲਾਜ ਲਈ ਸਹਾਇਤਾ ਰਾਸ਼ੀ ਤੋਂ ਆਨਾਕਾਨੀ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਦਾ ਜਿਉਂਦਾ ਜਾਗਦਾ ਸਬੂਤ ਹੈ। ਕਿਸਾਨਾਂ ਵੱਲੋਂ ਲਗਾਇਆ ਗਿਆ ਇਹ ਪੱਕਾ ਮੋਰਚਾ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਇਸ ਮੌਕੇ ਹਰਬੰਸ ਸਿੰਘ ਕੋਟਲੀ, ਗੁਰਭੇਜ ਸਿੰਘ ਰੋਹੀਵਾਲਾ, ਗੁਰਦੇਵ ਸਿੰਘ ਕਿਸ਼ਨਪੁਰਾ, ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ ਸਿੰਘੇਵਾਲਾ, ਨੱਥਾ ਸਿੰਘ ਰੋੜੀਕਪੂਰਾ, ਨਿਰਮਲ ਸਿੰਘ ਜਿਓਣਵਾਲਾ, ਜਗਸੀਰ ਸਿੰਘ ਘੋਲਾ ਅਤੇ ਖੇਤ ਮਜ਼ਦੂਰ ਕਾਲਾ ਸਿੰਘ ਖੁਣਨ ਸਣੇ ਵੱਡੀ ਗਿਣਤੀ ’ਚ ਕਿਸਾਨ-ਮਜ਼ਦੂਰ ਅਤੇ ਔਰਤਾਂ ਸ਼ਾਮਲ ਸਨ।

